ਬੁਲਟ ’ਤੇ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐਸਐਚਓ ਅਜੈਬ ਸਿੰਘ
Publish Date: Sun, 05 Jul 2026 06:17 PM (IST)
Updated Date: Mon, 06 Jul 2026 04:06 AM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਥਾਣਾ ਠੁੱਲੀਵਾਲ ਦੇ ਨਵੇਂ ਮੁੱਖ ਅਫ਼ਸਰ ਅਜੈਬ ਸਿੰਘ ਬਰਨਾਲਾ ਨੇ ਅਹੁਦਾ ਸੰਭਾਲਣ ਉਪਰੰਤ ਪਹਿਲੀ ਪ੍ਰੈਸ ਮਿਲਣੀ ਕੀਤੀ। ਉਨ੍ਹਾ ਪ੍ਰੈਸ ਮਿਲਣੀ ਦੌਰਾਨ ਸਪੱਸ਼ਟ ਕੀਤਾ ਕਿ ਥਾਣਾ ਠੁੱਲੀਵਾਲ ਦੇ ਅਧਿਕਾਰ ਖੇਤਰ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ, ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਰਨ ਵਾਲਿਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਤੇ ਤੇਜ਼ੀ ਨਾਲ ਲਾਗੂ ਕਰਦਿਆਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਚਓ ਅਜੈਬ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਸਬੰਧੀ ਕੋਈ ਵੀ ਜਾਣਕਾਰੀ ਮਿਲਣ ’ਤੇ ਪੁਲਿਸ ਤੁਰੰਤ ਕਾਰਵਾਈ ਕਰੇਗੀ ਤੇ ਕਿਸੇ ਵੀ ਦੋਸ਼ੀ ਨੂੰ ਰਿਆਇਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਾ ਤਸਕਰਾਂ ਤੇ ਅਪਰਾਧਿਕ ਗਤੀਵਿਧੀਆਂ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ-ਸ਼ਾਂਤੀ ਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ’ਚ ਬਰਕਰਾਰ ਰੱਖਣਾ ਪੁਲਿਸ ਦੀ ਪਹਿਲੀ ਤਰਜੀਹ ਹੈ। ਸਮਾਜ ਵਿਰੋਧੀ ਅਨਸਰਾਂ, ਗੁੰਡਾਗਰਦੀ ਕਰਨ ਵਾਲਿਆਂ, ਨਸ਼ਾ ਤਸਕਰਾਂ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲੋਕਾਂ ਦੀ ਸੁਰੱਖਿਆ ਤੇ ਭਰੋਸੇ ਨੂੰ ਕਾਇਮ ਰੱਖਣ ਲਈ ਗਸ਼ਤ, ਨਾਕਾਬੰਦੀ ਅਤੇ ਹੋਰ ਪੁਲਿਸ ਕਾਰਵਾਈਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਐੱਸਐੱਚਓ ਅਜੈਬ ਸਿੰਘ ਨੇ ਬੁਲਟ ਮੋਟਰਸਾਈਕਲਾਂ ’ਤੇ ਪਟਾਕੇ ਮਾਰ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਨੂੰ ਵੀ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਖ਼ਿਲਾਫ਼ ਬਿਨਾਂ ਕਿਸੇ ਰਿਆਇਤ ਦੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੋਟਰਸਾਈਕਲ ਜਾਂ ਹੋਰ ਵਾਹਨ ਨਾ ਚਲਾਉਣ ਦੇਣ, ਕਿਉਂਕਿ ਇਹ ਕਾਨੂੰਨੀ ਤੌਰ ’ਤੇ ਵੀ ਗਲਤ ਹੈ ਤੇ ਹਾਦਸਿਆਂ ਦਾ ਕਾਰਨ ਵੀ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਥਾਣਾ ਠੁੱਲੀਵਾਲ ਦੀ ਪੁਲਿਸ ਲੋਕਾਂ ਨਾਲ ਤਾਲਮੇਲ ਤੇ ਵਿਸ਼ਵਾਸ ਦੇ ਆਧਾਰ ’ਤੇ ਕੰਮ ਕਰੇਗੀ ਤੇ ਹਰ ਸ਼ਿਕਾਇਤ ਦਾ ਨਿਰਪੱਖ, ਪਾਰਦਰਸ਼ੀ ਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਅਪਰਾਧ ਮੁਕਤ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਹਿਯੋਗ ਕਰਨ। ਇਸ ਮੌਕੇ ਇਲਾਕੇ ਦੇ ਪੱਤਰਕਾਰਾਂ ਵੱਲੋਂ ਨਵੇਂ ਐਸਐਚਓ ਅਜੈਬ ਸਿੰਘ ਬਰਨਾਲਾ ਦਾ ਸਨਮਾਨ ਵੀ ਕੀਤਾ ਗਿਆ।