- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਨਰਜੀਤ ਗੋਲਡੀ ਨੇ ਅਮਨ ਅਰੋੜਾ ਤੋਂ ਮੰਗਿਆ ਜਵਾਬ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੋਂ ਜਵਾਬ ਮੰਗਿਆ ਹੈ ਕਿ ਆਮ ਆਦਮੀ ਪਾਰਟੀ ਈਡੀ ਦੀ ਚੱਲ ਰਹੀ ਛਾਪੇਮਾਰੀ ਦੌਰਾਨ ਗਮਾਡਾ ਦੇ ਦਫ਼ਤਰ ਮੂਹਰੇ ਧਰਨਾ ਦੇਕੇ ਕਿਸ ਨੂੰ ਬਚਾਉਣਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਪਾਕ ਸਾਫ਼ ਦਾਮਨ ਦਾ ਦਾਅਵਾ ਕਰਨ ਵਾਲਿਆਂ ਨੂੰ ਸੱਚ ਸਾਹਮਣੇ ਆਉਣ ਦੇਣਾ ਚਾਹੀਦਾ ਹੈ। ਵੀਰਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਅਮਨ ਅਰੋੜਾ ਆਮ ਆਦਮੀ ਪਾਰਟੀ ਦਾ ਸੂਬਾ ਪ੍ਰਧਾਨ ਹੋਣ ਦੇ ਨਾਤੇ ਇਹ ਸਪੱਸ਼ਟ ਕਰਨ ਕਿ ਈਡੀ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਉਹ ਆਖਰ ਕਿਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਮੰਤਰੀਆਂ 'ਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਕਿਹਾ ਕਿ ਜਾਂਚ ਏਜੰਸੀਆਂ ਦੀ ਕਾਰਵਾਈ ਤੋਂ ਡਰ ਕੇ ਇਹ ਧਰਨੇ-ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤਾਂ ਜੋ ਆਪਣੇ ਚਹੇਤਿਆਂ ਅਤੇ ਘਪਲੇਬਾਜ਼ਾਂ ’ਤੇ ਪਰਦਾ ਪਾਇਆ ਜਾ ਸਕੇ। ਵਿਨਰਜੀਤ ਗੋਲਡੀ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਇਮਾਨਦਾਰੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਸਨ, ਪਰ ਹੁਣ ਜਦੋਂ ਜਾਂਚ ਏਜੰਸੀਆਂ ਕਾਰਵਾਈ ਕਰ ਰਹੀਆਂ ਹਨ ਤਾਂ ਇਹ ਕੇਂਦਰੀ ਏਜੰਸੀਆਂ ਦੇ ਦਫ਼ਤਰਾਂ ਅੱਗੇ ਧਰਨੇ ਦੇ ਕੇ ਜਾਂਚ ਵਿੱਚ ਵਿਘਨ ਪਾਉਣ ਅਤੇ ਮੁੱਦੇ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਗਮਾਡਾ ਦੇ ਡਿਫਾਲਟਰਾਂ ਨੂੰ ਸੂਬਾ ਸਰਕਾਰ ਦੀ ਸ਼ਹਿ ਤੇ ਕੰਮ ਅਲਾਟ ਕੀਤੇ ਜਾ ਰਹੇ ਹਨ ਅਜਿਹੇ ਹਾਲਾਤਾਂ ਵਿੱਚ ਨਿਰਪੱਖ ਏਜੰਸੀ ਦੀ ਜਾਂਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਈਡੀ ਦੀ ਜਾਂਚ ਦੌਰਾਨ ਗਮਾਡਾ ਦਫ਼ਤਰ ਤੇ ਡਿਊਟੀ ਵਿਚ ਵਿਘਨ ਪਾਉਣ, ਦਫ਼ਤਰ ਦੇ ਸੀਸੇ ਤੋੜਨ ਅਤੇ ਗੱਡੀਆਂ ਦੀ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਕੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਨਸ਼ਿਆ ਦਾ ਕਾਲਾ ਕਾਰੋਬਾਰ ਸ਼ਰੇਆਮ ਚੱਲ ਰਿਹਾ ਹੈ ਸਰਕਾਰ ਮੂਕ ਦਰਸ਼ਕ ਬਣਕੇ ਲੋਕਾਂ ਨੂੰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਗੁੰਮਰਾਹ ਕਰ ਰਹੀ ਹੈ।