ਝੋਨੇ ਦੀਆਂ ਸਿਫਾਰਿਸ਼ ਕਿਸਮਾਂ ’ਤੇ ਖਾਦ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ
ਝੋਨੇ ਦੀਆਂ ਸਿਫਾਰਿਸ਼ ਕਿਸਮਾਂ 'ਤੇ ਖਾਦ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ
Publish Date: Wed, 13 May 2026 04:26 PM (IST)
Updated Date: Wed, 13 May 2026 04:27 PM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ ਭਵਾਨੀਗੜ੍ਹ : ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਦੇਖਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਵੱਲੋਂ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ ਨੂੰ ਮਿੱਟੀ ਪਰਖ ਕਰਵਾ ਕੇ ਖਾਦਾਂ ਪਾਉਣ ਅਤੇ ਫਾਸਫੋਰਸ ਖਾਦ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਪਿੰਡ ਘਾਬਦਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ਤੇ ਹੀ ਖਾਦਾਂ ਪਾਉਣ ਲਈ ਪ੍ਰੇਰਦੇ ਹੋਏ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਜਿੱਥੇ ਖੇਤੀ ਖਰਚੇ ਘਟਣਗੇ ਉੱਥੇ ਝਾੜ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਨੇ ਮੌਕੇ ਤੇ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਅਤੇ ਮਿੱਟੀ ਦਾ ਨਮੂਨਾ ਲੈ ਕੇ ਦਿਖਾਇਆ। ਕਿਸਾਨਾਂ ਨੂੰ ਯੂਰੀਆ ਖਾਦ ਦੀ ਸੰਜਮ ਨਾਲ ਵਰਤੋਂ ਅਤੇ ਕਈ ਥੈਲੇ ਇੱਕੋ ਸਮੇਂ ਤੇ ਵਰਤਣ ਤੋਂ ਗੁਰੇਜ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਪੂਰੀ ਮਾਤਰਾ ਹੀ ਪਾਉਣ। ਜੈਵਿਕ ਖਾਦਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਜਿੱਥੇ ਝਾੜ ਵਧਾਉਣ ਵਿੱਚ ਸਹਾਈ ਹੁੰਦਾ ਹੈ ਉੱਥੇ ਜ਼ਮੀਨ ਦੀ ਜੈਵਿਕ ਸਿਹਤ ਨੂੰ ਵੀ ਸੁਧਾਰਦਾ ਹੈ। ਡਾ. ਗਰਗ ਨੇ ਪੀਏਯੂ ਵੱਲੋਂ ਸਿਫਾਰਸ਼ ਕਿਸਮਾਂ ਜਿਵੇਂ ਕਿ ਪੀਆਰ 131, ਪੀਆਰ 132, ਪੀਆਰ 126 ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਉਹਨਾਂ ਨੇ ਨਵੀਂ ਕਿਸਮ ਪੀ ਆਰ 133 ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਕਿਸਮ ਲੁਆਈ ਤੋਂ ਬਾਅਦ ਲਗਭਗ 111 ਦਿਨਾਂ ਵਿੱਚ ਪੱਕ ਜਾਂਦੀ ਹੈ । ਬਾਸਮਤੀ ਵਿੱਚ ਪੂਸਾ ਬਾਸਮਤੀ 1509 ਅਤੇ 1847 ਵਿੱਚ ਖਾਦਾਂ ਦੀ ਲੋੜ ਅਤੇ ਝੰਡਾ ਰੋਗ ਦੀ ਰੋਕਥਾਮ ਲਈ ਬੀਜ ਸੋਧ ਬਾਰੇ ਵਿਸਥਾਰਪੂਰਵਕ ਚਰਚਾ ਹੋਈ। ਪਿੰਡ ਦੇ ਅਗਾਂਹਵਧੂ ਕਿਸਾਨ ਸਤਨਾਮ ਸਿੰਘ, ਯਾਦਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਸਤਨਾਮ ਸਿੰਘ,ਪਰਮਲ ਸਿੰਘ ਅਤੇ ਹੋਰ ਕਿਸਾਨ ਵੀਰਾਂ ਨੇ ਕੈਂਪ ਲਾਉਣ ਵਿੱਚ ਪੂਰਾ ਯੋਗਦਾਨ ਪਾਇਆ। ਅੰਤ ਵਿੱਚ ਕਿਸਾਨਾਂ ਲਈ ਪੀਏਯੂ ਲੁਧਿਆਣਾ ਵਲੋਂ, ਪੀਆਰ 126 ਦਾ ਬੀਜ, ਬਾਈਪਾਸ ਫੈਟ, ਖੇਤੀ ਸਾਹਿਤ ਦੀ ਵਿੱਕਰੀ ਵੀ ਕੀਤੀ ਗਈ। ਕਿਸਾਨਾਂ ਦੁਆਰਾ ਉਠਾਏ ਗਏ ਬਹੁਤ ਸਾਰੇ ਸਵਾਲਾਂ ਦੇ ਜਵਾਬ ਬਾਖੂਬੀ ਤਰਤੀਬ-ਬੱਧ ਤਰੀਕੇ ਨਾਲ ਦਿੱਤੇ ਗਏ। ਕਿਸਾਨਾਂ ਵੱਲੋਂ ਮਿੱਟੀ ਪਰਖ ਕਰਵਾਉਣ ਲਈ ਹਾਮੀ ਵੀ ਭਰੀ ਗਈ। ਅਖੀਰ ਵਿੱਚ ਫਾਰਮ ਸਲਾਹਕਾਰ ਸੇਵਾ ਕੇਂਦਰ ਦੀ ਟੀਮ ਨੇ ਪਰਮਲ ਸਿੰਘ ਦੇ ਡਰੈਗਨ ਫਰੂਟ, ਲਸਣ, ਹਰੀ ਮਿਰਚ ਅਤੇ ਫੁੱਲਾਂ ਦੇ ਖੇਤਾਂ ਦਾ ਦੌਰਾ ਵੀ ਕੀਤਾ।