ਧੂਰੀ 'ਚ ਦਹਿਸ਼ਤ: ਸਵਰਨਕਾਰ ਐਸੋਸੀਏਸ਼ਨ ਦੇ ਪ੍ਰਧਾਨ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੀਸੀਟੀਵੀ ਫੁਟੇਜ ਆਈ ਸਾਹਮਣੇ
ਜਦੋਂ ਉਹ ਤੁਰੰਤ ਬਾਹਰ ਨਿਕਲੇ ਤਾਂ ਦੇਖਿਆ ਕਿ ਮੁੱਖ ਗੇਟ, ਪੋਰਚ ਅਤੇ ਉੱਥੇ ਖੜ੍ਹੀ ਕਾਰ ਨੂੰ ਅੱਗ ਲੱਗੀ ਹੋਈ ਸੀ। ਉਨ੍ਹਾਂ ਨੇ ਗੁਆਂਢੀਆਂ ਦੀ ਮਦਦ ਨਾਲ ਤੁਰੰਤ ਅੱਗ 'ਤੇ ਕਾਬੂ ਪਾਇਆ, ਜਿਸ ਨਾਲ ਵੱਡਾ ਜਾਨੀ-ਮਾਲੀ ਨੁਕਸਾਨ ਹੋਣੋਂ ਬਚ ਗਿਆ।
Publish Date: Tue, 21 Apr 2026 04:25 PM (IST)
Updated Date: Tue, 21 Apr 2026 04:27 PM (IST)
ਜਾਸ, ਸੰਗਰੂਰ: ਸਥਾਨਕ ਸ਼ਹਿਰ ਦੇ ਸ਼ਿਵਪੁਰੀ ਮੁਹੱਲੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬੀਤੀ ਦੇਰ ਰਾਤ ਸਵਰਨਕਾਰ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਅਤੇ ਸੁਨਿਆਰ ਦਰਸ਼ਨ ਸਿੰਘ ਖੁਰਮੀ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ ਗਿਆ। ਇਸ ਅਚਾਨਕ ਹੋਏ ਹਮਲੇ ਕਾਰਨ ਘਰ ਦੇ ਬਾਹਰਲੇ ਹਿੱਸੇ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਪ੍ਰਧਾਨ ਦਰਸ਼ਨ ਖੁਰਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਪਰਿਵਾਰ ਸਮੇਤ ਘਰ ਦੇ ਅੰਦਰ ਸੌਂ ਰਹੇ ਸਨ, ਤਦ ਰਾਤ ਕਰੀਬ 10:53 ਵਜੇ ਪੋਰਚ ਵਿੱਚ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਤੁਰੰਤ ਬਾਹਰ ਨਿਕਲੇ ਤਾਂ ਦੇਖਿਆ ਕਿ ਮੁੱਖ ਗੇਟ, ਪੋਰਚ ਅਤੇ ਉੱਥੇ ਖੜ੍ਹੀ ਕਾਰ ਨੂੰ ਅੱਗ ਲੱਗੀ ਹੋਈ ਸੀ। ਉਨ੍ਹਾਂ ਨੇ ਗੁਆਂਢੀਆਂ ਦੀ ਮਦਦ ਨਾਲ ਤੁਰੰਤ ਅੱਗ 'ਤੇ ਕਾਬੂ ਪਾਇਆ, ਜਿਸ ਨਾਲ ਵੱਡਾ ਜਾਨੀ-ਮਾਲੀ ਨੁਕਸਾਨ ਹੋਣੋਂ ਬਚ ਗਿਆ।
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਇੱਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਿੰਨ ਨੌਜਵਾਨ ਆਏ। ਉਨ੍ਹਾਂ ਵਿੱਚੋਂ ਇੱਕ ਨੌਜਵਾਨ ਨੇ ਪੈਟਰੋਲ ਨਾਲ ਭਰੀ ਬੋਤਲ ਨੂੰ ਅੱਗ ਲਗਾ ਕੇ ਬੇਖ਼ੌਫ਼ ਹੋ ਕੇ ਘਰ ਦੇ ਅੰਦਰ ਸੁੱਟ ਦਿੱਤਾ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਧੂਰੀ ਗੁਰਪ੍ਰੀਤ ਸਿੰਘ ਅਤੇ ਥਾਣਾ ਸਿਟੀ ਧੂਰੀ ਦੇ ਇੰਚਾਰਜ ਇੰਸਪੈਕਟਰ ਜਸਵੀਰ ਸਿੰਘ ਤੂਰ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਹਮਲੇ ਦੇ ਪਿੱਛੇ ਕੀ ਕਾਰਨ ਹਨ, ਇਹ ਅਜੇ ਰਹੱਸ ਬਣਿਆ ਹੋਇਆ ਹੈ, ਪਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।