ਥਾਣਾ ਠੁੱਲੀਵਾਲ ਪੁਲਿਸ ਦਾ ਨਸ਼ਾ ਤਸਕਰਾਂ ’ਤੇ ਸ਼ਿਕੰਜਾ
ਥਾਣਾ ਠੁੱਲੀਵਾਲ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਸ਼ਿਕੰਜਾ
Publish Date: Thu, 05 Feb 2026 06:42 PM (IST)
Updated Date: Fri, 06 Feb 2026 04:06 AM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲਕਲਾਂ : ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ‘ਆਪ੍ਰੇਸ਼ਨ ਪਰਿਹਾਰ’ ਤਹਿਤ ਕਾਰਵਾਈ ਕਰਦਿਆਂ ਥਾਣਾ ਠੁੱਲੀਵਾਲ ਦੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 50 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪਾਲ ਸਿੰਘ ਧਨੌਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਜੀਪੀ ਪੰਜਾਬ ਤੇ ਮੁਹੰਮਦ ਸਰਫਰਾਜ ਆਲਮ ਆਈਪੀਐੱਸ, ਸੀਨੀਅਰ ਕਪਤਾਨ ਪੁਲਿਸ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਸਬ ਡਿਵੀਜ਼ਨ ਮਹਿਲ ਕਲਾਂ ਦੇ ਡੀਐੱਸਪੀ ਜਸਪਾਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਮਾੜੇ ਅੰਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਏਐੱਸਆਈ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪਿੰਡ ਹਮੀਦੀ ਤੋਂ ਗੁਰਮਾ ਨੂੰ ਜਾਂਦੀ ਲਿੰਕ ਰੋਡ ’ਤੇ ਪੈਂਦੇ ਬਰਸਾਤੀ ਨਾਲੇ ਦੀ ਪੱਟੜੀ ਕੋਲ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤੇ ਤਲਾਸ਼ੀ ਦੌਰਾਨ 50 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ ਸਨ ਜਿਨ੍ਹਾਂ ਦੀ ਪਹਿਚਾਣ ਗੁਰਵਿੰਦਰ ਸਿੰਘ ਤੇ ਮਨਜੋਤ ਸਿੰਘ ਵਾਸੀ ਕਸਬਾ ਭੁਰਾਲ ਵਜੋਂ ਹੋਈ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਦੋਵਾਂ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਦੋਵਾਂ ਖ਼ਿਲਾਫ਼ ਮੁਕੱਦਮਾ ਐੱਨਡੀਪੀਐੱਸ ਐਕਟ ਤਹਿਤ ਥਾਣਾ ਠੁੱਲੀਵਾਲ ਵਿਖੇ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਮੁਤਾਬਕ ਦੋਸ਼ੀਆਂ ਤੋਂ ਹੋਰ ਪੁੱਛਗਿੱਛ ਜਾਰੀ ਹੈ ਅਤੇ ਨਸ਼ਾ ਤਸਕਰੀ ਦੇ ਹੋਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।