ਨਾੜ ਸਾੜਨ ਦੇ ਮਾਮਲੇ ’ਚ ਕੇਸ ਤੇ ਜੁਰਮਾਨਾ
ਕਣਕ ਦਾ ਨਾੜ ਸਾੜਨ ਦੇ ਮਾਮਲੇ ’ਚ ਕੇਸ ਤੇ ਜੁਰਮਾਨਾ
Publish Date: Wed, 29 Apr 2026 04:07 PM (IST)
Updated Date: Thu, 30 Apr 2026 04:02 AM (IST)

-ਕਿਸਾਨਾਂ ਨੂੰ ਨਾੜ ਨਾ ਸਾੜਨ ਦੀ ਅਪੀਲ, ਅੱਗ ਲਗਾਉਣ ਤੇ ਹੋਵੇਗੀ ਬਣਦੀ ਕਾਰਵਾਈ --- ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਜ਼ਿਲ੍ਹਾ ਬਰਨਾਲਾ ’ਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਜਾ ਰਿਹਾ ਹੈ, ਓਥੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪਿੰਡ ਪੰਧੇਰ ’ਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ ਤੇ ਕਿਸਾਨ ਵਿਰੁੱਧ ਐਫ਼ਆਈਆਰ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਰਹਿੰਦ-ਖਹੂੰਦ (ਨਾੜ) ਨੂੰ ਅੱਗ ਲਗਾਉਣ/ਸਾੜਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਸਦੇ ਬਾਵਜੂਦ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪਿੰਡ ਪੰਧੇਰ ਦੇ ਕਿਸਾਨ ਅਵਤਾਰ ਸਿੰਘ ਵਲੋਂ 1 ਏਕੜ ਰਕਬੇ ’ਚ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲਿਸ ਵਲੋਂ ਐਫ਼ਆਈਆਰ ਦਰਜ ਕੀਤੀ ਗਈ ਹੈ ਅਤੇ ਹਵਾ ਦੀ ਗੁਣਵੱਤਾ ਪ੍ਰਬੰਧਨ ਨਿਯਮ 2023 ਅਧੀਨ 5 ਹਜ਼ਾਰ ਰੁਪਏ ਜੁਰਮਾਨਾ (ਵਾਤਾਵਰਨ ਮੁਆਵਜ਼ਾ) ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦਾ ਨਾੜ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਫ਼ਸਰ ਨਿਯੁਕਤ ਕੀਤੇ ਹੋਏ ਹਨ ਜੋ ਫੀਲਡ ’ਚ ਰਹਿਕੇ ਅਜਿਹੇ ਮਾਮਲਿਆਂ ਉੱਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ’ਚ ਪਿਛਲੇ ਸਮੇਂ ਪਰਾਲੀ ਨੂੰ ਅੱਗ ਲਾਉਣ ਦੇ ਜਿਆਦਾ ਮਾਮਲੇ ਆਏ ਸਨ, ਉਨ੍ਹਾਂ ਦੀ ਵਿਸ਼ੇਸ਼ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਸਾੜਨ ਨਾਲ ਜਿੱਥੇ ਹਵਾ ਪ੍ਰਦੂਸ਼ਣ ਫੈਲਦਾ ਹੈ, ਓਥੇ ਮਨੁੱਖੀ ਸਿਹਤ ਦਾ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਲਈ ਜ਼ਿਲ੍ਹੇ ’ਚ ਪਰਾਲੀ ਸਾੜਨ ਦੇ ਮਾਮਲਿਆਂ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜੇ ਕਰਨ। ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।