- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਰੁਜ਼ਗਾਰ ਅਧਿਆਪਕਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਦਾ ਕੀਤਾ ਘਿਰਾਓ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਤੁਰੰਤ ਫ਼ੈਸਲਾ ਲੈਣ ਦੀ ਮੰਗ ਕੀਤੀ।
ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਪੱਕਾ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਮੁੱਖ ਮੰਗਾਂ ਦਾ ਅਜੇ ਤੱਕ ਠੋਸ ਹੱਲ ਨਹੀਂ ਹੋਇਆ। ਯੂਨੀਅਨ ਨੇ ਮੰਗ ਕੀਤੀ ਕਿ ਅਧਿਆਪਕ ਭਰਤੀ ਲਈ ਬੀਏ ਵਿੱਚ ਲਾਈ 55 ਫੀਸਦੀ ਦੀ ਸ਼ਰਤ ਤੁਰੰਤ ਰੱਦ ਕੀਤੀ ਜਾਵੇ, ਮਾਸਟਰ ਕੇਡਰ ਦੀ ਵੱਡੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਅਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇ। ਇਸ ਤੋਂ ਇਲਾਵਾ ਬਾਹਰੀ ਰਾਜਾਂ ਦੇ ਉਮੀਦਵਾਰਾਂ ਲਈ ਕੋਟਾ ਨਿਰਧਾਰਿਤ ਕਰਨ ਦੀ ਮੰਗ ਵੀ ਕੀਤੀ ਗਈ। ਗੁਰਪ੍ਰੀਤ ਸਿੰਘ ਪੱਕਾ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਸਿਰਫ਼ ਭਰੋਸਿਆਂ ਦੀ ਬਜਾਏ ਮੰਗਾਂ ਸਬੰਧੀ ਸਪੱਸ਼ਟ ਅਤੇ ਠੋਸ ਫ਼ੈਸਲਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਲਦ ਮੰਗਾਂ ਦਾ ਹੱਲ ਕਰਕੇ ਅਧਿਆਪਕਾਂ ਲਈ ਭਰਤੀ ਦਾ ਰਾਹ ਖੋਲ੍ਹੇ। ਉਨ੍ਹਾਂ ਕਿਹਾ ਜੇਕਰ 7 ਅਕਤੂਬਰ ਨੂੰ ਮੁੱਖ ਮੰਤਰੀ ਦੇ ਓਐੱਸਡੀ ਨਾਲ ਯੂਨੀਅਨ ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ 8 ਅਕਤੂਬਰ ਨੂੰ ਦਿੜ੍ਹਬਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਾਇਆ ਜਾਵੇਗਾ।