11 ਦੇ ‘ਵਾਅਦਾ ਖ਼ਿਲਾਫ਼ੀ ਮਾਰਚ’ ਸਬੰਧੀ ਕੀਤੀਆਂ ਤਿਆਰੀਆਂ
11 ਅਪ੍ਰੈਲ ਨੂੰ ਕੀਤੇ ਜਾਣ ਵਾਲੇ 'ਵਾਅਦਾ ਖ਼ਿਲਾਫ਼ੀ ਮਾਰਚ' ਸਬੰਧੀ ਤਿਆਰੀ ਮੀਟਿੰਗ
Publish Date: Wed, 08 Apr 2026 03:21 PM (IST)
Updated Date: Wed, 08 Apr 2026 03:23 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਅਤੇ ਜ਼ਿਲ੍ਹਾ ਸਕੱਤਰ ਨਿਰਮਲ ਚੁਹਾਣਕੇ ਦੀ ਅਗਵਾਈ ਹੇਠ ਚਿੰਟੂ ਪਾਰਕ ਬਰਨਾਲਾ ਵਿਖੇ ਕੀਤੀ ਗਈ। ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਸੁਖਦੀਪ ਤਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਢਾਲ ਬਣਾ ਕੇ ਪੰਜਾਬ ਦੇ ਅਧਿਆਪਕਾਂ ਉਪਰ ਜ਼ਬਰੀ ਥੋਪੇ ਟੈਸਟ ਵਿਰੁੱਧ ਸੰਘਰਸ਼ ਨੂੰ ਅੱਗੇ ਜਾਰੀ ਰੱਖਣ ਦੇ ਫ਼ੈਸਲੇ ਤਹਿਤ 11 ਅਪ੍ਰੈਲ ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਵਾਅਦਾ ਖ਼ਿਲਾਫ਼ੀ ਮਾਰਚ ’ਚ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਅਤੇ ਹੋਰਨਾਂ ਜਥੇਬੰਦੀਆਂ ਨੂੰ ਇਸ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ’ਚ ਕੀਤੇ ਸੰਘਰਸ਼ਾਂ ਦੇ ਸਿੱਟੇ ਵਜੋਂ ਸਿੱਖਿਆ ਮੰਤਰੀ ਪੰਜਾਬ ਨੇ ਟੈੱਟ ਵਿਰੁੱਧ ਰੀਵਿਊ ਪਟੀਸ਼ਨ ਦਾਇਰ ਕਰਨ ਅਤੇ ਵਿਧਾਨ ਸਭਾ ਵਿੱਚ ਬਿੱਲ ਲੈ ਕੇ ਆਉਣ ਦਾ ਭਰੋਸਾ ਦਿੱਤਾ ਸੀ, ਪਰ ਸਰਕਾਰ ਨੇ ਦੋਵੇਂ ਮੰਗਾਂ ਉੱਪਰ ਅਮਲ ਨਾ ਕਰਕੇ, ਅਧਿਆਪਕ ਵਰਗ ਨਾਲ਼ ਵਾਅਦਾ ਖ਼ਿਲਾਫ਼ੀ ਕੀਤੀ ਹੈ। ਇਕ ਤਰ੍ਹਾਂ ਨਾਲ ਅਧਿਆਪਕਾਂ ਨਾਲ ਧੋਖਾ ਕਰਕੇ ਜਬਰੀ ਟੈੱਟ ਨੂੰ ਥੋਪਿਆ ਗਿਆ ਹੈ। ਕੌਮੀ ਸਿੱਖਿਆ ਨੀਤੀ 2020 ਦੀਆਂ ਅਧਿਆਪਕ ਵਿਰੋਧੀ ਮੱਦਾਂ ਨੂੰ ਲਾਗੂ ਕਰਦਿਆਂ ਪਹਿਲਾਂ ਤੋਂ ਹੀ ਆਪਣੇ ਵਿਸ਼ੇ ਦੇ ਮਾਹਰ ਅਧਿਆਪਕਾਂ ਨੂੰ ਬੇਲੋੜੇ ਟੈਸਟਾਂ ਵਿੱਚ ਉਲਝਾਇਆ ਜਾ ਰਿਹਾ ਹੈ ਅਤੇ ਅਧਿਆਪਕਾਂ ਦੀ ਸੇਵਾ ਸੁਰੱਖਿਆ ਨੂੰ ਖ਼ਤਮ ਕਰਨ ਲਈ ਟੈਨਿਉਰ ਟ੍ਰੈਕ ਸਿਸਟਮ ਲਿਆਉਣ ਅਤੇ ਤਰੱਕੀ ਤੇ ਸਲਾਨਾ ਤਨਖਾਹ ਵਾਧੇ ਰੋਕਣ ਵੱਲ ਵਧਿਆ ਜਾ ਰਿਹਾ ਹੈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਸਿੱਖਿਆ ਨੀਤੀ- 2020 ਨੂੰ ਪੰਜਾਬ ’ਚ ਲਾਗੂ ਨਾ ਕਰਨ ਅਤੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਸੀ, ਸਗੋਂ ਪੰਜਾਬ ਕੈਬਨਿਟ ਨੇ 5 ਸਤੰਬਰ 2024 ਨੂੰ ਇਸ ਸਬੰਧੀ ਮਤਾ ਵੀ ਪਾਸ ਕੀਤਾ ਸੀ। ਇਸਦੇ ਉਲਟ ਸਰਕਾਰ ਪੰਜਾਬ ਸਰਕਾਰ ਹੋਰਨਾਂ ਗੈਰ- ਭਾਜਪਾ ਸਰਕਾਰਾਂ ਦੇ ਉਲਟ ਪੰਜਾਬ ’ਚ ਧੜੱਲੇ ਨਾਲ਼ ਲਾਗੂ ਕਰ ਰਹੀ ਹੈ ਅਤੇ ਇਸੇ ਤਰ੍ਹਾਂ ਪੁਰਾਣੀ ਪੈਨਸ਼ਨ ਦੇ ਮਾਮਲੇ ’ਚ ਇੱਕ ਅਧੂਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਪਰ ਲਾਗੂ ਕਰਨ ਤੋਂ ਪੂਰੀ ਤਰ੍ਹਾਂ ਜਵਾਬ ਦੇ ਚੁੱਕੀ ਹੈ। ਇਸੇ ਤਰ੍ਹਾਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਜਾਰੀ ਕੀਤੇ ਅਧੂਰੇ ਨੋਟੀਫਿਕੇਸ਼ਨ ਦਾ ਐੱਸਓਪੀ (ਐੱਸਓਪੀ) ਜਾਰੀ ਨਹੀਂ ਕੀਤਾ ਗਿਆ ਅਤੇ ਨਾ ਹੀ ਮੁਲਾਜ਼ਮਾਂ ਦੇ ਜਨਰਲ ਪ੍ਰੌਵੀਡੈਂਟ ਫੰਡ (ਜੀਪੀਐੱਫ) ਦੇ ਖਾਤੇ ਖੋਲ੍ਹੇ ਗਏ ਹਨ। ਇਸ ਮੌਕੇ ਮੀਟਿੰਗ ’ਚ ਹਾਜ਼ਰ ਆਗੂਆਂ ਲਖਵੀਰ ਠੁੱਲੀਵਾਲ, ਸੱਤਪਾਲ ਤਪਾ,ਅੰਮ੍ਰਿਤਪਾਲ ਕੋਟਦੁੱਨਾ, ਮਾਲਵਿੰਦਰ ਬਰਨਾਲਾ ਨੇ ਪੰਜਾਬ ਸਰਕਾਰ ਦੀਆਂ ਇੰਨ੍ਹਾਂ ਵਾਅਦਾ ਖਿਲਾਫੀਆਂ ਵਿਰੁੱਧ ਸਰਕਾਰ ਨੂੰ ਸੰਘਰਸ਼ ਰਾਹੀਂ ਘੇਰਨ ਲਈ 11 ਅਪ੍ਰੈਲ 2026 ਦਿਨ ਸ਼ਨੀਵਾਰ ਨੂੰ ਸੰਗਰੂਰ-ਪਟਿਆਲਾ ਮੁੱਖ ਸੜਕ ਤੇ ਸਥਿਤ ਬਾਈਪਾਸ ਵਾਲੇ ਪੁਲ਼ ਦੇ ਹੇਠਾਂ ਸੂਬਾ ਪੱਧਰੀ ਇਕੱਤਰਤਾ ਕਰਨ ਤੋਂ ਬਾਅਦ ਮੁੱਖ ਮੰਤਰੀ ਨਿਵਾਸ ਸੰਗਰੂਰ ਵੱਲ ਕੀਤੇ ਜਾਣ ਵਾਲੇ ਵਾਅਦਾ ਖਿਲਾਫੀ ਮਾਰਚ ’ਚ ਸਮੂਹ ਅਧਿਆਪਕਾਂ ਨੂੰ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੱਤਾ। ਮੀਟਿੰਗ ’ਚ ਜ਼ਿਲ੍ਹਾ ਕਮੇਟੀ ਮੈਂਬਰ ਦਵਿੰਦਰ ਤਲਵੰਡੀ, ਰਘਵੀਰ ਕਰਮਗੜ੍ਹ, ਅੰਮ੍ਰਿਤ ਹਰੀਗੜ੍ਹ,ਪਲਵਿੰਦਰ ਠੀਕਰੀਵਾਲ,ਰਮਨਦੀਪ ਸਿੰਗਲਾ,ਹੈੱਡ ਮਾਸਟਰ ਪ੍ਰਦੀਪ ਕੁਮਾਰ, ਸੁਖਪ੍ਰੀਤ ਬੜੀ,ਹਰਬਚਨ ਹੰਡਿਆਇਆ, ਬਲਾਕ ਕਮੇਟੀ ਮੈਂਬਰਾਨ ਬਲਜਿੰਦਰ ਅਕਲੀਆ,ਜਗਰੰਟ ਸਿੰਘ, ਬਲਦੀਪ ਸੇਖਾ,ਪ੍ਰਿੰਸ ਕੁਮਾਰ ਅਤੇ ਸੁਮਿਤ ਕੰਬੋਜ ਹਾਜ਼ਰ ਸਨ।