ਪੁਲਿਸ ਵੱਲੋਂ ਕਿਸਾਨਾਂ ’ਤੇ ਅੰਨ੍ਹੇਵਾਹ ਤਸ਼ੱਦਦ ਤੇ ਗ੍ਰਿਫ਼ਤਾਰੀਆਂ ਦੀ ਨਿਖੇਧੀ
ਬਠਿੰਡਾ ਪੁਲੀਸ ਵੱਲੋਂ ਬੀਕੇਯੂ ਏਕਤਾ - ਉਗਰਾਹਾਂ ਦੇ ਕਿਸਾਨਾਂ ਉਤੇ ਅੰਨ੍ਹੇਵਾਹ ਤਸ਼ੱਦਦ ਤੇ ਗ੍ਰਿਫ਼ਤਾਰੀਆਂ ਦੀ ਸਖ਼ਤ ਨਿਖੇਧੀ
Publish Date: Wed, 18 Feb 2026 05:48 PM (IST)
Updated Date: Wed, 18 Feb 2026 05:51 PM (IST)

- ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ : ਤਰਕਸ਼ੀਲ ਸੁਸਾਇਟੀ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪਿਛਲੇ ਇੱਕ ਸਾਲ ਤੋਂ ਬਿਨਾਂ ਕਿਸੇ ਸੁਣਵਾਈ ਦੇ ਜੇਲ੍ਹ ’ਚ ਡੱਕੇ ਦੋ ਕਿਸਾਨ ਆਗੂਆਂ ਦੀ ਰਿਹਾਈ ਲਈ ਬਠਿੰਡਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਕਿਸਾਨ ਕਾਫ਼ਲਿਆਂ ਉੱਤੇ ਪੰਜਾਬ ਪੁਲੀਸ ਵੱਲੋਂ ਅੰਨ੍ਹੇਵਾਹ ਲਾਠੀਚਾਰਜ ਕਰ ਕੇ ਕਿਸਾਨ ਆਗੂਆਂ ਨੂੰ ਗੰਭੀਰ ਜ਼ਖ਼ਮੀ ਅਤੇ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਗ੍ਰਿਫ਼ਤਾਰ ਕਿਸਾਨ-ਮਜ਼ਦੂਰ ਆਗੂਆਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਅੰਨੇ ਤਸ਼ੱਦਦ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਵੀ ਮੰਗ ਕੀਤੀ। ਸੁਸਾਇਟੀ ਦੇ ਸੂਬਾਈ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇ ਤਰਕਸ਼ੀਲ਼ ਭਵਨ ਬਰਨਾਲਾ ਤੋਂ ਇੱਕ ਪ੍ਰੈੱਸ ਬਿਆਨ ਰਾਹੀਂ ਭਗਵੰਤ ਸਿੰਘ ਮਾਨ ਸਰਕਾਰ ਦੇ ਤਾਨਾਸ਼ਾਹੀ ਵਤੀਰੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਬਠਿੰਡਾ ਪੁਲਿਸ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸ਼ਾਂਤਮਈ ਢੰਗ ਨਾਲ ਇਕੱਠੇ ਹੋਏ ਪਿੰਡ ਜਿਉਂਦ ਅਤੇ ਤਪਾ ਮੰਡੀ ਦੇ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲਿਆਂ ਰਾਹੀਂ ਅਤੇ ਘਰਾਂ ਵਿੱਚ ਵੜ ਕੇ ਅੰਨਾ ਤਸ਼ੱਦਦ ਕੀਤਾ ਗਿਆ ਹੈ, ਜਿਸ ਨਾਲ ਕਈ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ। ਤਰਕਸ਼ੀਲ ਆਗੂਆਂ ਨੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਮੌਜੂਦਾ ਸਾਮਰਾਜ ਪੱਖੀ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਹਕੂਮਤੀ ਜ਼ਬਰ ਦੇ ਵਿਰੁੱਧ ਜਮਹੂਰੀ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਾ ਜਨਤਕ ਜਥੇਬੰਦੀਆਂ ਅਤੇ ਆਮ ਨਾਗਰਿਕਾਂ ਦਾ ਸੰਵਿਧਾਨਿਕ ਹੱਕ ਹੈ, ਜਿਸ ਨੂੰ ਕਿਸੇ ਵੀ ਹਕੂਮਤੀ ਜ਼ਬਰ ਨਾਲ ਦਬਾਇਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੰਘਰਸ਼ਸ਼ੀਲ ਲੋਕ ਅਤੇ ਸਮੂਹ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਕਿਸੇ ਵੀ ਜ਼ਬਰ ਨੂੰ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।