- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਰੀ ਦੇ ਮੋਟਰਸਾਈਕਲ ਸਣੇ ਦੋ ਸਕੇ ਭਰਾ ਕਾਬੂ

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ,
ਸੰਗਰੂਰ : ਰੇਲਵੇ ਪੁਲਿਸ ਚੌਕੀ ਧੂਰੀ ਨੇ ਮੁਸਤੈਦੀ ਦਿਖਾਉਂਦਿਆਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਸਕੇ ਭਰਾਵਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਜੀਆਰਪੀ ਥਾਣਾ ਮੁਖੀ ਥਾਣੇਦਾਰ ਪਾਖਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਐੱਸਆਈ ਗਗਨਦੀਪ ਜੋਸ਼ੀ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਰੇਲਵੇ ਸਟੇਸ਼ਨ ਧੂਰੀ ਵਿਖੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਹਰਚੰਦਪੁਰ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਪ੍ਰਿੰਸ ਅਤੇ ਰਾਕੇਸ਼ ਕੁਮਾਰ ਨੂੰ ਕਾਬੂ ਕੀਤਾ। ਪੁੱਛਗਿੱਛ ਅਤੇ ਬਾਰੀਕੀ ਨਾਲ ਕੀਤੀ ਜਾਂਚ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਹੋਇਆ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਇਆ।
ਪੁਲਿਸ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਸਬੰਧੀ ਪਿੰਡ ਪੇਧਨੀ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੇ ਬਿਆਨ ਦਰਜ ਕਰਵਾਇਆ ਸੀ। ਸ਼ਿਕਾਇਤਕਰਤਾ ਅਨੁਸਾਰ 16 ਸਤੰਬਰ ਨੂੰ ਰੇਲਵੇ ਸਟੇਸ਼ਨ ਧੂਰੀ ਤੋਂ ਉਸ ਦਾ ਮੋਟਰਸਾਈਕਲ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਸੀ। ਇਸ ਬਿਆਨ ਦੇ ਆਧਾਰ ’ਤੇ ਥਾਣਾ ਜੀਆਰਪੀ ਸੰਗਰੂਰ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਮੋਟਰਸਾਈਕਲ ਦੀ ਬਰਾਮਦਗੀ ਹੋਣ ਤੋਂ ਬਾਅਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ।