ਚੋਰੀ ਦੇ ਮੋਟਰਸਾਈਕਲ ਸਮੇਤ 3 ਕਾਬੂ
ਥਾਣਾ ਠੁੱਲੀਵਾਲ ਦੀ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਕਾਬੂ
Publish Date: Thu, 22 Jan 2026 03:48 PM (IST)
Updated Date: Fri, 23 Jan 2026 04:01 AM (IST)

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਮਹਿਲਕਲਾਂ : ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਪੁਲਿਸ ਨੇ ਇਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਡੀਜੀਪੀ ਪੰਜਾਬ ਤੇ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫ਼ਰਾਜ ਆਲਮ (ਆਈਪੀਐੱਸ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਕਾਰਵਾਈ ਦੌਰਾਨ ਥਾਣਾ ਠੁੱਲੀਵਾਲ ਪੁਲਿਸ ਨੇ ਨਾਕਾਬੰਦੀ ਸਮੇਂ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸਬ ਡਵੀਜ਼ਨ ਮਹਿਲਕਲਾਂ ਦੇ ਉਪ ਕਪਤਾਨ ਜਸਪਾਲ ਸਿੰਘ (ਪੀਪੀਐੱਸ) ਤੇ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ 21 ਜਨਵਰੀ 2026 ਨੂੰ ਏਐੱਸਆਈ ਅਮਰਜੀਤ ਸਿੰਘ ਆਪਣੀ ਪੁਲਿਸ ਟੀਮ ਨਾਲ ਪੁਲ ਸੂਆ ਹਮੀਦੀ ਤੋਂ ਸਹੌਰ ਰੋਡ ’ਤੇ ਨਾਕਾਬੰਦੀ ਕਰ ਰਹੇ ਸਨ। ਨਾਕਾਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਤਿੰਨ ਨੌਜਵਾਨਾਂ ਨੂੰ ਰੋਕ ਕੇ ਜਾਂਚ ਕੀਤੀ, ਜਿਨ੍ਹਾਂ ਦੀ ਪਹਿਚਾਣ ਹਰਮਨਪਾਲ ਸਿੰਘ ਉਰਫ਼ ਹਰਮਨ , ਜਸਪ੍ਰੀਤ ਸਿੰਘ ਉਰਫ਼ ਜੱਸਾ (ਦੋਵੇਂ ਵਾਸੀ ਕਸਬਾ ਭੁਰਾਲ) ਤੇ ਅਮਨਦੀਪ ਸਿੰਘ ਉਰਫ਼ ਅਮਨਾ ਵਾਸੀ ਜਲਵਾਣਾ ਵਜੋਂ ਹੋਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਥਾਣਾ ਠੁੱਲੀਵਾਲ ਵਿਖੇ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਗੁਰਪਾਲ ਸਿੰਘ ਧਨੋਲਾ ਤੇ ਤਫ਼ਤੀਸ਼ੀ ਅਫ਼ਸਰ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਇਸੇ ਤਰ੍ਹਾ ਜਾਰੀ ਰਹੇਗੀ।