
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਲੇਰਕੋਟਲਾ ਟਰੈਫਿਕ ਵਿਵਸਥਾ ’ਚ ਆਉਣ ਲੱਗਾ ਸੁਧਾਰ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਸ਼ਹਿਰ ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿਛਲੇ ਕਈ ਮਹੀਨਿਆਂ ਤੋਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਟਰੈਫਿਕ ਇੰਚਾਰਜ ਹਰਭਜਨ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਐੱਸਐੱਸਪੀ ਮਾਲੇਰਕੋਟਲਾ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਅਹਿਮ ਥਾਵਾਂ ’ਤੇ ਨਾਕੇ ਲਾਏ ਜਾ ਰਹੇ ਹਨ। ਇਸ ਦੌਰਾਨ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਵਾਹਨਾਂ ਤੋਂ ਇਲਾਵਾ ਵਾਹਨਾਂ ਦੇ ਸ਼ੀਸ਼ਿਆਂ ’ਤੇ ਕਾਲੀਆਂ ਫ਼ਿਲਮਾਂ ਲਗਾ ਕੇ ਚੱਲਣ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਾਲੀਆਂ ਫ਼ਿਲਮਾਂ ਉਤਾਰੀਆਂ ਜਾ ਰਹੀਆਂ ਹਨ।
ਟਰੈਫਿਕ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬੁਲੇਟ ਮੋਟਰਸਾਈਕਲਾਂ ’ਤੇ ਪਟਾਕੇ ਪਾ ਕੇ ਅਤੇ ਤੇਜ਼ ਆਵਾਜ਼ ਵਾਲੇ ਸਾਇਲੈਂਸਰਾਂ ਦੀ ਵਰਤੋਂ ਕਰਕੇ ਸ਼ਹਿਰ ਵਿੱਚ ਘੁੰਮਣ ਵਾਲੇ ਨੌਜਵਾਨਾਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ। ਪੁਲੀਸ ਦੀ ਇਸ ਮੁਹਿੰਮ ਕਾਰਨ ਸ਼ਹਿਰ ਵਿੱਚ ਟਰੈਫਿਕ ਜਾਮ ਦੀ ਸਮੱਸਿਆ ਵਿੱਚ ਕਾਫ਼ੀ ਹੱਦ ਤੱਕ ਸੁਧਾਰ ਆਇਆ ਹੈ, ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲੀ ਹੈ। ਸ਼ਹਿਰ ਵਾਸੀਆਂ ਵੱਲੋਂ ਵੀ ਟਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਕੀਤੀ ਜਾ ਰਹੀ ਕਾਰਵਾਈ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਟਰੈਫਿਕ ਇੰਚਾਰਜ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਨਾ ਦੇਣ ਅਤੇ ਆਪਣੇ ਵਾਹਨਾਂ ਦੇ ਸਾਰੇ ਦਸਤਾਵੇਜ਼ ਮੁਕੰਮਲ ਰੱਖਣ। ਉਨ੍ਹਾਂ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਪੁਲੀਸ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।