ਜ਼ਿਲ੍ਹੇ ‘ਚ ਸ਼ੁਰੂ ਹੋਏ 2 ਹੋਰ ਆਮ ਆਦਮੀ ਕਲੀਨਿਕ ਜ਼ਿਲ੍ਹੇ ‘ਚ ਸ਼ੁਰੂ ਹੋਏ 2 ਹੋਰ ਆਮ ਆਦਮੀ ਕਲੀਨਿਕ
Publish Date: Wed, 14 Oct 2026 06:34 PM (IST)
Updated Date: Thu, 15 Oct 2026 04:00 AM (IST)
: ਐਮ.ਪੀ. ਮੀਤ ਹੇਅਰ ਵੱਲੋਂ ਪਿੰਡ ਹਰੀਗੜ੍ਹ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ‘ਚ 2 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਪਿੰਡ ਹਰੀਗੜ੍ਹ ਵਿਖੇ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਇਹ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਨਾਲ ਮੁੱਢਲੀ ਡਾਕਟਰੀ ਸਹਾਇਤਾਂ ਲੋਕਾਂ ਦੇ ਘਰ ਦੇ ਬਿਲਕੁਲ ਨੇੜੇ ਤੱਕ ਪਹੁੰਚ ਗਈ ਹੈ, ਜਿਸ ਨਾਲ ਉਨ੍ਹਾਂ ਨੂੰ ਪਿੰਡ ਤੋਂ ਦੂਰ ਸ਼ਹਿਰ ਦੇ ਹਸਪਤਾਲ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਘੱਟ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਬਿਹਤਰ ਸਾਬਤ ਹੋ ਰਹੇ ਹਨ। ਮੀਤ ਹੇਅਰ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਡਾਕਟਰੀ ਸਹਾਇਤਾ ਦੇ ਨਾਲ ਨਾਲ ਮੁਫ਼ਤ ਦਵਾਈਆਂ, ਟੈਸਟ, ਗਰਭਵਤੀ ਔਰਤਾਂ ਲਈ ਅਲਟ੍ਰਾਸਾਊਂਡ ਦੀ ਸੁਵਿਧਾ, ਹਲਕਾਅ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਸਾਫ ਸਫ਼ਾਈ ਤੋਂ ਇਲਾਵਾ ਮਰੀਜ਼ਾਂ ਦੇ ਬੈਠਣ ਤੇ ਉਨ੍ਹਾਂ ਲਈ ਪੀਣ ਵਾਲੇ ਪਾਣੀ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪਿੰਡ ਧੂਰਕੋਟ ਵਿਖੇ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਹਰੀਗੜ੍ਹ ਤੇ ਧੂਰਕੋਟ ਵਿਖੇ ਆਮ ਆਦਮੀ ਕਲੀਨਿਕ ਅੱਜ ਤੋਂ ਸ਼ੁਰੂ ਹੋ ਗਏ ਹਨ ਤੇ ਹੁਣ ਜ਼ਿਲ੍ਹੇ ਵਿੱਚ ਕੁੱਲ 19 ਆਮ ਆਦਮੀ ਕਲੀਨਕ ਲੋਕਾਂ ਦੀ ਸਿਹਤ ਸੰਭਾਲ ਵਿੱਚ ਮੋਹਰੀ ਭੂਮਿਕਾ ਨਿਭਾਉਣਗੇ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਬਲਰਾਜ ਸਿੰਘ, ਗੁਰਵਿੰਦਰ ਸਿੰਘ ਸਮੇਤ ਪਿੰਡ ਧੂਰਕੋਟ ਤੇ ਹਰੀਗੜ੍ਹ ਦੀ ਗ੍ਰਾਮ ਪੰਚਾਇਤ ਹਾਜ਼ਰ ਸੀ।