- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵਿਕਾਸ ਦੀਆਂ ਗੱਲਾਂ ਕਰਕੇ ਲੋਕਾਂ ਨੂੰ ਕਰ ਰਹੀ ਹੈ ਗੁੰਮਰਾਹ : ਦਰਸ਼ਨ ਨੈਣੇਵਾਲ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਤੋਂ ਬਿਲਕੁਲ ਵੱਖਰੀ ਹੈ। ਸਰਕਾਰ ਵੱਲੋਂ ਹਰ ਰੋਜ਼ ਵਿਕਾਸ ਕਾਰਜਾਂ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਪਰ ਸੂਬੇ ਦੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਲਈ ਜੂਝ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਪ੍ਰਧਾਨ ਕਿਸਾਨ ਵਿੰਗ ਦਰਸ਼ਨ ਸਿੰਘ ਨੈਣੇਵਾਲ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸੜਕਾਂ, ਸਿਹਤ ਸੇਵਾਵਾਂ, ਸਿੱਖਿਆ, ਸਫ਼ਾਈ ਤੇ ਰੁਜ਼ਗਾਰ ਵਰਗੇ ਅਹਿਮ ਮੁੱਦਿਆਂ ਵੱਲ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਨੌਜਵਾਨ ਰੁਜ਼ਗਾਰ ਦੀ ਭਾਲ ’ਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋ ਰਹੇ ਹਨ ਤੇ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਸਰਕਾਰ ਇਸ਼ਤਿਹਾਰਬਾਜ਼ੀ ਤੇ ਬਿਆਨਬਾਜ਼ੀ ਰਾਹੀਂ ਆਪਣੀਆਂ ਪ੍ਰਾਪਤੀਆਂ ਗਿਣਾਉਣ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਅਸਲ ਵਿਕਾਸ ਸਿਰਫ਼ ਭਾਸ਼ਣਾਂ ਤੇ ਇਸ਼ਤਿਹਾਰਾਂ ਨਾਲ ਨਹੀਂ ਹੁੰਦਾ, ਸਗੋਂ ਲੋਕਾਂ ਨੂੰ ਸਹੂਲਤਾਂ ਦੇਣ, ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਨਾਲ ਹੁੰਦਾ ਹੈ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਆਪਣੇ ਚੋਣ ਵਾਅਦਿਆਂ ਦਾ ਹਿਸਾਬ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰ ਰਹੇ ਹਨ ਤੇ ਆਉਣ ਵਾਲੇ ਸਮੇਂ ’ਚ ਲੋਕ ਸਰਕਾਰ ਨੂੰ ਉਸ ਦੇ ਕੰਮਾਂ ਦਾ ਜਵਾਬ ਦੇਣਗੇ।