ਨੌਜਵਾਨ ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਨੌਜਵਾਨ ਕਾਂਗਰਸੀਆਂ ਨੇ ਭੰਡੀ ਮੋਦੀ ਹਕੂਮਤ
Publish Date: Wed, 18 Mar 2026 04:29 PM (IST)
Updated Date: Wed, 18 Mar 2026 04:31 PM (IST)

- ਕਿਹਾ, ਭਾਰਤ-ਅਮਰੀਕਾ ਵਪਾਰ ਸਮਝੌਤਾ ਖੇਤੀ ਕਿੱਤੇ ਲਈ ਘਾਤਕ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ : ਕੇਂਦਰੀ ਹਕੂਮਤ ਵੱਲੋਂ ਅਮਰੀਕਾ ਨਾਲ ਸਹੀਬੱਧ ਕੀਤੇ ਵਪਾਰ ਸਮਝੌਤੇ ਖ਼ਿਲਾਫ਼ ਕੁੱਲ ਹਿੰਦ ਯੂਥ ਕਾਂਗਰਸ ਨੇ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਆਖਿਆ ਕਿ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰ ਕੇ ਖੇਤੀ ਕਿੱਤੇ ਨੂੰ ਤਬਾਹ ਕਰਨ ਵੱਲ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਸਮਝੌਤੇ ਤਹਿਤ ਖੇਤੀ ਤੋਂ ਇਲਾਵਾ ਡੇਅਰੀ ਫਾਰਮਿੰਗ ਨੂੰ ਵੱਡਾ ਨੁਕਸਾਨ ਝੱਲਣਾ ਪਵੇਗਾ। ਨੌਜਵਾਨ ਕਾਂਗਰਸੀ ਆਗੂ ਐਡਵੋਕੇਟ ਲੌਂਗੋਵਾਲ ਨੇ ਆਖਿਆ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਹੱਕ ਦਰ ਕਿਨਾਰ ਕਰ ਕੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ। ਦੇਸ਼ ਦੀ ਜਨਤਾ ਭਾਰਤੀ ਜਨਤਾ ਪਾਰਟੀ ਨੂੰ ਕਦੇ ਮਾਫ਼ ਨਹੀਂ ਕਰੇਗੀ। ਆਮ ਆਦਮੀ ਪਾਰਟੀ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਨੂੰ ਮੁੱਢੋਂ ਖ਼ਾਰਜ ਕਰਦਿਆਂ ਨੌਜਵਾਨ ਆਗੂ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਨੇ ਆਖਿਆ ਕਿ ਸੂਬੇ ਦੀ ਸਰਕਾਰ ਅੰਕੜੇ ਪੇਸ਼ ਕਰ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਤੋਂ ਹਿਸਾਬ ਮੰਗਣਗੇ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਮੁਲਕ ਅਤੇ ਸੂਬਿਆਂ ਦੀ ਤਰੱਕੀ ਨੂੰ ਤਰਜੀਹ ਦਿੱਤੀ ਹੈ, ਜਦਕਿ ਭਾਜਪਾ ਨੇ ਧਰਮ ਨੂੰ ਢਾਲ ਬਣਾ ਕੇ ਵਰਤਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਧਰਮ ਨਿਰਪੱਖਤਾ ’ਤੇ ਪਹਿਰਾ ਦਿੰਦਿਆਂ ਹਰ ਵਰਗ ਲਈ ਯੋਜਨਾਵਾਂ ਚਲਾਈਆਂ ਹਨ।