- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵਕਰਮਾ ਜੀ ਕਿਰਤੀਆਂ, ਕਾਰੀਗਰਾਂ 'ਤੇ ਸ਼ਿਲਪਕਾਰਾਂ ਦੇ ਮਾਰਗਦਰਸ਼ਕ : ਭਰਾਜ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਸਥਾਨਕ ਸ਼ਹਿਰ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ ਅਤੇ ਔਜ਼ਾਰ ਪੂਜਾ ਨੂੰ ਸਮਰਪਿਤ ਭਗਵਾਨ ਸ੍ਰੀ ਵਿਸ਼ਵਕਰਮਾ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਮੰਦਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਜ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕਰਦਿਆਂ ਭਗਵਾਨ ਵਿਸ਼ਵਕਰਮਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਹਲਕਾ ਵਿਧਾਇਕ ਬੀਬਾ ਨਰਿੰਦਰ ਕੌਰ ਭਰਾਜ ਦਾ ਮੰਦਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਜ ਅਤੇ ਹੋਰ ਅਹੁਦੇਦਾਰਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਜੀਵਨ, ਮਹਾਨ ਸ਼ਖ਼ਸੀਅਤ ਅਤੇ ਸਿਰਜਣਾਤਮਕ ਯੋਗਦਾਨ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਕਿਰਤੀਆਂ, ਕਾਰੀਗਰਾਂ ਅਤੇ ਸ਼ਿਲਪਕਾਰਾਂ ਦਾ ਮਾਰਗਦਰਸ਼ਕ ਮੰਨਿਆ ਜਾਂਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਮਿਹਨਤ, ਲਗਨ ਅਤੇ ਹੁਨਰ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਵਿੱਚ ਕਿਰਤੀ ਵਰਗ ਦਾ ਅਹਿਮ ਯੋਗਦਾਨ ਹੈ ਅਤੇ ਹਰ ਵਿਅਕਤੀ ਨੂੰ ਮਿਹਨਤਕਸ਼ ਲੋਕਾਂ ਦੇ ਕੰਮ ਅਤੇ ਹੁਨਰ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਇਸ ਮੌਕੇ ਵਿਧਾਇਕ ਭਰਾਜ ਵੱਲੋਂ ਸੰਸਥਾ ਦੇ ਸ਼ੈੱਡ ਦੀ ਉਸਾਰੀ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਗਿਆ, ਜਿਸ ਦਾ ਹਾਜ਼ਰ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕਰਦਿਆਂ ਭਗਵਾਨ ਵਿਸ਼ਵਕਰਮਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਰਵਿੰਦ ਖੰਨਾ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਜੀਵਨ ਅਤੇ ਮਨੁੱਖਤਾ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦੀਪ ਮਿੱਤਲ ਦੀਪਾ, ਨਗਰ ਕੌਂਸਲ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ, ਰਣਜੀਤ ਸਿੰਘ ਮੁੰਦੜ, ਕਰਮਜੀਤ ਸਿੰਘ ਚੌਹਾਨ, ਮਨਦੀਪ ਸਿੰਘ ਮੁੰਦੜ, ਪ੍ਰੀਤ ਸਿੰਘ ਤੂਰ, ਰਾਜੂ ਪਨੇਸਰ ਹਾਜ਼ਰ ਸਨ।