- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਲਹਿਰਾ ਦੀ ਸਿਆਸਤ ’ਚ ਨਵਾਂ ਸਿਆਸੀ ਧਮਾਕਾ ਕਰਾਂਗੇ: ਹਾਰਦਿਕ ਨੈਨ

ਹਰਜੀਤ ਸਿੰਘ, ਪੰਜਾਬੀ ਜਾਗਰਣ,
ਖਨੌਰੀ : ਹਲਕਾ ਲਹਿਰਾ ਦੀ ਸਿਆਸਤ ਵਿੱਚ ਆਉਣ ਵਾਲੇ ਸਮੇਂ ਦੌਰਾਨ ਨਵੇਂ ਸਿਆਸੀ ਸਮੀਕਰਨ ਦੇਖਣ ਨੂੰ ਮਿਲ ਸਕਦੇ ਹਨ। ਪਿਛਲੇ ਕੁਝ ਮਹੀਨਿਆਂ ਤੋਂ ਸਮਾਜ ਸੇਵਾ ਰਾਹੀਂ ਲੋਕਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਮਾਸਟਰ ਕਾਲੀ ਰਾਮ ਫਾਊਂਡੇਸ਼ਨ ਦੇ ਫਾਊਂਡਰ ਹਾਰਦਿਕ ਨੈਨ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੀ ਸਿਆਸੀ ਪਾਰੀ ਦਾ ਆਗਾਜ਼ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਨੇ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਪਹਿਲਾਂ ਜਿੱਥੇ ਉਨ੍ਹਾਂ ਦੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰਨ ਦੇ ਕਿਆਸ ਲਗਾਏ ਜਾ ਰਹੇ ਸਨ, ਉੱਥੇ ਹੁਣ ਭਾਜਪਾ ਨਾਲ ਜੁੜਨ ਤੋਂ ਬਾਅਦ ਉਨ੍ਹਾਂ ਦੀ ਅਗਲੀ ਸਿਆਸੀ ਭੂਮਿਕਾ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਦਿਲਚਸਪੀ ਵਧ ਗਈ ਹੈ।
ਹਾਰਦਿਕ ਨੈਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਹੈ। ਘਰ-ਘਰ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ, ਨੌਜਵਾਨਾਂ ਨੂੰ ਹੁਨਰਮੰਦ ਬਣਾਉਣ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਸਮਾਜਿਕ ਕਾਰਜਾਂ ਰਾਹੀਂ ਲੋਕਾਂ ਦਾ ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਇਸੇ ਸੋਚ ਨੂੰ ਸਿਆਸੀ ਮੰਚ ਰਾਹੀਂ ਹੋਰ ਵੱਡੇ ਪੱਧਰ ’ਤੇ ਅੱਗੇ ਲਿਜਾਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਿਛੋਕੜ ਚੌਧਰੀ ਬੈਲਟ ਦੇ ਪਿੰਡ ਗੁਲਾੜੀ ਨਾਲ ਜੁੜਿਆ ਹੋਇਆ ਹੈ ਅਤੇ ਇਸ ਖੇਤਰ ਨਾਲ ਉਨ੍ਹਾਂ ਦਾ ਪਰਿਵਾਰਿਕ ਗੂੜਾ ਰਿਸ਼ਤਾ ਕਾਫ਼ੀ ਪੁਰਾਣਾ ਹੈ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਲੋਕਾਂ ਨਾਲ ਬਣਿਆ ਸਿੱਧਾ ਸੰਪਰਕ ਅਤੇ ਸਮਾਜ ਸੇਵਾ ਦੌਰਾਨ ਮਿਲਿਆ ਪਿਆਰ ਭਵਿੱਖ ਵਿੱਚ ਸਿਆਸੀ ਤਾਕਤ ਵਿੱਚ ਵੀ ਬਦਲੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕਿਸੇ ਅਹੁਦੇ ਜਾਂ ਨਿੱਜੀ ਲਾਭ ਲਈ ਨਹੀਂ, ਸਗੋਂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦੀ ਸੋਚ ਨਾਲ ਲਿਆ ਹੈ। ਜੇਕਰ ਪਾਰਟੀ ਉਨ੍ਹਾਂ ਨੂੰ ਹਲਕਾ ਲਹਿਰਾ ਤੋਂ ਉਮੀਦਵਾਰ ਬਣਾਉਂਦੀ ਹੈ ਤਾਂ ਉਹ ਪੂਰੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਚੋਣ ਲੜਨਗੇ।
ਹਾਰਦਿਕ ਨੈਨ ਨੇ ਵਿਸ਼ਵਾਸ ਜਤਾਇਆ ਕਿ ਜੇਕਰ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਦੀ ਹੈ ਤਾਂ ਹਲਕਾ ਲਹਿਰਾ ਵਿੱਚ ਪਾਰਟੀ ਨੂੰ ਮਜ਼ਬੂਤ ਮੁਕਾਬਲੇ ਵਿੱਚ ਲਿਆਉਣ ਦੇ ਨਾਲ-ਨਾਲ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਸਿਰਫ਼ ਚੋਣ ਲੜਨਾ ਨਹੀਂ, ਸਗੋਂ ਲਹਿਰਾ ਵਿੱਚ ਇੱਕ ਅਜਿਹੀ ਸਿਆਸੀ ਤਾਕਤ ਖੜ੍ਹੀ ਕਰਨਾ ਹੈ ਜੋ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਵੇ।