- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਈ ਪੱਕਾ ਮੋਰਚਾ 14ਵੇਂ ਦਿਨ ਵੀ ਜਾਰੀ

ਸੱਤਪਾਲ ਸਿੰਘ ਕਾਲਾਬੂਲਾ/ਲਾਡੇਵਾਲ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਵਿਖੇ ਲਾਇਆ ਪੱਕਾ ਮੋਰਚਾ 14ਵੇਂ ਦਿਨ ਵੀ ਜਾਰੀ ਰਿਹਾ।
ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਦੱਸਿਆ ਕਿ 12 ਸਤੰਬਰ ਨੂੰ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ, ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰਾਂ ਦਾ ਘਿਰਾਓ ਕਰਕੇ ਮੰਗ ਪੱਤਰ ਸੌਂਪੇ ਗਏ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਾਲੇ ਦਿਨ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ।
ਆਗੂ ਸਰਬਜੀਤ ਸਿੰਘ ਭੁਰਥਲਾ ਨੇ ਲੈਂਡ ਪੂਲਿੰਗ ਨੀਤੀ ਰੱਦ ਕਰਨ, ਮਾਲੇਰਕੋਟਲਾ ਜ਼ਿਲ੍ਹੇ ਵਿੱਚ ਡਰੋਨਾਂ ਅਤੇ ਨਿੱਜੀ ਕੰਪਨੀਆਂ ਰਾਹੀਂ ਕੀਤੇ ਜਾ ਰਹੇ ਜ਼ਮੀਨੀ ਸਰਵੇ ਬੰਦ ਕਰਨ, ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ, ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਅਤੇ ਕਿਸਾਨ ਅੰਦੋਲਨ ਤੇ ਪਰਾਲੀ ਨਾਲ ਸਬੰਧਤ ਪੁਲਿਸ ਕੇਸ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਆਬਾਦਕਾਰਾਂ ਨੂੰ ਜ਼ਮੀਨਾਂ ਦੀ ਮਾਲਕੀ ਦੇਣ ਅਤੇ ਕਿਸਾਨ-ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਣਾਉਣ ਦੀ ਮੰਗ ਵੀ ਉਠਾਈ।
ਇਸ ਮੌਕੇ ਸਰਬਜੀਤ ਸਿੰਘ ਭੁਰਥਲਾ, ਰਾਜਿੰਦਰ ਸਿੰਘ ਭੋਗੀਵਾਲ, ਰਾਵਿੰਦਰ ਸਿੰਘ ਕਾਸਮਪੁਰ, ਨਿਰਮਲ ਸਿੰਘ ਅਲੀਪੁਰ, ਮੇਲਾ ਸਿੰਘ ਮਾਣਕ ਮਾਜਰਾ, ਅਵਤਾਰ ਸਿੰਘ ਦਰੋਗੇਵਾਲ, ਧੌਲ ਸਿੰਘ ਅਮਰਗੜ੍ਹ, ਸ਼ਿਵ ਕੁਮਾਰ ਅਮਰਗੜ੍ਹ, ਕਰਨੈਲ ਸਿੰਘ ਭੂਦਨ, ਜਰਨੈਲ ਸਿੰਘ ਭੈਣੀ, ਮਹਿੰਦਰ ਸਿੰਘ ਭਰਥਲਾ ਅਤੇ ਗੁਰਮੀਤ ਕੌਰ ਕੁਠਾਲਾ ਹਾਜ਼ਰ ਸਨ।