- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਰੁਜ਼ਗਾਰ ਅਧਿਆਪਕ ਹੱਥਾਂ ਵਿੱਚ ਫਲੈਕਸ ਲੈ ਕੇ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਆ ਗਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ ’ਤੇ ਤਾਇਨਾਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰ ਲਿਆ, ਜਿਸ ਤੋਂ ਬਾਅਦ ਸਿੱਖਿਆ ਮੰਤਰੀ ਦਾ ਕਾਫ਼ਲਾ ਅੱਗੇ ਰਵਾਨਾ ਹੋ ਗਿਆ। ਪੁਲਿਸ ਨੇ ਕਰੀਬ ਅੱਧਾ ਦਰਜਨ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਜਸਵੀਰ ਸਿੰਘ, ਪੰਜਾਬੀ ਜਾਗਰਣ , ਸੰਗਰੂਰ : ਧੂਰੀ ਵਿੱਚ ਇੱਕ ਪਾਸੇ ਈਟੀਟੀ 5994 ਬੈਕਲਾਗ ਭਰਤੀ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕਾਂ ਦਾ ਮੋਬਾਈਲ ਟਾਵਰ ਉੱਤੇ ਸੰਘਰਸ਼ ਲਗਾਤਾਰ ਜਾਰੀ ਹੈ, ਦੂਜੇ ਪਾਸੇ ਬੇਰੁਜ਼ਗਾਰ ਅਧਿਆਪਕਾਂ ਨੇ ਉਸ ਸਮੇਂ ਸਿੱਖਿਆ ਮੰਤਰੀ ਦਾ ਕਾਫ਼ਲਾ ਰੋਕਣ ਦੀ ਕੋਸ਼ਿਸ਼ ਕੀਤੀ, ਜਦੋਂ ਸਿੱਖਿਆ ਮੰਤਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਡਾਇਟ ਸੰਗਰੂਰ ਵਿਖੇ ਪ੍ਰੋਗਰਾਮ ਸਮਾਪਤ ਕਰਕੇ ਬਾਹਰ ਨਿਕਲੇ। ਬੇਰੁਜ਼ਗਾਰ ਅਧਿਆਪਕ ਹੱਥਾਂ ਵਿੱਚ ਫਲੈਕਸ ਲੈ ਕੇ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਆ ਗਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ ’ਤੇ ਤਾਇਨਾਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰ ਲਿਆ, ਜਿਸ ਤੋਂ ਬਾਅਦ ਸਿੱਖਿਆ ਮੰਤਰੀ ਦਾ ਕਾਫ਼ਲਾ ਅੱਗੇ ਰਵਾਨਾ ਹੋ ਗਿਆ। ਪੁਲਿਸ ਨੇ ਕਰੀਬ ਅੱਧਾ ਦਰਜਨ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਅਧਿਆਪਕ ਹਰਜੀਤ ਸਿੰਘ ਮਾਨਸਾ 9 ਜੂਨ ਤੋਂ ਮੁੱਖ ਮੰਤਰੀ ਦੇ ਹਲਕਾ ਧੂਰੀ ਵਿੱਚ ਇੱਕ ਮੋਬਾਈਲ ਟਾਵਰ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ, ਜਦਕਿ ਹੋਰ ਅਧਿਆਪਕ ਟਾਵਰ ਹੇਠਾਂ ਧਰਨਾ ਦੇ ਰਹੇ ਹਨ। ਇਸ ਟਾਵਰ ਮੋਰਚੇ ਦੇ ਨਾਲ ਹੀ ਇੱਕ ਹੋਰ ਅਧਿਆਪਕ ਰਜਨੀਕਾਂਤ ਜਾਖੜ ਦਾ ਮਰਨ ਵਰਤ ਵੀ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
ਬੇਰੁਜ਼ਗਾਰ ਅਧਿਆਪਕਾਂ ਦਾ ਦੋਸ਼ ਹੈ ਕਿ ਲੰਬੇ ਸਮੇਂ ਤੋਂ ਸੰਘਰਸ਼ ਜਾਰੀ ਹੋਣ ਦੇ ਬਾਵਜੂਦ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਣਗੌਲੇ ਰਵੱਈਏ ਤੋਂ ਨਿਰਾਸ਼ ਹੋ ਕੇ ਉਹ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਅਤੇ ਜਦੋਂ ਤੱਕ ਉਨ੍ਹਾਂ ਨੂੰ ਸਕੂਲਾਂ ਵਿੱਚ ਨਿਯੁਕਤੀਆਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਅਧਿਆਪਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਜਲਦੀ ਮੁਕੰਮਲ ਕਰ ਕੇ ਯੋਗ ਬੇਰੁਜ਼ਗਾਰ ਅਧਿਆਪਕਾਂ ਨੂੰ ਸਕੂਲਾਂ ਵਿੱਚ ਨਿਯੁਕਤ ਕੀਤਾ ਜਾਵੇ। ਇਸ ਦੌਰਾਨ ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ’ਤੇ ਜਲਦੀ ਕੋਈ ਸਕਾਰਾਤਮਕ ਫ਼ੈਸਲਾ ਨਾ ਲਿਆ ਤਾਂ ਧੂਰੀ ਹਲਕੇ ਦੀਆਂ ਪਾਣੀ ਵਾਲੀਆਂ ਟੈਂਕੀਆਂ ਅਤੇ ਹੋਰ ਉੱਚੇ ਟਾਵਰਾਂ ’ਤੇ ਵੀ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਨਾਲ ਹੀ ਯੂਨੀਅਨ ਨੇ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸਰਕਾਰ ਖ਼ਿਲਾਫ਼ ਮੁਹਿੰਮ ਚਲਾਉਣ ਦਾ ਵੀ ਐਲਾਨ ਕੀਤਾ।