ਵਿਸ਼ਵ ਤੰਬਾਕੂ ਵਿਰੋਧੀ ਦਿਹਾੜੇ ਮੌਕੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਪਾ ਸ਼ਹਿਰ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਹਾੜੇ ਮੌਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਬਲਾਕ ਅਧੀਨ ਵੱਖ-ਵੱਖ ਪਿੰਡਾਂ ’ਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਗਏ। ਸੀਨੀਅਰ ਮੈਡੀਕਲ ਅਫ਼ਸਰ ਡਾ. ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਸਿਹਤ ਬਲਾਕ ਤਪਾ ਵੱਲੋਂ ਲੋਕਾਂ ਨੂੰ ਲਗਾਤਾਰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਸਰੀਰ ’ਤੇ ਬੁਰਾ ਪ੍ਰਭਾਵ ਪੈਂਦਾ ਹੈ ਉੱਥੇ ਹੀ ਇਸ ਨਾਲ ਕੈਂਸਰ ਵਰਗਾ ਮਾਰੂ ਰੋਗ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਨੂੰ ਤੰਬਾਕੂ ਦਾ ਕਿਸੇ ਵੀ ਪ੍ਰਕਾਰ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ ਤੇ ਸਾਨੂੰ ਸਭ ਨੂੰ ਇਸ ਦੀ ਵਰਤੋਂ ਵਿਰੁੱਧ ਡੱਟ ਕੇ ਖੜ੍ਹਨਾ ਚਾਹੀਦਾ ਹੈ। ਇਸ ਤੋਂ ਇਲਾਵਾ ਅੱਜ ਸਿਹਤ ਵਿਭਾਗ ਤਪਾ ਦੀ ਟੀਮ ਵੱਲੋਂ ਤਪਾ ਸ਼ਹਿਰ ਵਿਖੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ। ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਜਟਾਣਾ ਨੇ ਕਿਹਾ ਕਿ ਤੰਬਾਕੂ ਦਾ ਕਿਸੇ ਵੀ ਰੂਪ ਨਾਲ ਸੇਵਨ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਕੰਮਜ਼ੋਰ ਕਰ ਦਿੰਦਾ ਹੈ ਤੇ ਉਸ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਘੱਟ ਜਾਂਦੀ ਹੈ, ਜਿਸ ਕਾਰਨ ਉਸ ਨੂੰ ਬਹੁਤ ਸਾਰੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ ਤੇ ਮਨੁੱਖ ਦੀ ਔਸਤਨ ਉਮਰ ਘਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਨਾਲ ਸੱਭ ਤੋਂ ਵੱਧ ਮੂੰਹ, ਗਲਾ ਤੇ ਫ਼ੇਫੜਿਆਂ ਦਾ ਕੈਂਸਰ ਤੇ ਪੇਟ, ਸਾਹ ਤੇ ਦੰਦਾਂ ਆਦਿ ਦੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਵਧੇਰੇ ਹੁੰਦਾ ਹੈ।