
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਸਾਨਾਂ ਦਾ ਡੀਸੀ ਦਫਤਰ ਅੱਗੇ ਪੱਕਾ ਮੋਰਚਾ ਦੂਜੇ ਦਿਨ ਵੀ ਰਿਹਾ ਜਾਰੀ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਵਿੱਚ ਡੀਸੀ ਦਫਤਰ ਮੂਹਰੇ ਲਾਇਆ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਨੇ ਨਾਅਰੇਬਾਜੀ ਕੀਤੀ।
ਮੋਰਚੇ ਦੇ ਦੂਜੇ ਦਿਨ ਸਟੇਜ ਤੋਂ ਜਥੇਬੰਦੀ ਨੇ ਮਤਾ ਪਾਸ ਕੀਤਾ ਕਿ ਪਿਛਲੇ ਦਿਨੀ ਤਲਵੰਡੀ ਸਲੇਮ ਵਿਖੇ ਬਣੀ ਪਾਸ ਹੰਸ ਰਾਜ ਯਾਦਗਰ ਤੇ ਗੁੱਝੇ ਢੰਗ ਨਾਲ ਸਰਕਾਰ ਦੀ ਸ਼ਹਿ ਤੇ ਪਿੰਡ ਦੇ ਸਰਪੰਚ ਰਾਹੀ ਜੋ ਕਬਜ਼ਾ ਕਰਨ ਦਾ ਕੋਝਾ ਯਤਨ ਕੀਤਾ ਗਿਆ ਇਸ ਘਿਨੌਉਣੀ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ ਮੰਗ ਕੀਤੀ ਕਿ ਸਰਕਾਰ ਇਸ ਯਾਦਗਾਰ ਨੂੰ ਸ਼ਹੀਦੀ ਯਾਦਗਾਰ ਦਾ ਦਰਜਾ ਦੇਵੇ ਅਤੇ ਨਾਲ ਹੀ ਮਤੇ ਵਿੱਚ ਨੌ ਸਤੰਬਰ ਨੂੰ ਇਨਕਲਾਬੀ ਕਵੀ ਪਾਸ ਦੇ ਜਨਮ ਦਿਹਾੜੇ ਤੇ ਕੀਤੇ ਜਾ ਰਹੇ ਇਕੱਠ ਦੇ ਵਿੱਚ ਜ਼ੋਰ ਨਾਲ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਕਿਹਾ ਕਿ ਦੇਸ਼ ਦੇ ਹਾਕਮ ਸਾਮਰਾਜ ਮੁਲਕਾਂ ਦੇ ਦਬਾਅ ਤਹਿਤ ਉਹਨਾਂ ਦੀਆਂ ਨੀਤੀਆਂ ਲਾਗੂ ਕਰਕੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ, (ਸਿਹਤ ਸਿੱਖਿਆ, ਰੇਲਵੇ ਤੇ ਹੋਰ ਆਵਾਜਾਈ ਦੇ ਅਦਾਰੇ ) ਆਦਿ ਜਨਤਕ ਅਦਾਰਿਆਂ ਸਮੇਤ ਦੇਸ਼ ਦੇ ਮਾਲ ਖ਼ਜ਼ਾਨੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਲਈ ਨਿਤ ਨਵੇਂ ਕਾਨੂੰਨ ਘੜ ਰਹੀਆਂ ਹਨ ਅਤੇ ਇਨ੍ਹਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਦੇਸ਼ ਦੇ ਲੋਕਾਂ ਤੇ ਜਬਰ ਢਾਹਿਆ ਜਾ ਰਿਹਾ ਹੈ। ਦੇਸ਼ ਦੇ ਲੋਕਾਂ ਨੂੰ ਸੁਖ ਸਹੂਲਤਾਂ ਦੇਣ ਦੀ ਬਜਾਏ ਉਨ੍ਹਾਂ ਦੀਆਂ ਘਰੇਲੂ, ਖੇਤੀ ਤੇ ਹੋਰ ਨਿੱਤ ਵਰਤੋਂ ਦੀਆਂ ਵਸਤਾਂ ਤੇ ਟੈਕਸ ਲਾ ਕੇ ਮਹਿੰਗਾਈ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਸਿਰ ਕਰਜੇ ਵੱਧ ਰਹੇ ਹਨ ਪਰ ਵੱਡੀਆਂ ਕੰਪਨੀਆਂ ਦੇ ਕਰਜ਼ੇ ਵੱਟੇ ਖਾਤੇ ਪਾਏ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਵਾਰਤਾ ਰੱਦ ਕੀਤਾ ਜਾਵੇ। ਸਭਨਾਂ ਸਾਮਰਾਜੀ ਮੁਲਕਾਂ ਨਾਲ ਕੀਤੇ ਹੋਏ ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ,ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦੀ ਵਿਉਂਤ ਰੱਦ ਕੀਤੀ ਜਾਵੇ,ਆਬਾਦਕਾਰਾਂ, ਸਾਬਕਾ ਮੁਜਾਰੇ ਕਿਸਾਨਾਂ ਸਮੇਤ ਦਹਾਕਿਆਂ ਤੋਂ ਕਾਸ਼ਤਕਾਰ ਤੁਰੇ ਆ ਰਹੇ ਕਿਸਾਨਾਂ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤਾ ਜਾਵੇ, ਕਿਸਾਨਾਂ, ਖੇਤ ਮਜ਼ਦੂਰਾਂ ਤੇ ਹੋਰਨਾਂ ਦਿਹਾੜੀਦਾਰ ਕਿਰਤੀਆਂ ਦੇ ਸਾਰੇ ਕਰਜ਼ੇ ਖਤਮ ਕੀਤੇ ਜਾਣ। ਖੁਦਕੁਸ਼ੀ ਪੀੜਿਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ ਸਮੇਤ ਹੋਰਨਾਂ ਮੰਗਾਂ ਨੂੰ ਪੂਰਾ ਕੀਤਾ ਜਾਵੇ।
ਇਸ ਮੌਕੇ ਦਰਸ਼ਨ ਸਿੰਘ ਚੰਗਾਲੀ ਵਾਲਾ, ਜਸਵੰਤ ਸਿੰਘ ਤੋਲਾਵਾਲ, ਹਰਜੀਤ ਸਿੰਘ ਮਹਿਲਾਂ, ਹਰਜਿੰਦਰ ਸਿੰਘ ਘਰਾਚੋਂ, ਗੁਰਪ੍ਰੀਤ ਸਿੰਘ ਸੰਗਤਪੁਰਾ, ਸੁਖਵਿੰਦਰ ਸਿੰਘ ਢਿੱਲਵਾਂ, ਬਲਵਿੰਦਰ ਸਿੰਘ ਮਨਿਆਣਾ, ਮਨਜੀਤ ਸਿੰਘ ਜਹਾਂਗੀਰ, ਚਮਕੌਰ ਸਿੰਘ ਲੱਡੀ, ਕਰਮਜੀਤ ਕੌਰ ਭਿੰਡਰਾਂ, ਰਣਦੀਪ ਕੌਰ ਰਟੋਲਾ ਮੌਜੂਦ ਸਨ।