- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਕਾਲਾਬੂਲਾ ਦੀ ਖਸਤਾ ਹਾਲ ਮੁੱਖ ਸੜਕ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਪਿੰਡ ਕਾਲਾਬੂਲਾ ਦੀ ਮੁੱਖ ਸੜਕ ਦੀ ਖਸਤਾ ਹਾਲਤ ਕਾਰਨ ਰਾਹਗੀਰਾਂ ਅਤੇ ਪਿੰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਦੇ ਵਿਚਕਾਰ ਪਏ ਡੂੰਘੇ ਟੋਏ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਥੋੜ੍ਹੀ ਜਿਹੀ ਬਾਰਿਸ਼ ਹੋਣ ’ਤੇ ਇਨ੍ਹਾਂ ਟੋਇਆਂ ਵਿੱਚ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਰਾਹਗੀਰਾਂ ਨੂੰ ਟੋਇਆਂ ਦੀ ਡੂੰਘਾਈ ਦਾ ਅੰਦਾਜ਼ਾ ਨਹੀਂ ਲੱਗਦਾ ਅਤੇ ਆਵਾਜਾਈ ਕਰਨੀ ਜ਼ੋਖ਼ਮ ਭਰੀ ਹੋ ਜਾਂਦੀ ਹੈ।
ਪੰਚਾਇਤ ਮੈਂਬਰ ਮਨਦੀਪ ਸਿੰਘ ਬਿੰਨੜ, ਸ੍ਰੀ ਗੁਰੂ ਰਵਿਦਾਸ ਸਪੋਰਟਸ ਕਲੱਬ ਦੇ ਪ੍ਰਧਾਨ ਵਜ਼ੀਰ ਸਿੰਘ, ਨਰਿੰਦਰ ਸਿੰਘ ਕਾਲਾਬੂਲਾ, ਨੌਜਵਾਨ ਆਗੂ ਲਖਵਿੰਦਰ ਸਿੰਘ ਲੱਖਾ ਅਤੇ ਸੰਦੀਪ ਸਿੰਘ ਹੇਅਰ ਨੇ ਦੱਸਿਆ ਕਿ ਇਸ ਸੜਕ ਨੂੰ ਬਣਿਆਂ ਲੰਮਾ ਸਮਾਂ ਬੀਤ ਚੁੱਕਾ ਹੈ, ਪਰ ਇਸ ਦੀ ਮੁਰੰਮਤ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਬਾਬਾ ਸਿੱਧ ਦੇ ਧਾਰਮਿਕ ਸਥਾਨ ਨੇੜੇ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਅਤੇ ਵੱਡੇ-ਵੱਡੇ ਟੋਏ ਬਣੇ ਹੋਏ ਹਨ।
ਉਨ੍ਹਾਂ ਦੱਸਿਆ ਕਿ ਸੜਕ ਦੀ ਮਾੜੀ ਹਾਲਤ ਨੂੰ ਦੇਖਦਿਆਂ ਆਲੇ-ਦੁਆਲੇ ਦੇ ਲੋਕ ਕਈ ਵਾਰ ਆਪਣੇ ਪੱਧਰ ’ਤੇ ਮਿੱਟੀ ਪਾ ਕੇ ਟੋਏ ਭਰ ਚੁੱਕੇ ਹਨ, ਪਰ ਮੀਂਹ ਪੈਣ ਨਾਲ ਇਹ ਆਰਜ਼ੀ ਪ੍ਰਬੰਧ ਵੀ ਬੇਅਸਰ ਹੋ ਜਾਂਦਾ ਹੈ ਅਤੇ ਟੋਏ ਮੁੜ ਪਾਣੀ ਨਾਲ ਭਰ ਜਾਂਦੇ ਹਨ। ਇਸ ਕਾਰਨ ਰੋਜ਼ਾਨਾ ਲੰਘਣ ਵਾਲੇ ਲੋਕਾਂ ਦੇ ਨਾਲ-ਨਾਲ ਸਕੂਲੀ ਬੱਚਿਆਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੜਕ ’ਤੇ ਛੋਟੇ-ਮੋਟੇ ਹਾਦਸੇ ਵੀ ਵਾਪਰ ਚੁੱਕੇ ਹਨ, ਜਿਸ ਕਾਰਨ ਕਿਸੇ ਵੱਡੇ ਹਾਦਸੇ ਦਾ ਖ਼ਦਸ਼ਾ ਬਣਿਆ ਹੋਇਆ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ 18 ਫੁੱਟ ਚੌੜਾ ਬਣਾਉਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਕਾਲਾਬੂਲਾ ਦੀ ਇਸ ਮੁੱਖ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਲੋਕਾਂ ਨੂੰ ਮੁੱਢਲੀ ਸਹੂਲਤ ਲਈ ਵੀ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕ ਨੂੰ ਬਣਿਆਂ ਪੰਜ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਇਸ ਦੀ ਖਸਤਾ ਹਾਲਤ ਵੱਲ ਧਿਆਨ ਨਹੀਂ ਦਿੱਤਾ ਗਿਆ।
ਪਿੰਡ ਵਾਸੀਆਂ ਅਤੇ ਆਗੂਆਂ ਨੇ ਸਬੰਧਤ ਵਿਭਾਗ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੜਕ ਦੀ ਮੌਜੂਦਾ ਹਾਲਤ ਦਾ ਤੁਰੰਤ ਜਾਇਜ਼ਾ ਲੈ ਕੇ ਇਸ ਦੀ ਪੱਕੇ ਤੌਰ ’ਤੇ ਮੁਰੰਮਤ ਕਰਵਾਈ ਜਾਵੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਸਮੇਂ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ ਅਤੇ ਸੰਭਾਵੀ ਹਾਦਸਿਆਂ ਨੂੰ ਰੋਕਿਆ ਜਾ ਸਕੇ।