- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਤਿਗੁਰ ਸਿੰਘ ਬਾਗੜ ਦੇ ਘਰ ਪਹੁੰਚੇ ਸੁਖਬੀਰ ਬਾਦਲ

ਹਰਜੀਤ ਸਿੰਘ, ਪੰਜਾਬੀ ਜਾਗਰਣ,
ਖਨੌਰੀ : ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਸਤਿਗੁਰ ਸਿੰਘ ਬਾਗੜ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਚਾਹ ਮਿਲਣੀ ਉਸ ਸਮੇਂ ਵਿਸ਼ਾਲ ਇਕੱਠ ਦਾ ਰੂਪ ਧਾਰ ਗਈ, ਜਦੋਂ ਹਲਕਾ ਲਹਿਰਾ ਦੇ 72 ਪਿੰਡਾਂ ਤੋਂ ਪਾਰਟੀ ਦੇ ਚੁਣਵੇਂ ਆਗੂਆਂ, ਵਰਕਰਾਂ ਅਤੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਕੱਠ ਵਿੱਚ ਪਹੁੰਚੇ ਲੋਕਾਂ ਦਾ ਉਤਸ਼ਾਹ ਅਤੇ ਵੱਡੀ ਗਿਣਤੀ ਦੇਖ ਕੇ ਸੁਖਬੀਰ ਸਿੰਘ ਬਾਦਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਪੰਜਾਬ ਬਚਾਓ’ ਮੁਹਿੰਮ ਤਹਿਤ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਣੇ ਜਾ ਰਹੇ ਹਨ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਘੁੰਮਣ ਦੇ ਘਰ ਸੀਆਈਡੀ ਦੀ ਰੇਡ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਕਲੀਨ ਚਿੱਟ ਮਿਲਣ ਦੀ ਗੱਲ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਥਾਂ ਰੇਡ ਪੈਣ ਨਾਲ ਕਲੀਨ ਚਿੱਟ ਨਹੀਂ ਮਿਲਦੀ ਅਤੇ ਇਸ ਮਾਮਲੇ ਵਿੱਚ ਸਥਿਤੀ ਸਪੱਸ਼ਟ ਹੋਣੀ ਚਾਹੀਦੀ ਹੈ।
ਖੇਤੀਬਾੜੀ ਨਾਲ ਸਬੰਧਤ ਮੁੱਦਾ ਉਠਾਉਂਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਖੇਤਾਂ ਲਈ ਬਿਜਲੀ ਦੇ ਕਰੀਬ 15 ਹਜ਼ਾਰ ਕੁਨੈਕਸ਼ਨ ਹਨ, ਜਿਨ੍ਹਾਂ ਵਿੱਚੋਂ ਲਗਭਗ 13,500 ਕੁਨੈਕਸ਼ਨ ਅਕਾਲੀ ਦਲ ਦੀ ਸਰਕਾਰ ਸਮੇਂ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਅਤੇ ਸੂਬੇ ਦੇ ਮੁੱਦਿਆਂ ਦੀ ਬਿਹਤਰ ਪੈਰਵੀ ਇੱਕ ਖੇਤਰੀ ਪਾਰਟੀ ਹੀ ਕਰ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀਆਂ ਸਮੱਸਿਆਵਾਂ ਨੂੰ ਪੰਜਾਬ ਦੇ ਨਜ਼ਰੀਏ ਤੋਂ ਸਮਝਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਦੋਂ ਵੀ ਭਾਸ਼ਣ ਦਿੰਦੇ ਹਨ ਤਾਂ ਉਨ੍ਹਾਂ ਦੇ ਨਿਸ਼ਾਨੇ ’ਤੇ ਅਕਸਰ ਸੁਖਬੀਰ ਬਾਦਲ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ, ਨੌਜਵਾਨਾਂ ਦੀ ਬੇਰੁਜ਼ਗਾਰੀ ਅਤੇ ਹੋਰ ਸਮੱਸਿਆਵਾਂ ਬਾਰੇ ਸਰਕਾਰ ਵੱਲੋਂ ਗੰਭੀਰ ਚਰਚਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਸਰਕਾਰ ਵੱਲੋਂ ਨੌਜਵਾਨਾਂ ਅਤੇ ਬੇਰੁਜ਼ਗਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ’ਤੇ ਸਖ਼ਤੀ ਕੀਤੀ ਜਾ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿਆਰ ਕੀਤਾ ਜਾਣ ਵਾਲਾ ‘ਜਨਤਾ ਮਨੋਰਥ ਪੱਤਰ’ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਆਧਾਰਿਤ ਹੋਵੇਗਾ। ਉਨ੍ਹਾਂ ਕਿਹਾ ਕਿ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਦਾ ਦਰਜਾ ਮਿਲਣਾ ਚਾਹੀਦਾ ਹੈ, ਤਾਂ ਜੋ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਪ੍ਰਤੀ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਕਾਲੀ ਦਲ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਹੋਵੇਗਾ।