ਗੁਰਮੁੱਖ ਸਿੰਘ ਹਮੀਦੀ, ਮਹਿਲ ਕਲਾਂ : ਭਾਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਬਰਨਾਲਾ ਇਕਾਈ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਕਿਸਾਨ ਆਗੂਆਂ ਵਲੋਂ ਖ਼ਰੀਦ ਕੇਂਦਰ ਮਹਿਲ ਕਲਾਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਤੋਲ ਚੈੱਕ ਕਰਨ ਉਪਰੰਤ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਨੇ ਕਿਹਾ ਕਿ ਖ਼ਰੀਦ ਕੇਂਦਰਾਂ ਅੰਦਰ ਝੋਨੇ ਦੀ ਖ਼ਰੀਦ ਸੁਸਤ ਰਫ਼ਤਾਰ ਨਾਲ ਚੱਲਣ ਕਰਕੇ ਜਿੱਥੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਮੰਡੀਆਂ 'ਚ ਲਿਫਟਿੰਗ ਨਾ ਹੋਣ ਕਾਰਨ ਝੋਨੇ ਦਾ ਸਟਾਕ ਲਗਾਤਾਰ ਜਮ੍ਹਾਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਮੁਸ਼ਕਲ ਕਿਸਾਨ, ਮਜ਼ਦੂਰ ਜਾਂ ਆੜ੍ਹਤੀਆਂ ਨੂੰ ਆਉਂਦੀ ਹੈ ਤਾਂ ਤੁਰੰਤ ਧਿਆਨ 'ਚ ਲਿਆਂਦਾ ਜਾਵੇ। ਇਸ ਮੌਕੇ ਕਿਸਾਨ ਆਗੂ ਦਰਬਾਰਾ ਸਿੰਘ ਗਹਿਲ, ਅਮਨਦੀਪ ਸਿੰਘ ਬੀਹਲਾ, ਸੁਖਚੈਨ ਸਿੰਘ, ਡਾ. ਸਾਧੂ ਸਿੰਘ ਛੀਨੀਵਾਲ, ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ।