ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਵਿੱਚ ਬਰਨਾਲਾ ਦੇ ਕਾਂਗਰਸੀ ਆਗੂਆਂ ਵਰਕਰਾਂ ਵੱਲੋਂ ਸਥਾਨਕ ਕਚਹਿਰੀ ਚੌਕ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਸੂਬੇ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1000 ਰੁਪਏ ਪ੍ਰਤੀ ਮਹੀਨਾ ਨਾ ਪਾਉਣ ਦੇ ਰੋਸ ਵਜੋਂ 14 ਮਾਰਚ ਨੂੰ ਇੱਕ ਧਰਨਾ ਦਿੱਤਾ ਗਿਆ ਸੀ।
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਚੋਟੀ ਦੇ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਕੀਤੀ FIR ਰੱਦ ਨਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਇਸ ਸਬੰਧੀ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਵਿੱਚ ਬਰਨਾਲਾ ਦੇ ਕਾਂਗਰਸੀ ਆਗੂਆਂ ਵਰਕਰਾਂ ਵੱਲੋਂ ਸਥਾਨਕ ਕਚਹਿਰੀ ਚੌਕ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਸੂਬੇ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1000 ਰੁਪਏ ਪ੍ਰਤੀ ਮਹੀਨਾ ਨਾ ਪਾਉਣ ਦੇ ਰੋਸ ਵਜੋਂ 14 ਮਾਰਚ ਨੂੰ ਇੱਕ ਧਰਨਾ ਦਿੱਤਾ ਗਿਆ ਸੀ।
ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਇਸ ਧਰਨਾ ਪ੍ਰਦਰਸ਼ਨ ਨੂੰ ਆਧਾਰ ਬਣਾਉਂਦੇ ਹੋਏ ਥਾਣਾ ਸਿਟੀ 2 ਦੇ ਮੁੱਖ ਅਫਸਰ ਸਬ ਇੰਸਪੈਕਟਰ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸਿਟੀ ਥਾਣੇ ਵਿੱਚ 20 ਸੀਨੀਅਰ ਕਾਂਗਰਸੀ ਆਗੂਆਂ ਨੂੰ ਨਾਮਜ਼ਦ ਕਰ ਕੇ ਅਤੇ 15-20 ਅਣਪਛਾਤੇ ਕਾਂਗਰਸੀ ਵਰਕਰਾਂ 'ਤੇ ਐੱਫਆਈਆਰ ਦਰਜ ਕੀਤੀ ਗਈ। ਉਹਨਾਂ ਕਿਹਾ ਕਿ ਬਰਨਾਲਾ ਪੁਲਿਸ ਵੱਲੋਂ ਕੀਤੀ ਕਾਰਵਾਈ ਸਥਾਨਕ ਸੱਤਾਧਾਰੀਆਂ ਦੇ ਇਸ਼ਾਰੇ 'ਤੇ ਸਿਆਸੀ ਬਦਲਾਖੋਰੀ ਤਹਿਤ ਕੀਤੀ ਗਈ ਸੀ ਜਿਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲ ਕੇ ਮੰਗ ਪੱਤਰ ਵੀ ਦਿੱਤਾ ਗਿਆ ਸੀ ਅਤੇ ਇਹ ਐੱਫਆਈਆਰ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਜ਼ਿਲ੍ਹਾ ਪੁਲਿਸ ਨੇ ਇਸ ਝੂਠੀ ਐੱਫਆਈਆਰ ਨੂੰ ਰੱਦ ਕਰਨ ਸਬੰਧੀ ਸੰਜੀਦਗੀ ਨਹੀਂ ਦਿਖਾਈ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਸੱਤਾਧਾਰੀ ਆਗੂਆਂ ਦੇ ਇਸ਼ਾਰਿਆਂ 'ਤੇ ਪੁਲਿਸ ਦੀ ਇਸ ਧੱਕੇਸ਼ਾਹੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਸਥਾਨਕ ਕਾਂਗਰਸੀ ਆਗੂਆਂ ਦੇ ਖਿਲਾਫ ਪੁਲਿਸ ਵੱਲੋਂ ਦਰਜ ਕੀਤੀ ਝੂਠੀ ਐਫਆਈਆਰ ਰੱਦ ਕਰਵਾਉਣ ਲਈ ਉਹ ਆਪਣੇ ਸੈਂਕੜੇ ਸਾਥੀਆਂ ਸਮੇਤ 6 ਮਈ ਬੁੱਧਵਾਰ ਤੋਂ ਬਰਨਾਲਾ ਦੇ ਐੱਸਐੱਸਪੀ ਦਫਤਰ ਅੱਗੇ ਭੁੱਖ ਹੜਤਾਲ 'ਤੇ ਬੈਠਣਗੇ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਉਹਨਾਂ ਨੇ 17 ਅਪ੍ਰੈਲ ਨੂੰ ਪ੍ਰੈੱਸ ਕਾਨਫਰੰਸ ਕਰਕੇ ਅਤੇ ਸਥਾਨਕ ਅਫਸਰਾਂ ਨੂੰ ਮਿਲ ਕੇ ਇੱਕ ਹਫਤੇ ਦਾ ਅਲਟੀਮੇਟਮ ਦਿੱਤਾ ਸੀ ਤੇ ਜੇਕਰ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਝੂਠੀ ਐਫਆਈਆਰ ਰੱਦ ਨਾ ਕੀਤੀ ਗਈ ਤਾਂ ਉਹ ਆਪਣੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਬੈਠਣਗੇ ਪ੍ਰੰਤੂ ਉਹਨਾਂ ਦੇ ਅਲਟੀਮੇਟਮ ਤੋਂ ਬਾਅਦ ਵੀ 17 ਦਿਨ ਬੀਤਣ ਦੇ ਬਾਵਜੂਦ ਵੀ ਪੁਲਿਸ ਨੇ ਐਫਆਈਆਰ ਰੱਦ ਕਰਨ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਬਾਅਦ ਉਹਨਾਂ ਨੇ ਸਰਕਾਰ ਅਤੇ ਸਥਾਨਕ ਪੁਲਿਸ ਦੇ ਖ਼ਿਲਾਫ਼ ਇਹ ਕਰੜਾ ਸੰਘਰਸ਼ ਕਰਨ ਦਾ ਫੈਸਲਾ ਲਿਆ ਹੈ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਉਹ ਆਪਣੇ ਵਰਕਰਾਂ ਦੇ ਹੱਕਾਂ ਤੇ ਹਿੱਤਾਂ ਦੀ ਖਾਤਰ ਵੱਡੇ ਤੋਂ ਵੱਡਾ ਸੰਘਰਸ਼ ਵੀ ਕਰ ਸਕਦੇ ਹਨ ਅਤੇ ਇਸ ਲਈ ਉਹ ਆਪਣੀ ਜਾਨ ਤੱਕ ਦੀ ਵੀ ਪਰਵਾਹ ਨਹੀਂ ਕਰਨਗੇ। ਵਿਧਾਇਕ ਢਿੱਲੋਂ ਨੇ ਕਿਹਾ ਕਿ ਕਾਂਗਰਸੀ ਆਗੂਆਂ 'ਤੇ ਦਰਜ ਹੋਈ ਝੂਠੀ ਐਫ ਆਈ ਆਰ ਰੱਦ ਕਰਵਾਉਣ ਲਈ ਉਹਨਾਂ ਦੀ ਇਹ ਭੁੱਖ ਹੜਤਾਲ ਦਿਨ ਅਤੇ ਰਾਤ ਦੀ ਲਗਾਤਾਰ ਚੱਲੇਗੀ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਦਰਅਸਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਦੇ ਸਰਵੇ 'ਚ ਬਰਨਾਲਾ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਦੀ ਰਿਪੋਰਟ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਸਥਾਨਕ ਆਗੂ ਬੁਖਲਾਹਟ ਵਿੱਚ ਆ ਕੇ ਇਹੋ ਜਿਹੀ ਇਹ ਝੂਠੇ ਮੁਕੱਦਮੇ ਦਰਜ ਕਰਵਾਉਣ ਵਰਗੀ ਹੇਠਲੇ ਦਰਜੇ ਦੀ ਰਾਜਨੀਤੀ 'ਤੇ ਉਤਰ ਆਏ ਹਨ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਸਿਆਸਤ ਵਿੱਚ ਇਹ ਚੱਲਦਾ ਰਹਿੰਦਾ ਹੈ ਕਿ ਸੱਤਾਧਾਰੀਆਂ ਵੱਲੋਂ ਧੱਕੇਸ਼ਾਹੀ ਕਰਦੇ ਹੋਏ ਝੂਠੇ ਮੁਕੱਦਮੇ ਦਰਜ ਕੀਤੇ ਜਾਂਦੇ ਹਨ ਪਰੰਤੂ ਬਰਨਾਲਾ ਪੁਲਿਸ ਵੱਲੋਂ ਦਰਜ ਕੀਤੀ ਐਫਆਈਆਰ ਵਿੱਚ ਇਹ ਦੁਖਦ ਪੱਖ ਹੈ ਕਿ ਮਹਿਲਾ ਕਾਂਗਰਸ ਦੀਆਂ ਆਗੂਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਦੇ ਤਿੰਨੋਂ ਹਲਕਿਆਂ 'ਚ ਕਾਂਗਰਸੀ ਆਗੂਆਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਇਹੋ ਜਿਹੇ ਝੂਠੇ ਮੁਕੱਦਮਿਆਂ ਤੋਂ ਘਬਰਾਉਣ ਵਾਲੇ ਨਹੀਂ ਹਨ ਪ੍ਰੰਤੂ ਸਥਾਨਕ ਸੱਤਾਧਾਰੀ ਆਗੂਆਂ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਉਹਨਾਂ ਦਾ ਛੇ ਕੁ ਮਹੀਨਿਆਂ ਦਾ ਸਮਾਂ ਰਹਿ ਗਿਆ ਹੈ ਜਿਸ ਤੋਂ ਬਾਅਦ ਇਹਨਾਂ ਨੂੰ ਲੁਕਣ ਲਈ ਥਾਂ ਨਹੀਂ ਲੱਭਣਾ।
ਉਹਨਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ 'ਚ ਆਪਣੀ ਮਾੜੀ ਸਿਆਸੀ ਸਥਿਤੀ ਕਾਰਨ ਬੁਖਲਾਹਟ ਵਿੱਚ ਆਏ ਸਥਾਨਕ ਸੱਤਾਧਾਰੀ ਆਗੂਆਂ ਅਤੇ ਸੱਤਾ ਦੀ ਕਠਪੁਤਲੀ ਬਣੇ ਪੁਲਿਸ ਅਫਸਰਾਂ ਨੂੰ ਹੱਥਾਂ ਨਾਲ ਦਿੱਤੀਆਂ ਗੰਢਾਂ ਮੂੰਹ ਨਾਲ ਖੋਲਣੀਆਂ ਪੈਣਗੀਆਂ। ਵਿਧਾਇਕ ਢਿੱਲੋਂ ਨੇ ਸੱਤਾ ਦੀ ਕਠਪੁਤਲੀ ਬਣੇ ਕੁਝ ਪੁਲਿਸ ਅਫਸਰਾਂ ਨੂੰ ਕਰੜੇ ਸ਼ਬਦਾਂ ਵਿੱਚ ਕਿਹਾ ਕਿ ਇਹਨਾਂ ਪੁਲਿਸ ਅਫਸਰਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕਈ ਵਾਰ ਗੰਢਾਂ ਐਨੀਆਂ ਪੀਡੀਆਂ ਹੋ ਜਾਂਦੀਆਂ ਹਨ ਕਿ ਉਹ ਮੂੰਹ ਨਾਲ ਵੀ ਨਹੀਂ ਖੁੱਲਦੀਆਂ।