ਸੁਖਬੀਰ ਬਾਦਲ ਨਾਲ ਵਪਾਰਕ ਮਿਲਣੀ ਨੂੰ ਲੈ ਕੇ ਵਪਾਰੀਆਂ ’ਚ ਭਾਰੀ ਉਤਸ਼ਾਹ-ਜੱਸੀ ਮੰਨਵੀ ਸੁਖਬੀਰ ਬਾਦਲ ਨਾਲ ਵਪਾਰਕ ਮਿਲਣੀ ਨੂੰ ਲੈ ਕੇ ਵਪਾਰੀਆਂ ’ਚ ਭਾਰੀ ਉਤਸ਼ਾਹ-ਜੱਸੀ ਮੰਨਵੀ
Publish Date: Sat, 28 Nov 2026 05:20 PM (IST)
Updated Date: Sat, 28 Nov 2026 05:22 PM (IST)
ਮਹਾਂਵੀਰ ਗੋਇਲ, ਪੰਜਾਬੀ ਜਾਗਰਣ, ਅਹਿਮਦਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 30 ਨਵੰਬਰ ਨੂੰ ਅਹਿਮਦਗੜ੍ਹ ਵਿਖੇ ਸਥਾਨਕ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਵਿਸ਼ੇਸ਼ ਵਪਾਰਕ ਮਿਲਣੀ ਕੀਤੀ ਜਾ ਰਹੀ ਹੈ। ਇਸ ਮਿਲਣੀ ਨੂੰ ਲੈ ਕੇ ਸ਼ਹਿਰ ਦੇ ਵਪਾਰਕ ਵਰਗ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਅਮਰਗੜ੍ਹ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ ਨੇ ਦੱਸਿਆ ਕਿ ਇਸ ਵਿਸ਼ੇਸ਼ ਮਿਲਣੀ ਦੌਰਾਨ ਸੁਖਬੀਰ ਸਿੰਘ ਬਾਦਲ ਵਪਾਰੀ ਵਰਗ ਦੀਆਂ ਮੁਸ਼ਕਲਾਂ, ਕਾਰੋਬਾਰੀ ਚੁਣੌਤੀਆਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਨਗੇ। ਇਸ ਦੇ ਨਾਲ ਹੀ ਉਹ ਪੰਜਾਬ ਦੇ ਵਪਾਰ ਅਤੇ ਉਦਯੋਗ ਨੂੰ ਹੋਰ ਪ੍ਰਫੁੱਲਤ ਕਰਨ ਸਬੰਧੀ ਆਪਣਾ ਵਿਜ਼ਨ ਅਤੇ ਭਵਿੱਖ ਦੀਆਂ ਯੋਜਨਾਵਾਂ ਵੀ ਵਪਾਰੀਆਂ ਨਾਲ ਸਾਂਝੀਆਂ ਕਰਨਗੇ। ਉਨ੍ਹਾਂ ਕਿਹਾ ਕਿ ਵਪਾਰ ਅਤੇ ਉਦਯੋਗ ਕਿਸੇ ਵੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਵਪਾਰੀ ਵਰਗ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਸੁਖਾਵਾਂ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮਿਲਣੀ ਰਾਹੀਂ ਵਪਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਪਾਰਟੀ ਪ੍ਰਧਾਨ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ। ਉਨ੍ਹਾਂ ਅਹਿਮਦਗੜ੍ਹ ਦੇ ਸਮੂਹ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਇਸ ਮਿਲਣੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੁਲਾਕਾਤ ਵਪਾਰਕ ਵਰਗ ਦੇ ਵਿਚਾਰਾਂ ਅਤੇ ਸੁਝਾਵਾਂ ਨੂੰ ਸਮਝਣ ਲਈ ਅਹਿਮ ਸਾਬਤ ਹੋਵੇਗੀ।