- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਹੁਣ ਪੰਜਾਬ ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਹਰ ਥਾਂ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਕਾਂਗਰਸੀ ਵਰਕਰਾਂ ਖ਼ਿਲਾਫ਼ ਮਾਮਲੇ ਦਰਜ ਕਰਨੇ ਹਨ ਤਾਂ ਕਰ ਸਕਦੀ ਹੈ, ਪਰ ਕਾਂਗਰਸ ਆਪਣੇ ਵਿਰੋਧ ਤੋਂ ਪਿੱਛੇ ਨਹੀਂ ਹਟੇਗੀ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ: ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲੇ ਝੰਡੇ ਦਿਖਾਉਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਦੇ ਸਿਵਲ ਹਸਪਤਾਲ ਪਹੁੰਚ ਕੇ ਪੀੜਤ ਨੌਜਵਾਨ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ’ਤੇ ਤਿੱਖੇ ਸਵਾਲ ਚੁੱਕਦਿਆਂ ਕਥਿਤ ਤੌਰ ’ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਹੁਣ ਪੰਜਾਬ ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਹਰ ਥਾਂ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਕਾਂਗਰਸੀ ਵਰਕਰਾਂ ਖ਼ਿਲਾਫ਼ ਮਾਮਲੇ ਦਰਜ ਕਰਨੇ ਹਨ ਤਾਂ ਕਰ ਸਕਦੀ ਹੈ, ਪਰ ਕਾਂਗਰਸ ਆਪਣੇ ਵਿਰੋਧ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਥਿਤ ਤੌਰ ’ਤੇ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਢੁਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਪਾਰਟੀ ਡੀਜੀਪੀ ਅਤੇ ਰਾਜਪਾਲ ਨਾਲ ਮੁਲਾਕਾਤ ਕਰੇਗੀ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ’ਤੇ ਐੱਸਐੱਸਪੀ ਦਫ਼ਤਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ।
ਰਾਜਾ ਵੜਿੰਗ ਨੇ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਦਰਜ ਕਰਵਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ, ਪਰ ਪੁਲਿਸ ਵੱਲੋਂ ਇੱਕ ਆਮ ਨੌਜਵਾਨ ਨਾਲ ਕਥਿਤ ਤੌਰ ’ਤੇ ਅਣਮਨੁੱਖੀ ਵਿਵਹਾਰ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸੱਤਾ ਦੇ ਹੰਕਾਰ ਵਿੱਚ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।