ਮਜ਼ਦੂਰ ਮੁਕਤੀ ਮੋਰਚਾ ਨੇ ਵਿਧਾਇਕ ਦੀ ਅਰਥੀ ਫੂਕੀ
ਮਜ਼ਦੂਰ ਮੁਕਤੀ ਮੋਰਚਾ ਵੱਲੋਂ ਰੋਸ ਰੈਲੀ ਕਰਨ ਉਪਰੰਤ ਮੌਜੂਦਾ ਵਿਧਾਇਕ ਦੀ ਅਰਥੀ ਫੂਕ ਕੇ ਕੀਤੀ ਨਾਅਰੇਬਾਜ਼ੀ
Publish Date: Mon, 04 May 2026 04:03 PM (IST)
Updated Date: Tue, 05 May 2026 04:02 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਬੇਕਸੂਰ ਮਜ਼ਦੂਰ ਪਰਿਵਾਰਾਂ ’ਤੇ ਪਾਏ ਝੂਠੇ ਪੁਲਿਸ ਕੇਸ ਰੱਦ ਕਰਵਾਏ ਜਾਣ ਲਈ ਤੇ ਸੱਤਾਧਾਰੀ ਪਾਰਟੀ ਦੇ ਬਲਾਕ ਪ੍ਰਧਾਨ ਦੀ ਸ਼ਹਿ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਨਾ ਕੀਤੇ ਜਾਣ ਖ਼ਿਲਾਫ਼ ਪਿੰਡ ਪੰਧੇਰ ਦੀ ਧਰਮਸ਼ਾਲਾ ’ਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਪਿੰਡ ਇਕਾਈ ਵੱਲੋਂ ਰੋਸ ਰੈਲੀ ਕਰਨ ਉਪਰੰਤ ਮੌਜੂਦਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਰਥੀ ਫੂਕ ਕੇ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਦੋਸ਼ੀ ਪਰਿਵਾਰਾਂ ਖ਼ਿਲਾਫ਼ ਅਜੇ ਵੀ ਕਾਨੂੰਨ ਮੁਤਾਬਿਕ ਬਣਦੀਆਂ ਧਾਰਾਵਾਂ ਨਹੀਂ ਲਗਾਈਆਂ ਗਈਆਂ ਅਤੇ ਐੱਸਸੀ ਐੱਸਟੀ ਐਕਟ ਤਹਿਤ ਕਾਰਵਾਈ ਨਹੀਂ ਕੀਤੀ ਗਈ। ਇਸ ਮੌਕੇ ਮਜ਼ਦੂਰਾਂ ਨੇ ਦੋਸ਼ ਲਾਇਆ ਕਿ ਮਜ਼ਦੂਰਾਂ ਨੂੰ ਜੇਲ੍ਹ ਭੇਜਣ ਸਮੇਂ ਜਾਮਾ ਤਲਾਸ਼ੀ ਦੌਰਾਨ ਵਸੂਲੇ ਪੈਸੇ ਤੱਕ ਪੁਲਿਸ ਅਧਿਕਾਰੀਆਂ ਵੱਲੋਂ ਵਾਪਿਸ ਨਹੀਂ ਕੀਤੇ ਗਏ।ਇਸ ਮੌਕੇ ਆਗੂਆਂ ਨੇ ਕਿਹਾ ਕਿ ਮਜ਼ਦੂਰ ਪਰਿਵਾਰਾਂ ਨਾਲ ਜ਼ਿਆਦਤੀ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ ਵੀ ਵਿਭਾਗੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਇਕਾਈ ਦੇ ਪ੍ਰਧਾਨ ਕੁਲਦੀਪ ਸਿੰਘ ਸਕੱਤਰ ਗੁਰਪ੍ਰੀਤ ਸਿੰਘ, ਅਮ੍ਰਿਤਪਾਲ ਕੌਰ,ਪਾਲੋ ਕੌਰ ਆਦਿ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ 14 ਮਈ ਨੂੰ ਇਨਸਾਫ਼ ਪ੍ਰਾਪਤੀ ਲਈ ਐੱਸਐੱਸਪੀ ਦਫ਼ਤਰ ਬਰਨਾਲਾ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।