ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਕਸਬਾ ਮਹਿਲ ਕਲਾਂ ਵਿਖੇ ਐਤਵਾਰ ਸ਼ਾਮ ਕਰੀਬ 7.30 ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ’ਤੇ ਚੜ੍ਹ ਗਈ। ਹਾਦਸੇ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿੱਚ ਪੂਰੀ ਗੱਡੀ ਅੱਗ ਦੀਆਂ ਲਪਟਾਂ ’ਚ ਘਿਰ ਕੇ ਸੜ ਕੇ ਸੁਆਹ ਹੋ ਗਈ।
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਕਸਬਾ ਮਹਿਲ ਕਲਾਂ ਵਿਖੇ ਐਤਵਾਰ ਸ਼ਾਮ ਕਰੀਬ 7.30 ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ’ਤੇ ਚੜ੍ਹ ਗਈ। ਹਾਦਸੇ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿੱਚ ਪੂਰੀ ਗੱਡੀ ਅੱਗ ਦੀਆਂ ਲਪਟਾਂ ’ਚ ਘਿਰ ਕੇ ਸੜ ਕੇ ਸੁਆਹ ਹੋ ਗਈ। ਹਾਦਸੇ ਦੌਰਾਨ ਕਾਰ ਵਿੱਚ ਸਵਾਰ ਪਰਿਵਾਰ ਵਾਲ-ਵਾਲ ਬਚ ਗਿਆ, ਜਿਸ ਕਾਰਨ ਇੱਕ ਵੱਡਾ ਜਾਨੀ ਨੁਕਸਾਨ ਹੋਣ ਤੋਂ ਟਲ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਨਾਲ ਸੰਬੰਧਿਤ ਇੱਕ ਪਰਿਵਾਰ ਕਾਰ ਰਾਹੀਂ ਆਪਣੇ ਰਿਸ਼ਤੇਦਾਰਾਂ ਨੂੰ ਛੱਡਣ ਲਈ ਬਰਨਾਲਾ ਵੱਲ ਜਾ ਰਿਹਾ ਸੀ। ਜਿਵੇਂ ਹੀ ਕਾਰ ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਮਾਲਵਾ ਕਾਲਜ ਮਹਿਲ ਕਲਾਂ ਸਾਹਮਣੇ ਪੁੱਜੀ ਤਾਂ ਅਚਾਨਕ ਕਾਰ ਦਾ ਸੰਤੁਲਨ ਬਿਗੜ ਗਿਆ ਅਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਾਰ ਦੇ ਅੱਗਲੇ ਹਿੱਸੇ ਵਿੱਚ ਤੁਰੰਤ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਪੂਰੀ ਗੱਡੀ ਅੱਗ ਦੀ ਲਪੇਟ ਵਿੱਚ ਆ ਗਈ। ਘਟਨਾ ਤੋਂ ਬਾਅਦ ਰਾਹਗੀਰਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਸੂਚਨਾ ਮਿਲਦੇ ਹੀ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਅਤੇ ਏਐਸਆਈ ਬਲਕੌਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾਇਆ ਗਿਆ ਅਤੇ ਮੁੱਖ ਮਾਰਗ ’ਤੇ ਪ੍ਰਭਾਵਿਤ ਹੋਈ ਆਵਾਜਾਈ ਨੂੰ ਮੁੜ ਬਹਾਲ ਕਰਵਾਇਆ ਗਿਆ। ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜੀ ਕਾਰ ਨੂੰ ਅੰਮ੍ਰਿਤ ਕੁਮਾਰ ਵਾਸੀ ਲੁਧਿਆਣਾ ਚਲਾ ਰਿਹਾ ਸੀ।
ਹਾਦਸੇ ਸਮੇਂ ਕਾਰ ਵਿੱਚ ਪਰਿਵਾਰਕ ਮੈਂਬਰ ਵੀ ਸਵਾਰ ਸਨ, ਪਰ ਸਮੇਂ ਸਿਰ ਬਾਹਰ ਨਿਕਲ ਜਾਣ ਕਾਰਨ ਸਾਰੇ ਸੁਰੱਖਿਅਤ ਰਹੇ ਅਤੇ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਭਿਆਨਕ ਘਟਨਾ ਤੋਂ ਬਾਅਦ ਕੁਝ ਸਮੇਂ ਲਈ ਲੁਧਿਆਣਾ–ਬਰਨਾਲਾ ਮੁੱਖ ਮਾਰਗ ’ਤੇ ਟਰੈਫਿਕ ਪ੍ਰਭਾਵਿਤ ਰਿਹਾ ਅਤੇ ਵੱਡੀ ਗਿਣਤੀ ਵਿੱਚ ਲੋਕ ਮੌਕੇ ’ਤੇ ਇਕੱਠੇ ਹੋ ਗਏ। ਹਾਦਸੇ ਦੀਆਂ ਅੱਗ ਦੀਆਂ ਉੱਚੀਆਂ ਲਪਟਾਂ ਅਤੇ ਧੂੰਏਂ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਕਿਹਾ ਕਿ ਜੇ ਕਾਰ ਸਵਾਰ ਸਮੇਂ ਸਿਰ ਬਾਹਰ ਨਾ ਨਿਕਲਦੇ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ ।