ਖੇਤੀਬਾੜੀ ਵਿਭਾਗ ਨੇ ਪਿੰਡ ਠੀਕਰੀਵਾਲ ’ਚ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ

- ਕਿਸਾਨਾਂ ਨੂੰ ਝੋਨੇ ਦੀ ਰਵਾਇਤੀ ਲਵਾਈ ਦੀ ਬਜਾਏ ਲਾਹੇਵੰਦ ਤਕਨੀਕ ਅਪਣਾਉਣ ਦਾ ਸੱਦਾ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹੇ ਅੰਦਰ ਪਾਣੀ ਦੀ ਬੱਚਤ ਅਤੇ ਖੇਤੀ ਖਰਚੇ ਘਟਾਉਣ ਦੇ ਮਕਸਦ ਨਾਲ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ ਤਕਨੀਕ) ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸੇ ਲੜੀ ਤਹਿਤ ਪਿੰਡ ਠੀਕਰੀਵਾਲ ਜ਼ਿਲ੍ਹਾ ਬਰਨਾਲਾ ਵਿਖੇ ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਖੇਤਾਂ ’ਚ ਤਕਰੀਬਨ 10 ਏਕੜ ਰਕਬੇ ’ਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਖੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ (ਡੀਐੱਸਆਰ) ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਕਿਸਾਨਾਂ ਦਾ ਉਤਸਾਹ ਹੋਰ ਵਧਿਆ। ਮੁੱਖ ਖੇਤੀਬਾੜੀ ਅਫ਼ਸਰ ਅਤੇ ਵਿਭਾਗੀ ਟੀਮ ਆਧੁਨਿਕ ਮਸ਼ੀਨਰੀ ਨਾਲ ਖੇਤ ’ਚ ਬਿਜਾਈ ਕਰਵਾ ਰਹੀ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਇੰਜੀਨੀਅਰ ਹਰਮਨਪ੍ਰੀਤ ਸਿੰਘ ਅਤੇ ਤਕਨੀਸ਼ੀਅਨ ਬੇਅੰਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਹਾਜ਼ਰ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਕਿਸਾਨਾਂ ਨਾਲ ਡੀਐੱਸਆਰ ਸਬੰਧੀ ਅਹਿਮ ਤਕਨੀਕੀ ਨੁਕਤੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਇਹ ਤਕਨੀਕ ਰਵਾਇਤੀ ਝੋਨਾ ਲਾਉਣ ਦੇ ਮੁਕਾਬਲੇ ਕਿਤੇ ਵੱਧ ਲਾਹੇਵੰਦ ਹੈ। ਇਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਵੱਡੀ ਬੱਚਤ ਹੁੰਦੀ ਹੈ, ਉੱਥੇ ਹੀ ਲੇਬਰ ਦਾ ਖਰਚਾ ਅਤੇ ਡੀਜ਼ਲ ਦੀ ਖਪਤ ਘਟਣ ਨਾਲ ਖੇਤੀ ਲਾਗਤ ’ਚ ਭਾਰੀ ਕਮੀ ਆਉਂਦੀ ਹੈ। ਡਾ. ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2026-27 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਦੇ ਲਈ ਵਿਭਾਗ ਦੇ ਪੋਰਟਲ ’ਤੇ ਆਨਲਾਈਨ ਰਜਿਸਟ੍ਰੇਸ਼ਨ 10 ਮਈ ਤੋਂ ਸ਼ੁਰੂ ਹੋ ਚੁੱਕੀ ਹੈ। ਕਿਸਾਨ ਆਪਣੇ ਆਧਾਰ ਕਾਰਡ, ਬੈਂਕ ਖਾਤੇ ਦੇ ਵੇਰਵੇ ਅਤੇ ਜ਼ਮੀਨ ਦੀ ਜਾਣਕਾਰੀ (ਖੇਵਟ/ਖਤੌਨੀ ਨੰਬਰ) ਨਾਲ ਪੋਰਟਲ ’ਤੇ ਆਪਣਾ ਇੰਦਰਾਜ ਕਰਵਾ ਸਕਦੇ ਹਨ। ਅਪਲਾਈ ਕੀਤੀਆਂ ਅਰਜ਼ੀਆਂ ਦੀ ਤਸਦੀਕ ਵਿਭਾਗ ਦੇ ਮਾਹਿਰਾਂ ਵੱਲੋਂ 15 ਜੁਲਾਈ ਤੋਂ 15 ਅਗਸਤ ਦਰਮਿਆਨ ਕੀਤੀ ਜਾਵੇਗੀ, ਜਿਸ ਤੋਂ ਬਾਅਦ ਪ੍ਰੋਤਸਾਹਨ ਰਾਸ਼ੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਟਰਾਂਸਫਰ ਕਰ ਦਿੱਤੀ ਜਾਵੇਗੀ। ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਲਗਾਤਾਰ ਡੀਐੱਸਆਰ ਵਿਧੀ ਨਾਲ ਹੀ ਝੋਨੇ ਦੀ ਕਾਸ਼ਤ ਕਰਦੇ ਆ ਰਹੇ ਹਨ ਅਤੇ ਇਹ ਵਿਧੀ ਉਨ੍ਹਾਂ ਲਈ ਬਹੁਤ ਫਾਇਦੇਮੰਦ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਉਹ ਆਪਣੇ ਅਤੇ ਆਪਣੇ ਨੇੜਲੇ ਪਿੰਡਾਂ ਦੇ ਰਕਬੇ ਨੂੰ ਮਿਲਾ ਕੇ ਤਕਰੀਬਨ 25 ਏਕੜ ਰਕਬੇ ’ਚ ਇਸੇ ਤਕਨੀਕ ਰਾਹੀਂ ਝੋਨੇ ਦੀ ਬਿਜਾਈ ਕਰਨ ਜਾ ਰਹੇ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਇਲਾਕੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਾਣੀ ਦੀ ਹਰ ਬੂੰਦ ਬਚਾਉਣ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਰਵਾਇਤੀ ਤਰੀਕੇ ਛੱਡ ਕੇ ਵੱਧ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ।