- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਹਗੀਰਾਂ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁੱਟਣ ਵਾਲੇ ਤਿੰਨ ਲੁਟੇਰੇ ਗ੍ਰਿਫ਼ਤਾਰ, ਇੱਕ ਦੀ ਭਾਲ ਜਾਰੀ

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ ,
ਸੰਗਰੂਰ : ਸੰਗਰੂਰ ਪੁਲਿਸ ਨੇ ਰਾਹਗੀਰਾਂ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਡਰਾ-ਧਮਕਾ ਕੇ ਲੁੱਟ-ਖੋਹ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਨ੍ਹਾਂ ਦੇ ਇੱਕ ਹੋਰ ਸਾਥੀ ਦੀ ਭਾਲ ਜਾਰੀ ਹੈ। ਮੁਲਜ਼ਮਾਂ ਕੋਲੋਂ ਪੁਲਿਸ ਨੇ 10 ਮੋਬਾਈਲ ਫੋਨ, ਇੱਕ ਮੋਟਰਸਾਈਕਲ 61,200 ਰੁਪਏ ਦੀ ਨਕਦੀ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਮੁਲਜ਼ਮਾਂ ਵੱਲੋਂ ਦਿਨ-ਦਿਹਾੜੇ ਇਲਾਕੇ ’ਚ ਕੀਤੀਆਂ ਗਈਆਂ ਲੁੱਟ-ਖੋਹ ਦੀਆਂ ਤਿੰਨ ਵਾਰਦਾਤਾਂ ਨੂੰ ਟਰੇਸ ਕਰਨ ਵਿੱਚ ਪੁਲਿਸ ਸਫਲ ਰਹੀ ਹੈ। ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਲੁੱਟ-ਖੋਹ ਦੇ ਕਈ ਮਾਮਲੇ ਦਰਜ ਹਨ।
ਜਾਣਕਾਰੀ ਦਿੰਦਿਆਂ ਐੱਸਪੀ ਦਵਿੰਦਰ ਸਿੰਘ ਅੱਤਰੀ ਨੇ ਦੱਸਿਆ ਕਿ 18 ਨਵੰਬਰ ਨੂੰ ਰਵੀ ਕੁਮਾਰ ਵਾਸੀ ਦਾਲੋਮਾਲ ਪੱਤੀ ਬਡਰੁੱਖਾਂ ਆਪਣੇ ਦੋਸਤ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਬਡਰੁੱਖਾਂ ਤੋਂ ਧੂਰੀ ਰਜਬਾਹੇ ਦੀ ਪਟੜੀ ਦੇ ਨਾਲ-ਨਾਲ ਜਾ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਕਿਰਪਾਨ ਨਾਲ ਰਵੀ ਦੇ ਸਿਰ ’ਤੇ ਵਾਰ ਕਰ ਦਿੱਤਾ। ਮੁਲਜ਼ਮਾਂ ਨੇ ਉਨ੍ਹਾਂ ਨੂੰ ਡਰਾ-ਧਮਕਾ ਕੇ 2,500 ਰੁਪਏ ਦੀ ਨਕਦੀ ਖੋਹ ਲਈ ਅਤੇ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। ਇਸ ਸਬੰਧੀ ਪੁਲਿਸ ਨੇ ਥਾਣਾ ਸਦਰ ਧੂਰੀ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਜਾਂਚ ਤੋਂ ਬਾਅਦ ਸੀਆਈਏ ਸਟਾਫ਼ ਅਤੇ ਥਾਣਾ ਸਦਰ ਸੰਗਰੂਰ ਦੀ ਪੁਲਿਸ ਨੇ ਉਕਤ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਰਨਦੀਪ ਸਿੰਘ ਉਰਫ਼ ਮਹਿਕ ਵਾਸੀ ਦੁੱਗਾਂ ਅਤੇ ਆਕਾਸ਼ਦੀਪ ਸਿੰਘ ਵਾਸੀ ਕੱਕੜਵਾਲ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕੋਲੋਂ ਅੱਠ ਮੋਬਾਈਲ ਫੋਨ, ਇੱਕ ਮੋਟਰਸਾਈਕਲ, 1,200 ਰੁਪਏ ਦੀ ਨਕਦੀ ਅਤੇ ਵਾਰਦਾਤ ਦੌਰਾਨ ਵਰਤੀ ਗਈ ਕਿਰਪਾਨ ਬਰਾਮਦ ਕੀਤੀ ਗਈ।
ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਚਰਨਦੀਪ ਸਿੰਘ ਉਰਫ਼ ਮਹਿਕ ਅਤੇ ਆਕਾਸ਼ਦੀਪ ਸਿੰਘ ਨੇ ਆਪਣੇ ਇੱਕ ਹੋਰ ਸਾਥੀ ਸੁਭਾਸ਼ ਨਾਲ ਮਿਲ ਕੇ 17 ਨਵੰਬਰ ਨੂੰ ਰਿਸ਼ੀ ਪਬਲਿਕ ਸਕੂਲ, ਉਭਾਵਾਲ ਰੋਡ ’ਤੇ ਤੇਜਿੰਦਰ ਸਿੰਘ ਵਾਸੀ ਸ਼ੇਰੋਂ ਕੋਲੋਂ ਆਈਫੋਨ-17 ਅਤੇ ਕਰੀਬ ਚਾਰ ਹਜ਼ਾਰ ਰੁਪਏ ਦੀ ਨਕਦੀ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਸਬੰਧੀ 19 ਨਵੰਬਰ ਨੂੰ ਥਾਣਾ ਸਦਰ ਸੰਗਰੂਰ ਵਿਖੇ ਕੇਸ ਦਰਜ ਕੀਤਾ ਗਿਆ ਸੀ। ਹੁਣ ਚਰਨਦੀਪ ਸਿੰਘ ਅਤੇ ਆਕਾਸ਼ਦੀਪ ਸਿੰਘ ਕੋਲੋਂ ਇਹ ਆਈਫੋਨ-17 ਵੀ ਬਰਾਮਦ ਕਰ ਲਿਆ ਗਿਆ ਹੈ।
ਇਸ ਤੋਂ ਇਲਾਵਾ 23 ਅਕਤੂਬਰ ਨੂੰ ਚਰਨਦੀਪ ਸਿੰਘ ਉਰਫ਼ ਮਹਿਕ ਨੇ ਆਪਣੇ ਸਾਥੀ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਮੰਗਵਾਲ ਨਾਲ ਮਿਲ ਕੇ ਲੀਲਾ ਖ਼ਾਨ ਵਾਸੀ ਢੰਡੋਲੀ ਖੁਰਦ ਕੋਲੋਂ 60 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਫੋਨ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਸਬੰਧੀ ਥਾਣਾ ਸਿਟੀ ਸੰਗਰੂਰ ਵਿਖੇ ਕੇਸ ਦਰਜ ਕਰਕੇ ਚਰਨਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕੋਲੋਂ 60 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਸੀ।
ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਮੁਲਜ਼ਮਾਂ ਦਾ ਇੱਕ ਹੋਰ ਸਾਥੀ ਸੁਭਾਸ਼ ਅਜੇ ਫ਼ਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਐਸਪੀ ਦਵਿੰਦਰ ਸਿੰਘ ਅੱਤਰੀ ਨੇ ਕਿਹਾ ਕਿ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ।