- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੂਰਬੰਜਾਰਾ ਮਾਮਲਾ: ਹਰਪਾਲ ਚੀਮਾ ਦੀ ਬਰਖ਼ਾਸਤਗੀ ’ਤੇ ਗ੍ਰਿਫ਼ਤਾਰੀ ਦੀ ਮੰਗ

ਸੱਤਪਾਲ ਕਾਲਾਬੂਲਾ/ਲਾਡੇਵਾਲ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਦਲਿਤ ਮਜ਼ਦੂਰ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਸ਼ਨਿੱਚਰਵਾਰ ਮਾਲੇਰਕੋਟਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਪ੍ਰਧਾਨ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਐੱਸਐੱਸਪੀ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਪੁਤਲਾ ਫੂਕਿਆ। ਇਸ ਦੌਰਾਨ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਆਗੂ ਨਿਸ਼ਾਤ ਅਖਤਰ, ਇੰਡੀਅਨ ਓਵਰਸੀਅਰ ਕਾਂਗਰਸ ਯੂਕੇ ਦੇ ਪ੍ਰਧਾਨ ਕਮਲ ਧਾਲੀਵਾਲ ਨੇ ਮੰਤਰੀ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਅੱਜ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਕਿਉਂਕਿ ਪਹਿਲਾਂ ਇੱਕ ਵਿਅਕਤੀ ਵੱਲੋਂ ਨਸ਼ਿਆਂ ਖਿਲਾਫ਼ ਰੋਸ ਪ੍ਰਗਟ ਕਰਨਾ ਇਨਾ ਕੁ ਮਹਿੰਗਾ ਪੈ ਗਿਆ ਕਿ ਸਿਰਫ ਉਸਦੀ ਜਾਨ ਹੀ ਬਚੀ ਹੈ। ਜਦ ਕਿ ਲੋਕਤੰਤਰ ਵਿੱਚ ਹਰ ਇੱਕ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ।
ਕਾਂਗਰਸੀ ਆਗੂਆਂ ਨੇ ਸਥਾਨਕ ਪ੍ਰਸ਼ਾਸਨ ਰਾਹੀਂ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਦੇ ਨਾਂ ਮੰਗ ਪੱਤਰ ਵੀ ਸੌਂਪਿਆ। ਮੰਗ ਪੱਤਰ ਵਿੱਚ ਦਿੜ੍ਹਬਾ ਵਾਸੀ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਗਿਆ ਕਿ ਉਸ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਕਥਿਤ ਤੌਰ ’ਤੇ ਧਮਕਾਇਆ ਅਤੇ ਜ਼ਲੀਲ ਕੀਤਾ ਗਿਆ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।
ਕਾਂਗਰਸ ਨੇ ਡੀਜੀਪੀ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੀਆਂ ਢੁੱਕਵੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿੱਚ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਪਾਰਟੀ ਸਪੋਕਸਮੈਨ ਅਨਵਾਰ ਮਹਿਬੂਬ, ਪ੍ਰਿਤਪਾਲ ਨਾਰੀਕੇ, ਕਾਂਗਰਸੀ ਮਹਿਲਾ ਆਗੂ ਕਾਂਤਾ ਕੁਠਾਲਾ, ਰੁਪਿੰਦਰ ਸਿੰਘ ਪਿੰਦੂ ਬਲਾਕ ਪ੍ਰਧਾਨ ਅਹਿਮਦਗੜ੍ਹ, ਸਾਬਕਾ ਚੇਅਰਮੈਨ ਹਰਜਿੰਦਰ ਸਿੰਘ ਨੱਥੂਮਾਜਰਾ, ਜ਼ਿਲ੍ਹਾ ਪਰੀਸ਼ਦ ਮੈਂਬਰ ਨਿਰਮਲ ਸਿੰਘ ਸੰਗਾਲੀ, ਗੁਰਮੀਤ ਸਿੰਘ ਨਾਰੀਕੇ, ਦੀਪਾ ਮੰਡਿਆਲਾ, ਪ੍ਰਿੰਸ ਰੋਕੀ ਵਾਈਸ ਪ੍ਰਧਾਨ ਕਮੇਟੀ ਅਮਰਗੜ੍ਹ ਵਕੀਲ ਮੁਹੰਮਦ ਜਮੀਲ, ਸੁਹੇਲ ਯੂਥ ਆਗੂ ਅਮਰਿੰਦਰ ਸਿੰਘ ਭੁੱਲਰਾਂ ਤਜਿੰਦਰ ਸਿੰਘ ਬਾਬਲ, ਪਵਿੱਤਰ ਸਿੰਘ ਝੰਡੇ ਸਾਬਕਾ ਸਰਪੰਚ ਵੀ ਹਾਜਰ ਸਨ।