<

p> ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਮੰਗਲਵਾਰ ਦੇਰ ਰਾਤ ਕਰੀਬ 10 ਵਜੇ ਰੇਲਵੇ ਸਟੇਸ਼ਨ ਸੇਖਾ ਫ਼ਾਟਕ ਨਜ਼ਦੀਕ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਨੌਜਵਾਨਾਂ ਦੇ ਇਕ ਧੜੇ ਨੇ ਤੇਜ਼ਧਾਰ ਹਥਿਆਰਾਂ ਨਾਲ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ 'ਤੇ ਹਮਲਾ ਕਰ ਦਿੱਤਾ, ਜਿਸ 'ਚ ਗੰਭੀਰ ਜਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਬਰਨਾਲਾ 'ਚ ਦਾਖ਼ਲ ਕਰਵਾਇਆ ਗਿਆ। ਘਟਨਾ ਤੋਂ ਪੀੜਤ ਨੌਜਵਾਨ ਵਿਸਾਲ ਨੇ ਦੱਸਿਆ ਕਿ ਉਹ ਆਪਣੇ ਸਾਥੀ ਸੇਵਕ ਸਿੰਘ ਤੇ ਅਕਸ਼ੇ ਕੁਮਾਰ ਦੇ ਨਾਲ ਮੋਟਰਸਾਈਕਲ 'ਤੇ ਸੇਖਾ ਰੋਡ ਦੇ ਰਸਤੇ ਜਾ ਰਿਹਾ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੀਆਂ ਦੋਵੇਂ ਬਾਹਾਂ ਟੁੱਟ ਗਈਆਂ ਤੇ ਸਿਰ 'ਚ ਵੀ ਗੰਭੀਰ ਸੱਟ ਲੱਗੀ ਹੈ ਪਰ ਦੂਸਰੇ ਸਾਥੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ।

ਥਾਣਾ ਸਿਟੀ -1 ਦੇ ਮੁਖੀ ਗੁਰਵੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਉਕਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਪੀੜਤਾਂ ਦੇ ਬਿਆਨ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।