ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਸਪਤਾਲ ’ਚ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ
Publish Date: Wed, 27 May 2026 05:04 PM (IST)
Updated Date: Wed, 27 May 2026 05:04 PM (IST)

- ਵਿਆਹ ਵਿੱਚ ਖਾਣਾ ਖਾ ਕੇ 72 ਜਣਿਆਂ ਦੇ ਬਿਮਾਰ ਹੋਣ ਦਾ ਮਾਮਲਾ ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ : ਮੰਗਲਵਾਰ ਨੂੰ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ 70-72 ਵਿਅਕਤੀਆਂ ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਹਨਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਜੋ ਕਿ ਅੱਜ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐੱਸਡੀਐੱਮ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਸਹੀ ਇਲਾਜ ਕਰਵਾਉਣ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਦਿੱਤੇ ਅਤੇ ਨਾਲ ਹੀ ਕਿਹਾ ਕਿ ਜਦੋਂ ਤੱਕ ਪੂਰਾ ਇਲਾਜ ਨਹੀਂ ਹੋ ਜਾਂਦਾ, ਉਦੋਂ ਤੱਕ ਸਾਰੇ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀ 24 ਘੰਟੇ ਪਲ ਪਲ ਸਥਿਤੀ ਤੇ ਨਜ਼ਰ ਰੱਖਣਗੇ। ਜਿਸ ਤਹਿਤ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਸਪਤਾਲ ਪਹੁੰਚ ਕੇ ਮਰੀਜ਼ਾਂ ਦੀ ਇਲਾਜ ਪ੍ਰਕਿਰਿਆ ਅਤੇ ਸਹੂਲਤਾਂ ਨੂੰ ਦੇਖਿਆ। ਮਰੀਜ਼ਾਂ ਦੇ ਇਲਾਜ ਵਿੱਚ ਤੇਜ਼ੀ ਲਿਆਂਦੀ ਗਈ ਅਤੇ ਵੱਖ-ਵੱਖ ਸ਼ਹਿਰਾਂ ਤੋਂ ਡਾਕਟਰਾਂ ਦੀਆਂ ਟੀਮਾਂ ਨੂੰ ਬੁਲਾ ਕੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ। ਕੁਝ ਮਰੀਜ਼ਾਂ ਨੂੰ ਸੰਗਰੂਰ ਰੈਫਰ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਸਿਵਲ ਹਸਪਤਾਲ ਮੂਨਕ ਪਹੁੰਚ ਕੇ ਮਰੀਜ਼ਾਂ ਦਾ ਹਾਲ ਚਾਲ ਜਾਣਿਆ ਤੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਸਾਰੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਵੀ ਹਾਸਿਲ ਕੀਤੀ ਅਤੇ ਮਰੀਜ਼ਾਂ ਦੇ ਚੱਲ ਰਹੇ ਇਲਾਜ ਬਾਰੇ ਵੀ ਜਾਣਿਆ। ਇਸ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਆਹ ਵਿੱਚ ਖਾਣਾ ਖਾਣ ਤੋਂ ਬਾਅਦ 72 ਦੇ ਕਰੀਬ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਮਰੀਜ ਖਤਰੇ ਤੋਂ ਬਾਹਰ ਹਨ। ਉਨ੍ਹਾਂ ਦੱਸਿਆ ਕਿ ਕੌਹਰੀਆਂ, ਸੰਗਰੂਰ, ਭਵਾਨੀਗੜ੍ਹ ਅਤੇ ਲਹਿਰਾਗਾਗਾ ਤੋਂ ਡਾਕਟਰਾਂ ਦੀਆਂ ਟੀਮਾਂ ਮਰੀਜ਼ਾਂ ਦਾ ਇਲਾਜ ਕਰ ਰਹੀਆਂ ਹਨ। ਪਟਿਆਲਾ ਤੋਂ ਵੀ ਮਾਹਿਰ ਡਾਕਟਰਾਂ ਦੀ ਇੱਕ ਟੀਮ ਮੂਨਕ ਹਸਪਤਾਲ ਪਹੁੰਚ ਰਹੀ ਹੈ, ਸਿਵਲ ਸਰਜਨ ਸੰਗਰੂਰ ਖੁਦ ਸਾਰੇ ਮਿਸ਼ਨ ਦੀ ਨਿਗਰਾਨੀ ਕਰ ਰਹੇ ਹਨ। ਡਾਇਰੈਕਟਰ ਹੈਲਥ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਤਾਂ ਜੋ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹਿ ਜਾਵੇ, ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਜਾਂ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ।