- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜ਼ਦੂਰਾਂ ਦਾ ਵਿੱਤ ਮੰਤਰੀ ਚੀਮਾ ਦੇ ਦਫਤਰ ਅੱਗੇ ਧਰਨਾ 7ਵੇਂ ਦਿਨ ’ਚ ਦਾਖ਼ਲ

ਦਲਿਤਾਂ ਮਜ਼ਦੂਰਾਂ ਵੱਲੋਂ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜਬਾ : ਪਿੰਡ ਸ਼ਾਦੀਹਰੀ ਦੇ ਦਲਿਤ ਭਾਈਚਾਰੇ ਵੱਲੋਂ ਨਜ਼ੂਲ ਜ਼ਮੀਨ ਦੇ ਮਸਲੇ ਦੇ ਪੱਕੇ ਹੱਲ ਲਈ ਲਾਇਆ ਗਿਆ ਧਰਨਾ 7ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਮਸਲੇ ਦਾ ਕੋਈ ਠੋਸ ਹੱਲ ਨਾ ਕੱਢੇ ਜਾਣ ਦੇ ਰੋਸ ਵਜੋਂ ਦਲਿਤ ਭਾਈਚਾਰੇ ਵੱਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਬਿੱਕਰ ਸਿੰਘ ਹਥੋਆ ਅਤੇ ਗੁਰਵਿੰਦਰ ਸ਼ਾਦੀਹਰੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਦਲਿਤ ਭਾਈਚਾਰੇ ਦੇ ਮਸਲਿਆਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਸ਼ਾਦੀਹਰੀ ਦੀ ਨਜ਼ੂਲ ਜ਼ਮੀਨ ਦੇ ਮਸਲੇ ਦਾ ਪੱਕਾ ਹੱਲ ਕਰਨ ਦੀ ਬਜਾਏ ਪ੍ਰਸ਼ਾਸਨ ਵੱਲੋਂ ਲਗਾਤਾਰ ਟਾਲ ਮਟੋਲ ਕੀਤੀ ਜਾ ਰਹੀ ਹੈ, ਜਿਸ ਕਾਰਨ ਪਿੰਡ ਦਾ ਮਾਹੌਲ ਦਿਨੋ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਇਸ ਬੇਰੁਖ਼ੀ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਨੂੰ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਤੋਂ ਪਹਿਲਾਂ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਅੱਜ ਧਰਨੇ ਵਾਲੀ ਥਾਂ ’ਤੇ ਲਹਿਰਾ-ਦਿੜ੍ਹਬਾ ਇਲਾਕੇ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਆਗੂਆਂ ਨੇ ਪ੍ਰਸ਼ਾਸਨ ਦੇ ਰਵੱਈਏ ਵਿਰੁੱਧ ਰੋਸ ਪ੍ਰਗਟ ਕਰਦਿਆਂ ਫ਼ੈਸਲਾ ਕੀਤਾ ਕਿ ਇਸ ਸੰਘਰਸ਼ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ। ਇਸ ਤਹਿਤ ਹਰ ਰੋਜ਼ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਧਰਨੇ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਹਰ ਰੋਜ਼ ਪਿੰਡ ਸ਼ਾਦੀਹਰੀ ਦੇ ਤਿੰਨ ਵਿਅਕਤੀ ਅਤੇ ਬਾਹਰਲੇ ਪਿੰਡਾਂ ਦੇ ਦੋ ਵਿਅਕਤੀ ਭੁੱਖ ਹੜਤਾਲ ’ਤੇ ਬੈਠਣਗੇ। ਆਗੂਆਂ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਕੇ ਅਗਲੇ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾਵੇਗੀ ਅਤੇ ਸ਼ਹਿਰ ਦਿੜ੍ਹਬਾ 'ਚ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ ਉਨ੍ਹਾਂ ਸਪੱਸ਼ਟ ਕੀਤਾ ਕਿ ਪਿੰਡ ਸ਼ਾਦੀਹਰੀ ਦੀ ਨਜ਼ੂਲ ਜ਼ਮੀਨ ਦੇ ਮਸਲੇ ਦਾ ਪੱਕਾ ਅਤੇ ਇਨਸਾਫ਼ਪੂਰਨ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਗੁਰਜੰਟ ਰਾਜੂ, ਮੱਖਣ ਸਿੰਘ, ਬਿੰਦਰ ਸਿੰਘ, ਗੂਰਪਿਆਰ ਖਾਲਸਾ, ਜਰਨੈਲ ਸਿੰਘ, ਸੀਤਾ ਸਿੰਘ ਹਾਜ਼ਰ ਸਨ।