ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ :

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਗਏ ਸੰਘਰਸ਼ ਦੌਰਾਨ ਜਥੇਬੰਦੀ ਵੱਲੋਂ ਦਿੱਤੇ ਮੁਕੰਮਲ ਬੰਦ ਦੇ ਸੱਦੇ 'ਤੇ ਚੀਮਾ ਮੰਡੀ ਦੇ ਮੁੱਖ ਮਾਰਗ 'ਤੇ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੋਂ ਇਲਾਵਾ ਵੱਖ-ਵੱਖ ਕਿਸਾਨ, ਮਜ਼ਦੂਰ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਤਾਂ ਅਸੀਂ ਕਿਸਾਨਾਂ ਦੇ ਹਿੱਤਾਂ ਲਈ ਡਾ. ਸਵਾਮੀ ਨਾਥਨ ਰਿਪੋਰਟ ਲਾਗੂ ਕਰਾਂਗੇ ਪਰ ਡਾ. ਸਵਾਮੀ ਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਬਜਾਏ ਉਲਟਾ ਮੋਦੀ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ ਲਈ ਖੇਤੀ ਬਿੱਲ ਲੈ ਕੇ ਆ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਇਹ ਤਿੰਨ ਖੇਤੀ ਬਿੱਲ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ।

ਯੂਨੀਅਨ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿੱਚ ਕੀਤੇ ਗਏ ਧਰਨੇ ਨੂੰ ਮੁੱਖ ਰੱਖਦੇ ਹੋਏ ਕਸਬਾ ਚੀਮਾ ਮੰਡੀ ਦਾ ਕਾਰੋਬਾਰ ਪੂਰੀ ਤਰ੍ਹਾਂ ਬੰਦ ਰਿਹਾ ਹੈ ਅਤੇ ਹਰ ਇੱਕ ਛੋਟੇ ਤੋਂ ਛੋਟੇ ਦੁਕਾਨਦਾਰ ਅਤੇ ਕਾਰੋਬਾਰੀਆਂ ਨੇ ਆਪਣਾ ਕੰਮ ਬੰਦ ਰੱਖ ਕੇ ਇਸ ਧਰਨੇ ਵਿੱਚ ਸ਼ਮੂਲੀਅਤ ਕੀਤੀ।

--------