
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਢੰਡੋਲੀ ਕਲਾਂ ’ਚ ਪਾਣੀ ਦੀ ਟੈਂਕੀ ਦਾ ਕੰਮ ਕਰਵਾਇਆ ਸ਼ੁਰੂ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਮਹਿਲਾਵਾਂ ਨੂੰ ਹੁਨਰਮੰਦ ਬਣਾ ਕੇ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਢੰਡੋਲੀ ਕਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਜਾਇਜ਼ਾ ਲੈਣ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 1 ਕਰੋੜ 14 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਣੀ ਵਾਲੀ ਟੈਂਕੀ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕਰਵਾਈ। ਚੀਮਾ ਨੇ ਦੱਸਿਆ ਕਿ ਢੰਡੋਲੀ ਕਲਾਂ ਤੋਂ ਰੋਗਲਾ ਤੱਕ 4 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ |ਤੇ 2 ਕਰੋੜ 60 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸੜਕ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਅਗਲੇ 10 ਤੋਂ 15 ਦਿਨਾਂ ਅੰਦਰ ਕੰਮ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਪਿੰਡ ਵਿੱਚ 01 ਕਰੋੜ 44 ਲੱਖ ਨਾਲ ਸਟੇਡੀਅਮ ਦਾ ਕੰਮ ਵੀ ਜਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਢੰਡੋਲੀ ਕਲਾਂ ਵਿੱਚ ਪੰਚਾਇਤ ਵੱਲੋਂ ਮੁਹੱਈਆ ਕਰਵਾਈ ਜ਼ਮੀਨ ’ਤੇ ਇੱਕ ਬਹੁ-ਮੰਤਵੀ ਖੇਡ ਸਟੇਡੀਅਮ ਵਿਕਸਤ ਕੀਤਾ ਜਾ ਰਿਹਾ ਹੈ। ਇਸ ਸਟੇਡੀਅਮ ਵਿੱਚ ਫੁਟਬਾਲ, ਹਾਕੀ, ਕ੍ਰਿਕਟ, ਕਬੱਡੀ ਅਤੇ ਵਾਲੀਬਾਲ ਸਮੇਤ ਵੱਖ-ਵੱਖ ਖੇਡਾਂ ਲਈ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਨਾਲ 20 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਟੋਭੇ ਦੀ ਕਾਇਆ ਕਲਪ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਪਿੰਡ ਵਿੱਚ ਚੱਲ ਰਹੇ ਸਿਲਾਈ ਅਤੇ ਕਢਾਈ ਸਿਖਲਾਈ ਸੈਂਟਰ ਦਾ ਦੌਰਾ ਕਰਕੇ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਨਾਲ ਗੱਲਬਾਤ ਕੀਤੀ। ਡਿਜੀਟਲ ਅਤੇ ਆਨਲਾਈਨ ਮੰਚਾਂ ਦੀ ਵਰਤੋਂ ਕਰਕੇ ਪਿੰਡਾਂ ਦੀਆਂ ਮਹਿਲਾਵਾਂ ਅਤੇ ਲੜਕੀਆਂ ਆਪਣੇ ਉਤਪਾਦਾਂ ਨੂੰ ਦੇਸ਼-ਵਿਦੇਸ਼ ਦੇ ਗਾਹਕਾਂ ਤੱਕ ਪਹੁੰਚਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਭਲੀ-ਭਾਂਤ ਜਾਣੂ ਹਨ ਅਤੇ ਹੁਣ ਸੂਬੇ ਦੇ ਲੋਕ ਵਿਕਾਸ, ਰੋਜ਼ਗਾਰ, ਬਿਹਤਰ ਸਿੱਖਿਆ, ਸਿਹਤ ਸਹੂਲਤਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਤਰਜੀਹ ਦੇ ਰਹੇ ਹਨ।
ਇਸ ਮੌਕੇ ਓਐਸਡੀ ਤਪਿੰਦਰ ਸਿੰਘ ਸੋਹੀ, ਇੰਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਹਾਜ਼ਰ ਸਨ।