
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਿਜਲੀ ਸਪਲਾਈ ਦੇ ਲੱਗੇ ਬੇਲੋੜੇ ਕੱਟ ਬੰਦ ਕੀਤੇ ਜਾਣ : ਜਲੂਰ

ਸ਼ੰਭੂ ਗੋਇਲ, ਪੰਜਾਬੀ ਜਾਗਰਣ,
ਲਹਿਰਾਗਾਗਾ : ਖੇਤਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਅਤੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਪੂਰੇ ਅੱਠ ਘੰਟੇ ਬਿਜਲੀ ਸਪਲਾਈ ਦੇਣ ਵਿੱਚ ਨਾਕਾਮ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਲਹਿਰਾ ਦੇ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਨੇ ਦੱਸਿਆ, ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਟੇਜਾਂ ਤੋਂ ਖੇਤਾਂ ਲਈ ਦਿਨ ਸਮੇਂ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰਦੇ ਹਨ, ਪਰ ਕਿਸਾਨਾਂ ਨੂੰ ਦਿਨ ਸਮੇਂ ਤਾਂ ਕੀ, ਰਾਤ ਸਮੇਂ ਵੀ ਖੇਤਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਬਿਜਾਈ ਸਮੇਂ ਲੱਗਦੇ ਕੱਟਾਂ ਕਰਕੇ ਝੋਨੇ ਦੀ ਲਵਾਈ ਦਾ ਕੰਮ ਕਾਫੀ ਪੱਛੜਿਆ, ਜਿਸ ਕਾਰਨ ਝੋਨੇ ਦੀ ਲੁਆਈ ਵਿੱਚ ਦੇਰੀ ਹੋਈ। ਇਸ ਕਾਰਨ ਫ਼ਸਲ ਦਾ ਝਾੜ ਯਕੀਨਨ ਘਟੇਗਾ। ਹੁਣ ਜਦੋਂ ਝੋਨੇ ਦੀ ਫ਼ਸਲ ਨਿਸਾਰੇ ਵੱਲ ਵਧ ਰਹੀ ਹੈ, ਪਿਛਲੇ ਕਰੀਬ ਇੱਕ ਹਫ਼ਤੇ ਤੋਂ ਮੁੜ ਖੇਤਾਂ ਦੀ ਬਿਜਲੀ ਸਪਲਾਈ ਵਿੱਚ ਦੋ ਤੋਂ ਤਿੰਨ ਘੰਟਿਆਂ ਦੇ ਕੱਟ ਲਾਏ ਜਾ ਰਹੇ ਹਨ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਚਿੰਤਾ ਤੇ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਖੇਤਾਂ ਦੀ ਬਿਜਲੀ ਸਪਲਾਈ ਵਿੱਚ ਲੱਗ ਰਹੇ ਬੇਲੋੜੇ ਕੱਟ ਤੁਰੰਤ ਬੰਦ ਕੀਤੇ ਜਾਣ ਅਤੇ ਪੂਰੀ ਬਿਜਲੀ ਸਪਲਾਈ ਦਿੱਤੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਦੀ ਪੂਰੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਕਿਸਾਨ ਐਕਸੀਅਨ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਬਲਾਕ ਆਗੂ ਰਿੰਕੂ ਮੂਣਕ, ਬਿੰਦਰ ਲਹਿਲ ਕਲਾਂ, ਮਨਿੰਦਰ ਲਦਾਲ, ਨਿਰਭੈ ਸਿੰਘ ਕੱਲਰ ਭੈਣੀ, ਮਨਜੀਤ ਖਾਈ, ਬਲਕਾਰ ਲਹਿਲ ਖੁਰਦ , ਨਿੱਕਾ ਕੱਲਰ ਭੈਣੀ, ਕਾਲਾ ਕੱਲਰ ਭੈਣੀ , ਸੀਵ ਸਿੱਖ ਅਤੇ ਜਗਤਾਰ ਤਾਰਾ ਜਲੂਰ ਹਾਜ਼ਰ ਸਨ।