- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਰਾਂ ਨੇ ਸਦਰ ਬਜ਼ਾਰ ‘ਚ ਦੋ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਸਦਰ ਬਾਜ਼ਾਰ ’ਚ ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੇ ਇੱਕ ਹੀ ਰਾਤ ਵਿੱਚ 2 ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਲਗਭਗ 40 ਤੋਂ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਵਾਰਦਾਤ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ’ਚ ਡਰ ਤੇ ਚਿੰਤਾ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਵਰਾਇਟੀ ਸਟੋਰ ਦੇ ਮਾਲਕ ਤਰਲੋਕ ਚੰਦ ਭੈਣੀ ਵਾਲੇ ਨੇ ਦੱਸਿਆ ਕਿ ਜਦੋਂ ਉਹ ਸਵੇਰੇ 9 ਵਜੇ ਆਪਣੀ ਦੁਕਾਨ ’ਤੇ ਪਹੁੰਚੇ ਤਾਂ ਅੰਦਰ ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰ ਇਮਾਰਤ ਦੇ ਪਿਛਲੇ ਪਾਸੇ ਤੋਂ ਉੱਪਰਲੀ ਮੰਜ਼ਿਲ ’ਤੇ ਚੜ੍ਹ ਕੇ ਅੰਦਰ ਦਾਖ਼ਲ ਹੋਏ। ਉਨ੍ਹਾਂ ਨੇ ਦਰਵਾਜ਼ਾ ਖੋਲ੍ਹਣ ਤੋਂ ਬਾਅਦ ਮੁੱਖ ਗੇਟ ਦੀ ਪੱਟੀ ਤੋੜ ਕੇ ਦੁਕਾਨ ਦੇ ਗੱਲੇ ’ਚ ਪਈ ਕਰੀਬ 40 ਤੋਂ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸੇ ਦੌਰਾਨ ਚੋਰਾਂ ਨੇ ਨਾਲ ਲੱਗਦੀ ਕੱਪੜਿਆਂ ਦੀ ਦੁਕਾਨ ਨੂੰ ਵੀ ਆਪਣਾ ਨਿਸ਼ਾਨਾ ਬਣਾਇਆ। ਦੁਕਾਨ ਦੇ ਮਾਲਕ ਜੁਗਲ ਕਿਸ਼ੋਰ ਪੁੱਤਰ ਦੇਸ ਰਾਜ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਦੁਕਾਨ ਖੋਲ੍ਹਣ ਲਈ ਪਹੁੰਚੇ ਤਾਂ ਗੱਲੇ ਵਿੱਚ ਪਿਆ ਕਰੀਬ ਇੱਕ ਹਜ਼ਾਰ ਰੁਪਏ ਨਕਦ ਗਾਇਬ ਸੀ। ਚੋਰ ਦੁਕਾਨ ਵਿੱਚੋਂ ਨਕਦੀ ਚੋਰੀ ਕਰਕੇ ਆਸਾਨੀ ਨਾਲ ਫ਼ਰਾਰ ਹੋ ਗਏ। ਦੁਕਾਨਾਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲਣ ’ਤੇ ਸਾਹਮਣੇ ਆਇਆ ਕਿ ਇਹ ਵਾਰਦਾਤ ਰਾਤ ਕਰੀਬ 1 ਵਜੇ ਵਾਪਰੀ।