ਜੈਪੁਰ–ਕੱਟੜਾ ਐਕਸਪ੍ਰੈੱਸਵੇਅ ਖ਼ਿਲਾਫ਼ 12 ਪਿੰਡਾਂ ਦੇ ਕਿਸਾਨਾਂ ਦਾ ਪੱਕਾ ਮੋਰਚਾ ਪਹਿਲੇ ਦਿਨ ਤੋਂ ਹੀ ਤਿੱਖਾ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲਕਲਾਂ : ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣ ਰਹੇ ਜੈਪੁਰ–ਕੱਟੜਾ ਐਕਸਪ੍ਰੈੱਸਵੇਅ ਲਈ ਇਕੁਆਇਰ ਕੀਤੀ ਜਾ ਰਹੀ ਕਿਸਾਨਾਂ ਦੀ ਜ਼ਮੀਨ ਦੇ ਪੂਰੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਰਨਾਲਾ ਦੇ 12 ਪਿੰਡਾਂ ਦੇ ਕਿਸਾਨਾਂ ਨੇ ਅੱਜ ਤੋਂ ਰਾਮਗੜ੍ਹ ਪੁਲ ਹੇਠ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ। ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ ਵੱਲੋਂ ਸਾਂਝੇ ਤੌਰ ’ਤੇ ਲਗਾਏ ਗਏ ਇਸ ਮੋਰਚੇ ਦੌਰਾਨ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਜ਼ਮੀਨ ਇਕੁਆਇਰ ਕੀਤੀ ਗਈ ਹੈ, ਜਿਸ ਨਾਲ ਕਈ ਕਿਸਾਨਾਂ ਦੀ ਜ਼ਮੀਨ ਦੇ ਟੋਟੇ ਹੋ ਗਏ ਹਨ ਅਤੇ ਉਨ੍ਹਾਂ ਦੀ ਖੇਤੀਬਾੜੀ ਪ੍ਰਣਾਲੀ ਨੂੰ ਵੱਡਾ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਦੀ ਪਾਣੀ ਵਾਲੀ ਮੋਟਰ ਇੱਕ ਪਾਸੇ ਅਤੇ ਜ਼ਮੀਨ ਦੂਜੇ ਪਾਸੇ ਰਹਿ ਜਾਣ ਕਾਰਨ ਉਨ੍ਹਾਂ ਨੂੰ ਨਵੇਂ ਬੋਰ ਅਤੇ ਮੋਟਰਾਂ ਦਾ ਪ੍ਰਬੰਧ ਕਰਨਾ ਪਵੇਗਾ, ਜਿਸ ਨਾਲ ਪਹਿਲਾਂ ਹੀ ਕਰਜ਼ੇ ਹੇਠ ਦਬੇ ਕਿਸਾਨਾਂ ‘ਤੇ ਹੋਰ ਆਰਥਿਕ ਬੋਝ ਪਵੇਗਾ। ਰੋਡ ਸੰਘਰਸ਼ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਜੱਗਾ,ਕਿਸਾਨ ਆਗੂ ਸਤਨਾਮ ਸਿੰਘ ਮੂੰਮ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਨਾਲ ਮੁਆਵਜ਼ੇ ਦੇ ਮਾਮਲੇ ’ਚ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ 65 ਲੱਖ ਰੁਪਏ ਪ੍ਰਤੀ ਕਿੱਲੇ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਕੇਵਲ 58 ਲੱਖ ਰੁਪਏ ਪ੍ਰਤੀ ਕਿੱਲੇ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ ਦੀ ਤਰਜ਼ ‘ਤੇ ਘੱਟੋ-ਘੱਟ 85 ਲੱਖ ਰੁਪਏ ਪ੍ਰਤੀ ਕਿੱਲਾ ਮੁਆਵਜ਼ਾ ਦਿੱਤਾ ਜਾਵੇ। ਭਾਰਤੀ ਕਿਸਾਨ ਯੂਨੀਅਨ ਡਕੌਦਾ ਧਨੇਰ ਦੇ ਸੂਬਾ ਖਜਾਨਚੀ ਸਾਥੀ ਗੁਰਦੇਵ ਸਿੰਘ ਮਾਂਗੇਵਾਲ,ਜਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ,ਜੱਗਾ ਸਿੰਘ ਮਹਿਲ ਕਲਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਨਾਲ ਇਨਸਾਫ਼ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਸ਼ਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਕਸਪ੍ਰੈੱਸਵੇਅ ਕਾਰਨ ਖਾਲਾਂ, ਪਹੀਆਂ ਅਤੇ ਪਿੰਡਾਂ ਦੇ ਰਸਤੇ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਕਈ ਕਿਲੋਮੀਟਰ ਵਾਧੂ ਪੈਂਡਾ ਤਹਿ ਕਰਨਾ ਪਵੇਗਾ, ਜਿਸ ਨਾਲ ਖੇਤੀ ਦੀ ਲਾਗਤ ਹੋਰ ਵੱਧੇਗੀ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਿਕਾਸ ਦੇ ਨਾਮ ‘ਤੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਦੀ ਉਪਜਾਊ ਜ਼ਮੀਨ ਸਸਤੇ ਭਾਅ ’ਤੇ ਹਥਿਆ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਬਠਿੰਡਾ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਬਰਾਬਰ ਮੁਆਵਜ਼ਾ ਨਹੀਂ ਮਿਲਦਾ, ਉਦੋਂ ਤੱਕ ਮੋਰਚਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਸੱਤਪਾਲ ਸਿੰਘ ਸੋਹੀ ਸਹਿਜੜਾ, ਟਿੰਕੂ ਭਦੌੜ, ਰਾਮ ਸਿੰਘ ਸਹਿਣਾ, ਰਾਮ ਸਿੰਘ ਗਹਿਲ, ਕੰਤਾ ਸਿੰਘ ਛੀਨੀਵਾਲ ਖੁਰਦ, ਪੰਮਾ ਫੌਜੀ, ਸਵਰਨ ਸਿੰਘ ਗੋਰਾ, ਜਮੇਰ ਸਿੰਘ, ਬਲੌਰ ਸਿੰਘ, ਦਿਆਲ ਸਿੰਘ ਅਤੇ ਚਰਨਜੀਤ ਸਿੰਘ ਮੂੰਮ ਸਮੇਤ 12 ਪਿੰਡਾਂ ਦੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।