ਬਰਨਾਲਾ ’ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ . ਬਲਬੀਰ ਸਿੰਘ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ
Publish Date: Mon, 16 Feb 2026 03:48 PM (IST)
Updated Date: Tue, 17 Feb 2026 04:00 AM (IST)

:: ਸਿਹਤ ਮੰਤਰੀ ਨੇ ਬਰਨਾਲਾ ’ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ :: ਕਿਹਾ, ਪੜ੍ਹੇ-ਲਿਖੇ ਨੌਜਵਾਨਾਂ ਲਈ ਸਬ-ਆਪ੍ਰੇਟਰ ਵਜੋਂ ਰੁਜ਼ਗਾਰ ਦਾ ਮੌਕਾ, ਰਜਿਸਟ੍ਰੇਸ਼ਨ ਪ੍ਰਕਿਰਿਆ ਹੋਰ ਤੇਜ਼ ਕਰਨ ਦੇ ਨਿਰਦੇਸ਼ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਅਚਨਚੇਤੀ ਦੌਰਾ ਕਰ ਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ’ਚ ਰੋਜ਼ਾਨਾ 21 ਥਾਵਾਂ ’ਤੇ ਕੈਂਪ ਲਗਾ ਕੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ, ਜਿਸ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਹਿਲਕਲਾਂ ਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਤੇ ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ’ਚ ਮੌਕੇ ’ਤੇ ਕਾਰਡ ਬਣ ਕੇ 70 ਫੀਸਦੀ ਮਰੀਜ਼ਾਂ ਦੇ ਇਲਾਜ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੇ ਦਾਖਲ ਹੋਣ ਤੋਂ ਲੈ ਕੇ ਛੁੱਟੀ ਹੋਣ ਤੱਕ ਸਾਰੀਆਂ ਦਵਾਈਆਂ, ਟੈਸਟ ਤੇ ਆਪ੍ਰੇਸ਼ਨ ਬਿਲਕੁਲ ਮੁਫ਼ਤ ਹਨ। ਉਨ੍ਹਾਂ ਕਿਹਾ ਕਿ ਇਹ ਨਿਵੇਕਲੀ ਸਿਹਤ ਯੋਜਨਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੜ੍ਹੇ-ਲਿਖੇ ਨੌਜਵਾਨ ਸਬ-ਆਪ੍ਰੇਟਰ ਵਜੋਂ ਰੁਜ਼ਗਾਰ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਕੇ ਸਕੀਮ ਦੀ ਰਜਿਸਟ੍ਰੇਸ਼ਨ ’ਚ ਕਾਰਜਸ਼ੀਲ ਹੋ ਕੇ ਰੁਜ਼ਗਾਰ ਹਾਸਲ ਕਰ ਸਕਦੇ ਹਨ ਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਅਤੇ ਭਵਿੱਖ ਵਿਚ ਸਿਹਤ ਮਿੱਤਰ ਤੇ ਡਾਟਾ ਐਂਟਰੀ ਆਪ੍ਰੇਟਰਾਂ ਦੀ ਭਰਤੀ ਵੇਲੇ ਇਨ੍ਹਾਂ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਡੀਸੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ 21 ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ (ਸੀਐੱਸਸੀ) ਨੂੰ ਵੀ ਯੋਜਨਾ ਨਾਲ ਜੋੜਿਆ ਗਿਆ ਹੈ, ਤਾਂ ਜੋ ਲੋਕ ਆਪਣੇ ਨੇੜਲੇ ਕੇਂਦਰਾਂ ’ਤੇ ਕਾਰਡ ਬਣਵਾ ਸਕਣ। ਉਨ੍ਹਾਂ ਕਿਹਾ ਕਿ ਹੁਣ ਤੱਕ 15000 ਤੋਂ ਵੱਧ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਾਰਡ ਬਣਾਉਣ ਦੀ ਪ੍ਰਕਿਰਿਆ ’ਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਉਣ ਦਿੱਤੀ ਜਾਵੇ ਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਹੋਰ ਤੇਜ਼ ਕੀਤੀ ਜਾਵੇ ਤਾਂ ਜੋ ਸਾਰੇ ਯੋਗ ਲੋਕ ਇਸ ਸਕੀਮ ਦਾ ਲਾਹਾ ਲੈ ਸਕਣ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਅੰਮ੍ਰਿਤ ਸਿੰਘ ਢਿੱਲਵਾਂ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਆਈਪੀਐੱਸ ਏਡੀਸੀ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈਏਐੱਸ, ਏਡੀਸੀ (ਜ) ਅਮਿਤ ਬੈਂਬੀ ਪੀਸੀਐੱਸ, ਐੱਸਡੀਐੱਮ ਤਪਾ ਆਯੂਸ਼ ਗੋਇਲ ਆਈਏਐੱਸ, ਐੱਸਡੀਐੱਮ ਮਹਿਲਕਲਾਂ ਬੇਅੰਤ ਸਿੰਘ ਸਿੱਧੂ ਪੀਸੀਐੱਸ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਇਸ਼ਵਿੰਦਰ ਸਿੰਘ ਜੰਡੂ ਤੇ ਯੂਥ ਕੋਆਰਡੀਨੇਟਰ ਮੌਜੂਦ ਸਨ।