ਵੋਟਰ ਸੂਚੀਆਂ 'ਚ ਹੇਰਫੇਰ ਦੇ ਦੋਸ਼; ਕਾਂਗਰਸ ਤੇ ਅਕਾਲੀ ਦਲ ਨੇ ਖੋਲ੍ਹਿਆ ਸਾਂਝਾ ਮੋਰਚਾ
ਵੋਟਰ ਸੂਚੀਆਂ 'ਚ ਹੇਰਫੇਰ ਦੇ ਦੋਸ਼; ਕਾਂਗਰਸ ਤੇ ਅਕਾਲੀ ਦਲ ਨੇ ਖੋਲ੍ਹਿਆ ਸਾਂਝਾ ਮੋਰਚਾ
Publish Date: Mon, 18 May 2026 06:33 PM (IST)
Updated Date: Tue, 19 May 2026 04:07 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਨਗਰ ਨਿਗਮ ਚੋਣਾਂ ਦਾ ਬਿਗਲ ਵੱਜਣ ਦੇ ਨਾਲ ਹੀ ਸ਼ਹਿਰ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਇਸੇ ਦਰਮਿਆਨ ਵੋਟਰ ਸੂਚੀਆਂ ’ਚ ਕਥਿਤ ਗੜਬੜੀ ਅਤੇ ਵਾਰਡਾਂ ਦੀ ਅਦਲਾ-ਬਦਲੀ ਦਾ ਦੋਸ਼ ਲਗਾਉਂਦੇ ਹੋਏ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਵਿਰੁੱਧ ਸਾਂਝਾ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਦੋਵਾਂ ਪ੍ਰਮੁੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਅਲੱਗ-ਅਲੱਗ ਤੌਰ ਤੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਅਤੇ ਪ੍ਰਸ਼ਾਸਨ ਨੂੰ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਵੋਟਾਂ ਦੀ ਨਾਜਾਇਜ਼ ਤਬਦੀਲੀ ਨਾ ਰੁਕੀ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਸੱਤਾਧਾਰੀ ‘ਆਪ’ ਸਰਕਾਰ ਆਪਣੀ ਹਾਰ ਦੇ ਡਰੋਂ ਪ੍ਰਸ਼ਾਸਨਿਕ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਆਗੂਆਂ ਦੇ ਇਸ਼ਾਰੇ ’ਤੇ ਵੋਟਰਾਂ ਦੀ ਮਰਜ਼ੀ ਤੋਂ ਬਿਨਾਂ ਹੀ ਉਨ੍ਹਾਂ ਦੀਆਂ ਵੋਟਾਂ ਇੱਕ ਵਾਰਡ ਤੋਂ ਦੂਜੇ ਵਾਰਡ ’ਚ ਤਬਦੀਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਘਾਣ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਵੋਟਰ ਸੂਚੀਆਂ ਦੀ ਸੁਧਾਈ ਪਾਰਦਰਸ਼ੀ ਤਰੀਕੇ ਨਾਲ ਨਾ ਹੋਈ ਤਾਂ ਉਹ ਸੜਕਾਂ ਤੇ ਉਤਰਨ ਲਈ ਮਜਬੂਰ ਹੋਣਗੇ।