ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ :

ਪਿਛਲੇ ਦੋ ਸਾਲਾਂ ਤੋਂ ਰੁਜ਼ਗਾਰ ਪ੍ਰਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਕਾਲ਼ੀ-ਆਜ਼ਾਦੀ ਮਨਾਉਣ ਦਾ ਫੈਸਲਾ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਿਢੱਲਵਾਂ ਨੇ ਕਿਹਾ ਕਿ ਯੂਨੀਅਨ ਦੇ ਪੰਜਾਬ ਭਰ ਦੇ ਸਾਰੇ ਸਰਗਰਮ ਆਗੂਆਂ ਨੇ ਆਪਣੇ ਘਰਾਂ ਦੇ ਕੋਠਿਆਂ 'ਤੇ ਕਾਲੀਆਂ ਝੰਡੀਆਂ ਲਾ ਦਿੱਤੀਆਂ ਹਨ। ਇਸ ਦੇ ਨਾਲ ਹੀ 15 ਅਗਸਤ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਨ ਦੀ ਚਿਤਾਵਨੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਜਿਲ੍ਹਾ ਸੰਗਰੂਰ ਪ੍ਰਸ਼ਾਸਨ ਵੱਲੋਂ ਵਾਅਦਾ ਕੀਤੇ ਜਾਣ 'ਤੇ ਵੀ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨਾਲ ਮੀਟਿੰਗ ਨਾ ਹੋਣ 'ਤੇ ਬੇਰੁਜ਼ਗਾਰ ਬੀਐੱਡ ਅਧਿਆਪਕ ਤਿੱਖੇ ਰੋਸ 'ਚ ਹਨ। ਿਢੱਲਵਾਂ ਨੇ ਕਿਹਾ ਕਿ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਨ ਦੇ ਬਾਵਜੂਦ ਨੌਕਰੀ ਉਡੀਕਦਿਆਂ ਹਜ਼ਾਰਾਂ ਉਮੀਦਵਾਰ ਨੌਕਰੀ ਲਈ ਨਿਰਧਾਰਤ ਉਮਰ-ਹੱਦ ਲੰਘਾ ਚੁੱਕੇ ਹਨ, ਜਿਸਦੀ ਜਿੰਮੇਵਾਰ ਪੰਜਾਬ ਸਰਕਾਰ ਹੈ, ਜੋ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ 'ਚ ਨਾਕਾਮਯਾਬ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵੱਲੋਂ ਕੱਢੀਆਂ ਮਾਸਟਰ ਕਾਡਰ ਦੀਆਂ ਅਸਾਮੀਆਂ ਤਹਿਤ ਸਮਾਜਿਕ ਸਿੱਖਿਆ 54, ਪੰਜਾਬੀ 62 ਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਕੱਢੀਆਂ ਹਨ, ਇਨ੍ਹਾਂ ਅਸਾਮੀਆਂ 'ਚ ਉਮਰ-ਹੱਦ 37 ਤੋਂ 42 ਸਾਲ ਕਰਨ ਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਬੇਰੁਜ਼ਗਾਰ ਜਥੇਬੰਦੀਆਂ ਨੇ ਮੰਗਾਂ ਦਾ ਹੱਲ ਨਾ ਹੋਣ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।