ਬੇਅਦਬੀ ਘਟਨਾ ’ਤੇ ਸੰਤ ਬਲਬੀਰ ਸਿੰਘ ਘੁੰਨਸ ਨੇ ਲਿਆ ਜਾਇਜ਼ਾ
ਇਤਿਹਾਸਿਕ ਗੁਰਦੁਆਰਾ ਜੰਡਸਰ
Publish Date: Tue, 03 Mar 2026 05:47 PM (IST)
Updated Date: Wed, 04 Mar 2026 04:03 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਚੰਨਣਵਾਲ ਤੋਂ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ ਨੇ ਪਿੰਡ ਠੁੱਲੀਵਾਲ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਪਹੁੰਚ ਕੇ ਹਾਲ ਹੀ ’ਚ ਵਾਪਰੀ ਬੇਅਦਬੀ ਦੀ ਕੋਸ਼ਿਸ ਕਰਨ ਦੀ ਘਟਨਾ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰ ਕੇ ਘਟਨਾ ਦੀ ਪੂਰੀ ਜਾਣਕਾਰੀ ਹਾਸਲ ਕੀਤੀ ਅਤੇ ਮੌਕੇ ’ਤੇ ਮੌਜੂਦਾ ਸੁਰੱਖਿਆ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਘੁੰਨਸ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗੁਰੂ ਘਰਾਂ ’ਚ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਜੋ ਸਾਰੇ ਸਿੱਖ ਜਗਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਪ੍ਰਬੰਧ ਲਾਗੂ ਕਰਨ ਦੀ ਤੁਰੰਤ ਲੋੜ ਹੈ, ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ’ਚ ਖੜ੍ਹਾ ਕੀਤਾ ਜਾ ਸਕੇ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਘਟਨਾ ਦੀ ਬਰੀਕੀ ਨਾਲ ਜਾਂਚ ਕਰਕੇ ਸੱਚਾਈ ਨੂੰ ਸਾਹਮਣੇ ਲਿਆਂਦਾ ਜਾਵੇ ਅਤੇ ਜਿੰਮੇਵਾਰ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਮਰਿਆਦਾ ਅਤੇ ਪਵਿੱਤਰਤਾ ਦੀ ਰੱਖਿਆ ਕਰਨਾ ਸਾਡੀ ਸਾਂਝੀ ਜਿੰਮੇਵਾਰੀ ਹੈ। ਇਸ ਦੌਰਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਠੁੱਲੀਵਾਲ, ਮੀਤ ਪ੍ਰਧਾਨ ਗੁਰਦੀਸ ਸਿੰਘ, ਮੈਂਬਰ ਮੇਜਰ ਸਿੰਘ, ਸਾਬਕਾ ਚੇਅਰਮੈਨ ਕਰਨੈਲ ਸਿੰਘ ਠੁੱਲੀਵਾਲ, ਸਮਾਜ ਸੇਵੀ ਹਰਤੇਜ ਸਿੰਘ ਸਿੱਧੂ, ਭਾਈ ਸੰਦੀਪ ਸਿੰਘ ਖਿਆਲੀ, ਹੈਡ ਗ੍ਰੰਥੀ ਪੂਰਨ ਸਿੰਘ ਠੁੱਲੀਵਾਲ ਅਤੇ ਹਰਜਿੰਦਰ ਸਿੰਘ ਸੋਹੀ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ। ਕਮੇਟੀ ਮੈਂਬਰਾਂ ਨੇ ਭਵਿੱਖ ’ਚ ਗੁਰੂ ਘਰ ਦੀ ਮਰਿਆਦਾ ਦੀ ਰੱਖਿਆ ਲਈ ਹੋਰ ਕੜੇ ਅਤੇ ਸੁਚਾਰੂ ਸੁਰੱਖਿਆ ਪ੍ਰਬੰਧ ਕਰਨ ਦਾ ਭਰੋਸਾ ਦਿਵਾਇਆ। ਸੰਤ ਘੁੰਨਸ ਨੇ ਅੰਤ ’ਚ ਕਿਹਾ ਕਿ ਐਸਜੀਪੀਸੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਗੁਰੂ ਘਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।