ਪੰਜਾਬ ਦੀ ਜਵਾਨੀ ਬਚਾਉਣੀ ਹੈ ਤਾਂ ‘ਆਪ’ ਨੂੰ ਚਲਦਾ ਕਰਨਾ ਜ਼ਰੂਰੀ ਪੰਜਾਬ ਦੀ ਜਵਾਨੀ ਬਚਾਉਣੀ ਹੈ ਤਾਂ ‘ਆਪ’ ਨੂੰ ਚਲਦਾ ਕਰਨਾ ਜ਼ਰੂਰੀ: ਬਿੱਟੂ ਸ਼ਰਮਾ
Publish Date: Wed, 07 Oct 2026 04:17 PM (IST)
Updated Date: Thu, 08 Oct 2026 04:03 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਹਟਾ ਕੇ ਕਾਂਗਰਸ ਪਾਰਟੀ ਨੂੰ ਸੱਤਾ ਵਿੱਚ ਲਿਆਉਣਾ ਜ਼ਰੂਰੀ ਹੈ। ਇਹ ਪ੍ਰਗਟਾਵਾ ਕਾਂਗਰਸੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਸਿਆਸੀ ਸਲਾਹਕਾਰ ਬਿੱਟੂ ਸ਼ਰਮਾ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦਾ ਭਵਿੱਖ ਹੈ ਪਰ ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ ਅਤੇ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਹੋ ਰਹੀ ਨੌਜਵਾਨਾਂ ਦੀ ਹਿਜਰਤ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨਾਂ ਲਈ ਵੱਡੇ ਪੱਧਰ ’ਤੇ ਰੁਜ਼ਗਾਰ ਦੇਣ ਦੇ ਕੀਤੇ ਵਾਅਦਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਮੁਸ਼ਕਲਾਂ ਕਾਇਮ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮਸਲਾ ਸਿਰਫ਼ ਕਾਨੂੰਨ-ਵਿਵਸਥਾ ਨਾਲ ਜੁੜਿਆ ਮਾਮਲਾ ਨਹੀਂ, ਸਗੋਂ ਇਹ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਦੇ ਭਵਿੱਖ ਨਾਲ ਜੁੜਿਆ ਸਮਾਜਿਕ ਮੁੱਦਾ ਹੈ। ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨੌਜਵਾਨਾਂ ਨੂੰ ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਾ ਤਸਕਰੀ ਦੀਆਂ ਜੜ੍ਹਾਂ ਤੱਕ ਪਹੁੰਚ ਕੇ ਸਖ਼ਤ ਕਾਰਵਾਈ ਕਰਨ ਦੇ ਨਾਲ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਦੇ ਲੋਕਾਂ ਨੇ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਰਕਾਰਾਂ ਨੂੰ ਮੌਕਾ ਦਿੱਤਾ ਹੈ ਅਤੇ ਹੁਣ ਸੂਬੇ ਦੇ ਭਵਿੱਖ ਬਾਰੇ ਗੰਭੀਰਤਾ ਨਾਲ ਫ਼ੈਸਲਾ ਕਰਨ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਅਤੇ ਸੂਬੇ ਨੂੰ ਮੁੜ ਵਿਕਾਸ ਦੀ ਰਾਹ ’ਤੇ ਲਿਆਉਣਾ ਹੈ ਤਾਂ ਲੋਕਾਂ ਨੂੰ ਮਜ਼ਬੂਤ ਸਰਕਾਰ ਦੀ ਚੋਣ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਿਧਾਨ ਸਭਾ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ ਉਠਾਉਂਦੀ ਰਹੇਗੀ।