ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਚੋਟੀ ਦੇ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਕੀਤੀ FIR ਨੇ ਬਰਨਾਲਾ ਜ਼ਿਲ੍ਹੇ ਦਾ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੱਤਾਧਾਰੀ ਆਗੂਆਂ ਦੇ ਇਸ਼ਾਰਿਆਂ 'ਤੇ ਕੀਤੀ ਪੁਲਿਸ ਦੀ ਇੱਕ ਧੱਕੇਸ਼ਾਹੀ ਦੇ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਹਫਤੇ ਦੇ ਅੰਦਰ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਕੀਤੀ ਐਫਆਈਆਰ ਰੱਦ ਨਾ ਕੀਤੀ ਗਈ ਤਾਂ ਉਹ ਹਜ਼ਾਰਾਂ ਵਰਕਰਾਂ ਨੂੰ ਨਾਲ ਲੈ ਕੇ ਭੁੱਖ ਹੜਤਾਲ 'ਤੇ ਬੈਠਣਗੇ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਚੋਟੀ ਦੇ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਕੀਤੀ FIR ਨੇ ਬਰਨਾਲਾ ਜ਼ਿਲ੍ਹੇ ਦਾ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੱਤਾਧਾਰੀ ਆਗੂਆਂ ਦੇ ਇਸ਼ਾਰਿਆਂ 'ਤੇ ਕੀਤੀ ਪੁਲਿਸ ਦੀ ਇੱਕ ਧੱਕੇਸ਼ਾਹੀ ਦੇ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ ਇੱਕ ਹਫਤੇ ਦੇ ਅੰਦਰ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਕੀਤੀ ਐਫਆਈਆਰ ਰੱਦ ਨਾ ਕੀਤੀ ਗਈ ਤਾਂ ਉਹ ਹਜ਼ਾਰਾਂ ਵਰਕਰਾਂ ਨੂੰ ਨਾਲ ਲੈ ਕੇ ਭੁੱਖ ਹੜਤਾਲ 'ਤੇ ਬੈਠਣਗੇ।
ਦੱਸ ਦੇਈਏ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਵਿੱਚ ਬਰਨਾਲਾ ਦੇ ਕਾਂਗਰਸੀ ਆਗੂਆਂ ਵਰਕਰਾਂ ਵੱਲੋਂ ਸਥਾਨਕ ਕਚਹਿਰੀ ਚੌਂਕ ਵਿੱਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਸੂਬੇ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1000 ਰੁਪਏ ਪ੍ਰਤੀ ਮਹੀਨਾ ਨਾ ਪਾਉਣ ਦੇ ਰੋਸ ਵਜੋਂ 14 ਮਾਰਚ ਨੂੰ ਇੱਕ ਧਰਨਾ ਦਿੱਤਾ ਗਿਆ ਸੀ। ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਇਸ ਧਰਨਾ ਪ੍ਰਦਰਸ਼ਨ ਨੂੰ ਆਧਾਰ ਬਣਾਉਂਦੇ ਹੋਏ ਥਾਣਾ ਸਿਟੀ 2 ਦੇ ਮੁੱਖ ਅਫਸਰ ਸਬ ਇੰਸਪੈਕਟਰ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਿਟੀ ਥਾਣੇ ਵਿੱਚ 20 ਸੀਨੀਅਰ ਕਾਂਗਰਸੀ ਆਗੂਆਂ ਨੂੰ ਨਾਮਜ਼ਦ ਕਰਕੇ ਅਤੇ 15-20 ਅਣਪਛਾਤੇ ਕਾਂਗਰਸੀ ਵਰਕਰਾਂ 'ਤੇ ਐਫਆਈਆਰ ਦਰਜ ਕੀਤੀ ਗਈ।
ਸਬ ਇੰਸਪੈਕਟਰ ਬਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਐਫਆਈਆਰ ਵਿੱਚ ਪੁਲਿਸ ਨੇ ਦੋਸ਼ ਲਗਾਏ ਹਨ ਕਿ ਐਫਆਈਆਰ ਵਿੱਚ ਦਰਜ ਕਾਂਗਰਸੀ ਆਗੂ ਮੱਖਣ ਸ਼ਰਮਾ, ਮਹੇਸ਼ ਕੁਮਾਰ ਲੋਟਾ, ਨਰਿੰਦਰ ਸ਼ਰਮਾ, ਲੱਕੀ ਕੰਡਾ, ਟਿੰਕੂ ਖਾਨ, ਪਰਮਿੰਦਰ ਸਿੰਘ ਸਮੀ ਅਤੇ ਨਿਰਮਲਜੀਤ ਕੌਰ ਮੈਂਬਰ ਬਲਾਕ ਸੰਮਤੀ ਪੱਖੋਕੇ ਸਮੇਤ 15-20 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਪੁਲਿਸ ਡਿਊਟੀ ਵਿੱਚ ਵਿਘਨ ਪਾਉਣ ਸੜਕ ਰੋਕ ਕੇ ਆਵਾਜਾਈ 'ਚ ਵਿਘਨ ਪਾਉਣ ਦੀਆਂ ਵੱਖ-ਵੱਖ ਧਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਪੁਲਿਸ ਵੱਲੋਂ ਦਰਜ ਕੀਤੀ ਇਸ ਐਫਆਈਆਰ ਸੰਬੰਧੀ ਹੈਰਾਨੀ ਦੀ ਗੱਲ ਹੈ ਕਿ ਪੁਲਿਸ ਨੇ ਇਹ ਐਫਆਈਆਰ 14 ਮਾਰਚ ਨੂੰ ਦਰਜ ਕੀਤੀ ਪਰ ਇਸ ਨੂੰ ਲਗਪਗ ਇੱਕ ਮਹੀਨੇ ਤੱਕ ਚੋਰੀ ਦੇ ਅਸਲੇ ਵਾਂਗ ਲੁਕਾ ਕੇ ਰੱਖਿਆ ਗਿਆ ਅਤੇ ਹੁਣ ਜਦੋਂ ਇਹ ਐਫਆਈਆਰ ਜੱਗ ਜ਼ਾਹਰ ਹੋ ਗਈ ਤਾਂ ਕਾਂਗਰਸੀ ਆਗੂਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਹੈ ਅਤੇ ਉਹਨਾਂ ਨੇ ਇਸ ਮਾਮਲੇ 'ਚ ਬਰਨਾਲਾ ਪੁਲਿਸ ਅਤੇ ਸਤਾਧਾਰੀ ਆਗੂਆਂ ਦੇ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਦਾਅਵਾ ਕੀਤਾ ਕਿ 14 ਮਾਰਚ ਨੂੰ ਕਾਂਗਰਸ ਪਾਰਟੀ ਦਾ ਧਰਨਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਸੀ ਅਤੇ ਕਿਸੇ ਵੀ ਆਗੂ ਅਤੇ ਵਰਕਰ ਨੇ ਕਿਸੇ ਵੀ ਪੁਲਿਸ ਅਫਸਰ ਜਾਂ ਕਿਸੇ ਹੋਰ ਆਮ ਵਿਅਕਤੀ ਨਾਲ ਹੱਥੋਂਪਾਈ ਜਾ ਬਦਸਲੂਕੀ ਨਹੀਂ ਕੀਤੀ।
ਵਿਧਾਇਕ ਢਿੱਲੋਂ ਨੇ ਜ਼ਿਲ੍ਹੇ ਦੇ ਐੱਸਐੱਸਪੀ, ਡੀਐੱਸਪੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਚੈਲੰਜ ਕੀਤਾ ਕਿ ਉਹ ਆਪੋ ਆਪਣੇ ਧਰਮ ਅਨੁਸਾਰ ਕਸਮ ਖਾ ਕੇ ਸਪੱਸ਼ਟ ਕਰਨ ਕਿ ਕਿਸੇ ਵੀ ਕਾਂਗਰਸੀ ਆਗੂ ਨੇ ਧਰਨੇ ਦੌਰਾਨ ਕਿਸੇ ਪੁਲਿਸ ਅਫਸਰ ਨਾਲ ਬਦਸਲੂਕੀ ਕੀਤੀ ਹੋਵੇ। ਵਿਧਾਇਕ ਢਿੱਲੋਂ ਨੇ ਕਿਹਾ ਕਿ ਸੱਤਾਧਾਰੀ ਆਗੂਆਂ ਦੇ ਇਸ਼ਾਰਿਆਂ ’ਤੇ ਪੁਲਿਸ ਦੀ ਇਸ ਧੱਕੇਸ਼ਾਹੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਹ ਐੱਫਆਈਆਰ ਰੱਦ ਕਰਵਾਉਣ ਲਈ ਵੱਡੇ ਪੱਧਰ ’ਤੇ ਸੰਘਰਸ਼ ਕਰਨਗੇ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਦਰਅਸਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਦੇ ਸਰਵੇ ’ਚ ਬਰਨਾਲਾ ਜ਼ਿਲ੍ਹੇ ਦੇ ਤਿੰਨੇ ਹਲਕਿਆਂ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਦੀ ਰਿਪੋਰਟ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਸਥਾਨਕ ਆਗੂ ਬੁਖਲਾਹਟ ਵਿੱਚ ਆ ਕੇ ਇਹੋ ਜਿਹੇ ਝੂਠੇ ਮੁਕੱਦਮੇ ਦਰਜ ਕਰਵਾਉਣ ਵਰਗੀ ਹੇਠਲੇ ਦਰਜੇ ਦੀ ਰਾਜਨੀਤੀ 'ਤੇ ਉਤਰ ਆਏ ਹਨ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਸਿਆਸਤ ਵਿੱਚ ਇਹ ਚੱਲਦਾ ਰਹਿੰਦਾ ਹੈ ਕਿ ਸੱਤਾਧਾਰੀਆਂ ਵੱਲੋਂ ਧੱਕੇਸ਼ਾਹੀ ਕਰਦੇ ਹੋਏ ਝੂਠੇ ਮੁਕੱਦਮੇ ਦਰਜ ਕੀਤੇ ਜਾਂਦੇ ਹਨ ਪਰ ਬਰਨਾਲਾ ਪੁਲਿਸ ਵੱਲੋਂ ਦਰਜ ਕੀਤੀ ਐਫਆਈਆਰ ਵਿੱਚ ਇਹ ਦੁਖਦ ਪੱਖ ਹੈ ਕਿ ਮਹਿਲਾ ਕਾਂਗਰਸ ਦੀਆਂ ਆਗੂਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਵਿਧਾਇਕ ਢਿੱਲੋਂ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਰਨਾਲਾ ਦੇ ਤਿੰਨੋਂ ਹਲਕਿਆਂ 'ਚ ਕਾਂਗਰਸੀ ਆਗੂਆਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਇਹੋ ਜਿਹੇ ਝੂਠੇ ਮੁਕੱਦਮਿਆਂ ਤੋਂ ਘਬਰਾਉਣ ਵਾਲੇ ਨਹੀਂ ਹਨ ਪਰ ਸਥਾਨਕ ਸੱਤਾਧਾਰੀ ਆਗੂਆਂ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਉਹਨਾਂ ਦਾ ਛੇ ਕੁ ਮਹੀਨਿਆਂ ਦਾ ਸਮਾਂ ਰਹਿ ਗਿਆ ਹੈ ਜਿਸ ਤੋਂ ਬਾਅਦ ਇਹਨਾਂ ਨੂੰ ਲੁਕਣ ਲਈ ਥਾਂ ਨਹੀਂ ਲੱਭਣੀ, ਉਹਨਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ 'ਚ ਆਪਣੀ ਮਾੜੀ ਸਿਆਸੀ ਸਥਿਤੀ ਕਾਰਨ ਬੁਖਲਾਹਟ ਵਿੱਚ ਆਏ ਸਥਾਨਕ ਸੱਤਾਧਾਰੀ ਆਗੂਆਂ ਅਤੇ ਸੱਤਾ ਦੀ ਕਠਪੁਤਲੀ ਬਣੇ ਪੁਲਿਸ ਅਫਸਰਾਂ ਨੂੰ ਹੱਥਾਂ ਨਾਲ ਦਿੱਤੀਆਂ ਗੰਢਾਂ ਮੂੰਹ ਨਾਲ ਖੋਲਣੀਆਂ ਪੈਣਗੀਆਂ।