ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸੁਧਾਈ : ਜ਼ਿਲ੍ਹਾ ਚੋਣ ਅਫ਼ਸਰ
ਅਪਡੇਟ ਫਾਈਲ ਨੰਬਰ 27
Publish Date: Mon, 18 May 2026 06:17 PM (IST)
Updated Date: Tue, 19 May 2026 04:07 AM (IST)

25 ਜੂਨ ਤੋਂ 24 ਜੁਲਾਈ ਤੱਕ ਬੀਐੱਲਓ ਘਰ-ਘਰ ਜਾ ਕੇ ਭਰਨਗੇ ਫਾਰਮ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) ਸਬੰਧੀ ਨੋਟਿਫਿਕੇਸ਼ਨ ਜਾਰੀ ਕੀਤਾ ਜਾ ਚੁੱਕਿਆ ਹੈ ਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਾਰਸ਼ਤਾ ਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ’ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੇ ਬੂਥ ਲੈੱਵਲ ਏਜੰਟ (2L1) ਨਿਯੁਕਤ ਕਰਨ ਤਾਂ ਜੋ ਇਹ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਮੁਕੰਮਲ ਹੋ ਸਕੇ। ਇਸ ਮਗਰੋਂ ਉਨ੍ਹਾਂ ਮੀਟਿੰਗ ਹਾਲ ’ਚ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀਐੱਲਓਜ਼ ਘਰੋ-ਘਰੀ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ’ਚ 558 ਬੀਐੱਲਓਜ਼ ਤੇ 58 ਸੁਪਰਵਾਈਜ਼ਰ, 3 ਈਆਰਓਜ਼ ਤੇ 3 ਏਈਆਰਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਹਰੇਕ ਬੀਐੱਲਓ ਨੂੰ ਕਰੀਬ 300 ਘਰ ਤੇ ਕਰੀਬ 1200 ਵੋਟਰ ਹੀ ਐੱਸਆਈਆਰ ਲਈ ਦਿੱਤੇ ਗਏ ਹਨ। ਇਨ੍ਹਾਂ ਨੂੰ ਐੱਸਆਈਆਰ ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ। ਉਨ੍ਹਾਂ ਹੋਰ ਦੱਸਿਆ ਕਿ 24 ਜੁਲਾਈ ਤੱਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ’ਚ ਸ਼ਾਮਲ ਕਰਨ ਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਬਾਹਰ ਕਰਨਾ ਹੈ। ਉਨ੍ਹਾਂ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤ ਕਾਨੂੰਨ ਅਨੁਸਾਰ ਸਜ਼ਾਯੋਗ ਅਪਰਾਧ ਹੈ। ਉਨ੍ਹਾਂ ਮੀਡੀਆ ਰਾਹੀਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀਐੱਲਓਜ਼ ਨੂੰ ਪੂਰਾ ਸਹਿਯੋਗ ਦੇਣ ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਲੋੜੀਂਦੀ ਜਾਣਕਾਰੀ ਸਮੇਂ ਸਿਰ ਉਪਲਬਧ ਕਰਵਾਉਣ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਵੋਟਰਾਂ ਨੂੰ ਐੱਸਆਈਆਰ ਅਧੀਨ ਫਾਰਮ ਭਰਨਾ ਲਾਜ਼ਮੀ ਹੋਵੇਗਾ। ਇਸ ਸਬੰਧੀ ਬੀਐੱਲਓਜ਼ ਵੱਲੋਂ ਘਰਾਂ ’ਚ ਤਿੰਨ ਵਾਰ ਸੰਪਰਕ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਸਿਟੀਜਨਸ਼ਿਪ ਤੇ ਰਿਹਾਇਸ ਦੇ ਸਬੂਤ ਵਜੋਂ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐੱਸਆਈਆਰ ਅਧੀਨ ਫਾਰਮ ਭਰਨਾ ਪਵੇਗਾ। ਪ੍ਰੀ ਐੱਸਆਈਆਰ ਮੈਪਿੰਗ ਤਹਿਤ ਬਰਨਾਲਾ ਜ਼ਿਲ੍ਹੇ ਦੇ ਕੁੱਲ 4,85,687 ਵੋਟਰ ਹਨ, ਜਿਨ੍ਹਾਂ ਵਿੱਚ 4,43,321 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 91.28 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰੀ ਐੱਸਆਈਆਰ ਮੈਪਿੰਗ ਵਿੱਚ ਜ਼ਿਲ੍ਹਾ ਬਰਨਾਲਾ ਸੂਬੇ ਵਿਚੋਂ ਤੀਜੇ ਸਥਾਨ ’ਤੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦਕਿ ਦਾਅਵੇ ਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਣਗੇ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ਦੌਰਾਨ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਤੇ ਪਾਰਦਰਸ਼ੀ ਬਣਾਇਆ ਜਾ ਸਕੇ।