ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਗੋਇਲ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਗੋਇਲ
Publish Date: Sat, 22 Aug 2026 03:52 PM (IST)
Updated Date: Sun, 23 Aug 2026 04:00 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲਹਿਰਾਗਾਗਾ ਵਿਖੇ ਹਲਕਾ ਲਹਿਰਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਜਲਦ ਤੋਂ ਜਲਦ ਪਹੁੰਚ ਸਕੇ। ਮੰਤਰੀ ਨੇ ਸਰਪੰਚਾਂ ਤੋਂ ਉਨ੍ਹਾਂ ਦੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ, ਚੱਲ ਰਹੇ ਕੰਮਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਗੋਇਲ ਨੇ ਕਿਹਾ ਕਿ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲਾ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ, ਛੱਪੜਾਂ ਦੀ ਸਾਂਭ-ਸੰਭਾਲ ਅਤੇ ਹੋਰ ਜਨਤਕ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ, ਕਿ ਸਰਕਾਰ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਹਲਕਾ ਲਹਿਰਾ ਦੇ ਹਰੇਕ ਪਿੰਡ ਦਾ ਯੋਜਨਾਬੱਧ ਤੇ ਟਿਕਾਊ ਵਿਕਾਸ ਯਕੀਨੀ ਬਣਾਉਣਾ ਹੈ। ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡਾਂ ਦੀ ਸੁਚੱਜੀ ਵਰਤੋਂ ਕਰਦਿਆਂ ਹਰੇਕ ਪਿੰਡ ਤੱਕ ਵਿਕਾਸ ਦਾ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।