- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਰੋਕੂ ਕਮੇਟੀਆਂ ਦੀ ਮੁਹਿੰਮ ਪਿੰਡ-ਪਿੰਡ ਫੈਲੀ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ/ਸ਼ੇਰਪੁਰ : ਨਸ਼ਿਆਂ ਖ਼ਿਲਾਫ਼ ਸ਼ੇਰਪੁਰ ਖੇੜੀ ਕਲਾਂ ਤੋਂ ਸ਼ੁਰੂ ਹੋਈ ਮੁਹਿੰਮ ਹੁਣ ਆਸ-ਪਾਸ ਦੇ ਪਿੰਡਾਂ ਤੱਕ ਪਹੁੰਚਣ ਲੱਗੀ ਹੈ। ਨਸ਼ਾ ਰੋਕੂ ਕਮੇਟੀ ਸ਼ੇਰਪੁਰ ਖੇੜੀ ਕਲਾਂ ਦੀ ਅਗਵਾਈ ਹੇਠ ਨੌਜਵਾਨਾਂ ਨੇ ਪਿੰਡ-ਪਿੰਡ ਨਸ਼ਾ ਰੋਕੂ ਕਮੇਟੀਆਂ ਗਠਿਤ ਕਰਨ ਦਾ ਬੀੜਾ ਚੁੱਕਿਆ ਹੈ। ਕਮੇਟੀ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਇਲਾਕੇ ਵਿੱਚ ਚਰਚਾ ਹੈ ਅਤੇ ਵੱਖ-ਵੱਖ ਪਿੰਡਾਂ ਦੇ ਲੋਕ ਵੀ ਇਸ ਮੁਹਿੰਮ ਨਾਲ ਜੁੜ ਰਹੇ ਹਨ।
ਨਸ਼ਾ ਰੋਕੂ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਬਿੰਦਾ ਖੇੜੀ ਕਲਾਂ ਅਤੇ ਗੋਪੀ ਗਰੇਵਾਲ ਸ਼ੇਰਪੁਰ ਦੀ ਅਗਵਾਈ ਹੇਠ ਨੌਜਵਾਨਾਂ ਵੱਲੋਂ 23 ਅਗਸਤ 2023 ਨੂੰ ਸ਼ੇਰਪੁਰ ਵਿੱਚ ਦਿਨ-ਰਾਤ ਪੱਕੇ ਮੋਰਚੇ ਲਾ ਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਗਈ ਸੀ। ਕਮੇਟੀ ਆਗੂਆਂ ਦਾ ਕਹਿਣਾ ਹੈ ਕਿ ਸ਼ੇਰਪੁਰ ਵਿੱਚ ਨਸ਼ਿਆਂ ਦੀ ਸਮੱਸਿਆ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋਏ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਮਾਜਕ ਪੱਧਰ ’ਤੇ ਲਗਾਤਾਰ ਯਤਨਾਂ ਦੀ ਲੋੜ ਹੈ।
ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਕਮੇਟੀ ਵੱਲੋਂ ਸ਼ੇਰਪੁਰ ਇਲਾਕੇ ਦੇ ਪਿੰਡਾਂ ਰਾਮਨਗਰ ਛੰਨਾ, ਕਾਤਰੋਂ, ਹਥਨ, ਪੰਜਗਰਾਈਆਂ, ਅਲਾਲ ਆਦਿ ਵਿੱਚ ਨਸ਼ਿਆਂ ਵਿਰੁੱਧ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਪੰਚਾਇਤਾਂ ਵੀ ਲੈ ਰਹੀਆਂ ਸਾਂਝੇ ਫ਼ੈਸਲੇ
ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਕਈ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵੀ ਅੱਗੇ ਆਈਆਂ ਹਨ। ਕਮੇਟੀ ਆਗੂਆਂ ਅਨੁਸਾਰ ਕੁਝ ਪੰਚਾਇਤਾਂ ਵੱਲੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਕਿਸੇ ਵੀ ਤਰ੍ਹਾਂ ਦੀ ਹਮਾਇਤ ਨਾ ਕਰਨ ਅਤੇ ਉਨ੍ਹਾਂ ਦੀ ਜ਼ਮਾਨਤ ਆਦਿ ਸਬੰਧੀ ਫ਼ੈਸਲੇ ਨਾ ਲੈਣ ਦੇ ਮਤੇ ਪਾਸ ਕੀਤੇ ਗਏ ਹਨ।
ਕਮੇਟੀ ਆਗੂ ਬਲਵਿੰਦਰ ਸਿੰਘ ਬਿੰਦਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇੱਕ ਪਿੰਡ ਜਾਂ ਇੱਕ ਪਰਿਵਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਲਈ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ ਦੀਆਂ ਸੰਸਥਾਵਾਂ, ਗ੍ਰਾਮ ਪੰਚਾਇਤਾਂ ਅਤੇ ਨੌਜਵਾਨ ਮਿਲ ਕੇ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਨਿਗਰਾਨੀ ਦੀ ਜ਼ਿੰਮੇਵਾਰੀ ਨਿਭਾਉਣ ਤਾਂ ਇਸ ਸਮਾਜਿਕ ਬੁਰਾਈ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਹੁਣ ਤੱਕ ਨਸ਼ੇ ਦੀ ਲਤ ਨਾਲ ਜੂਝ ਰਹੇ ਕਈ ਨੌਜਵਾਨਾਂ ਦੇ ਇਲਾਜ ਲਈ ਯਤਨ ਕੀਤੇ ਗਏ ਹਨ। ਇਸ ਦੇ ਨਾਲ ਹੀ ਪਿੰਡਾਂ ਦੀਆਂ ਸਰਕਾਰੀ ਇਮਾਰਤਾਂ ਅਤੇ ਸ਼ਮਸ਼ਾਨਘਾਟਾਂ ਆਦਿ ਵਿੱਚ ਨਸ਼ਾ ਕਰਦੇ ਨੌਜਵਾਨਾਂ ਨੂੰ ਨਸ਼ਾ ਛੱਡਣ ਅਤੇ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਕਮੇਟੀ ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਪੁਲਿਸ ਜਾਂ ਸਰਕਾਰ ਦੀ ਜ਼ਿੰਮੇਵਾਰੀ ਸਮਝਣ ਦੀ ਬਜਾਏ ਸਮਾਜ ਦੇ ਹਰ ਵਰਗ ਨੂੰ ਆਪਣੀ ਭੂਮਿਕਾ ਨਿਭਾਉਣੀ ਪਵੇਗੀ।