- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰੈਫਿਕ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ : ਪਵਨ ਸ਼ਰਮਾ

- ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ
ਭਵਾਨੀਗੜ੍ਹ : ਸੜਕ ਹਾਦਸਿਆਂ ਨੂੰ ਰੋਕਣ ਅਤੇ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਸ੍ਰੀ ਗੁਰੂ ਤੇਗ ਬਹਾਦਰ ਟਰੱਕ ਆਪ੍ਰੇਟਰ ਐਸੋਸੀਏਸ਼ਨ ਭਵਾਨੀਗੜ੍ਹ ਵਿਖੇ ਜ਼ਿਲ੍ਹਾ ਸੰਗਰੂਰ ਦੇ ਟ੍ਰੈਫਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਅਤੇ ਏਐੱਸਆਈ ਬਲਵਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਯੂਨੀਅਨ ਵਿਖੇ ਪਹੁੰਚ ਕੇ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਟਰੱਕ ਚਾਲਕਾਂ ਅਤੇ ਆਪ੍ਰੇਟਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸੜਕ ਸੁਰੱਖਿਆ ਨਾਲ ਜੁੜੇ ਅਹਿਮ ਮਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟ੍ਰੈਫਿਕ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਟਰੱਕ ਆਪ੍ਰੇਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਵਾਹਨ ਚਾਲਕ ਦੀ ਜ਼ਿੰਮੇਵਾਰੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਾਰਨ ਨਾ ਸਿਰਫ ਹਾਦਸਿਆਂ ਦਾ ਖਤਰਾ ਵੱਧਦਾ ਹੈ, ਸਗੋਂ ਆਮ ਲੋਕਾਂ ਦੀ ਜਾਨ ਵੀ ਖਤਰੇ ਵਿੱਚ ਪੈਂਦੀ ਹੈ। ਉਨ੍ਹਾਂ ਖਾਸ ਤੌਰ ’ਤੇ ਟਰੱਕ ਚਾਲਕਾਂ ਨੂੰ ਅਪੀਲ ਕੀਤੀ ਕਿ ਵਾਹਨਾਂ ਵਿੱਚ ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕੀਤੀ ਜਾਵੇ, ਕਿਉਂਕਿ ਇਸ ਨਾਲ ਧੁਨੀ ਪ੍ਰਦੂਸ਼ਣ ਵੱਧਦਾ ਹੈ ਅਤੇ ਹੋਰ ਰਾਹਗੀਰਾਂ ਅਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਸੰਗਰੂਰ ਪੁਲਿਸ ਲਾਈਨ ਦੇ ਗੇਟ ਤੋਂ ਵਾਹਨਾਂ ਨੂੰ ਨਾ ਮੋੜਿਆ ਜਾਵੇ ਅਤੇ ਟ੍ਰੈਫਿਕ ਨਿਯਮਾਂ ਅਨੁਸਾਰ ਹੀ ਗੱਡੀਆਂ ਦੀ ਆਵਾਜਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਹੜੇ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨਗੇ, ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਏਐੱਸਆਈ ਬਲਵਿੰਦਰ ਸਿੰਘ ਨੇ ਵੀ ਟਰੱਕ ਆਪਰੇਟਰਾਂ ਨਾਲ ਟ੍ਰੈਫਿਕ ਨਿਯਮਾਂ, ਸੜਕ ਸੁਰੱਖਿਆ ਅਤੇ ਜ਼ਿੰਮੇਵਾਰ ਡਰਾਈਵਿੰਗ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਹਰ ਹਾਲਤ ਵਿੱਚ ਟ੍ਰੈਫਿਕ ਸੰਕੇਤਾਂ ਅਤੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਸੜਕ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ। ਟਰੱਕ ਯੂਨੀਅਨ ਦੇ ਪ੍ਰਧਾਨ ਮਾਲਵਿੰਦਰ ਸਿੰਘ ਮਾਲਾ ਨੇ ਭਰੋਸਾ ਦਿਵਾਇਆ ਕਿ ਯੂਨੀਅਨ ਨਾਲ ਜੁੜੇ ਸਾਰੇ ਟਰੱਕ ਆਪਰੇਟਰ ਟਰੈਫਿਕ ਪੁਲਿਸ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਗੇ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਏਐੱਸਆਈ ਰਾਮ ਪ੍ਰਤਾਪ, ਲੇਡੀਜ ਹੈਂਡ ਕਾਂਸਟੇਬਲ ਬੇਅੰਤ ਕੌਰ ਤੋਂ ਇਲਾਵਾ ਸਾਬਕਾ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ, ਅਤੇ ਵਿਪਨ ਸ਼ਰਮਾ, ਆਤਮਾ ਸਿੰਘ ਬਾਲਦ, ਕੁਲਦੀਪ ਚਹਿਲ, ਇੰਦਰਜੀਤ ਸਿੰਘ ਮਾਹੀ, ਜਸਦੀਪ ਜੱਗੂ, ਸੁਖਵਿੰਦਰ ਸਿੰਘ ਬਹਿਲਾ ਆਦਿ ਹਾਜ਼ਰ ਸਨ।